ਭਗਵੰਤ ਮਾਨ ਵੱਲੋਂ ਹਰੇਕ ਖੇਤਰ ਵਿੱਚ ਪੰਜਾਬ ਨੂੰ ਅੱਵਲ ਸੂਬਾ ਬਣਾਉਣ ਦਾ ਸੰਕਲਪ
- ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਕੌਮੀ ਸਰਵੇਖਣ ’ਚ ਪੰਜਾਬ ਨੇ ਪਹਿਲਾ ਦਰਜਾ ਹਾਸਲ ਕੀਤਾ
- ਬੱਚਿਆਂ ਨੂੰ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣੂੰ ਕਰਵਾਇਆ ਜਾਵੇ-ਮੁੱਖ ਮੰਤਰੀ ਵੱਲੋਂ ਅਧਿਆਪਕਾਂ ਨੂੰ ਅਪੀਲ
- ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਹੁਣ ਸੁਰੱਖਿਅਤ ਹੱਥਾਂ ਵਿੱਚ-ਮਨੀਸ਼ ਸਿਸੋਦੀਆ
- ਸੂਬੇ ਦੇ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਲਈ ਪੰਜਾਬ ਸਰਕਾਰ ਦੀ ਸ਼ਲਾਘਾ
ਸੰਗਰੂਰ, 6 ਜੁਲਾਈ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਰਾਹੀਂ ਪੰਜਾਬ ਨੂੰ ਹਰੇਕ ਖੇਤਰ ਵਿੱਚ ਅੱਵਲ ਸੂਬਾ ਬਣਾਉਣ ਦਾ ਸੰਕਲਪ ਲਿਆ।
ਪਰਖ ਰਾਸ਼ਟਰੀਆ ਸਰਵੇਖਣ (ਨੈਸ਼ਨਲ ਅਚੀਵਮੈਂਟ ਸਰਵੇ) ਵਿੱਚ ਪੰਜਾਬ ਦੇ ਸਰਵੋਤਮ ਪ੍ਰਦਰਸ਼ਨ ਦੇ ਮਾਣ ਵਿੱਚ ਰੱਖੇ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ ਅੱਜ ਇਸ ਸਰਵੇਖਣ ਵਿੱਚ ਪਹਿਲੇ ਸਥਾਨ 'ਤੇ ਹੈ ਜਦੋਂ ਕਿ 2017 ਵਿੱਚ ਇਹ 17ਵੇਂ ਸਥਾਨ 'ਤੇ ਸੀ। ਉਨ੍ਹਾਂ ਕਿਹਾ ਕਿ ਅਧਿਆਪਕ ਰਾਸ਼ਟਰ ਦੇ ਨਿਰਮਾਤਾ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਨੰਬਰ ਇੱਕ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀ ਕਰ ਰਿਹਾ ਹੈ ਭਾਵੇਂ ਉਹ ਸਿੱਖਿਆ ਖੇਤਰ ਹੋਵੇ ਜਾਂ ਕੋਈ ਹੋਰ ਖੇਤਰ ਹੋਵੇ।
ਅਧਿਆਪਕਾਂ ਨੂੰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸ਼ਖਸੀਅਤ ਵਿਕਾਸ ਲਈ ਅਜਿਹੇ ਉਪਰਾਲੇ ਕਰਨਾ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵੀ ਸਮੇਂ ਦੀ ਲੋੜ ਹੈ ਕਿ ਵਿਦਿਆਰਥੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਜ਼ਿੰਦਗੀ ਵਿੱਚ ਬੁਲੰਦੀਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਵਿੱਚ ਹੁਨਰ ਵਿਕਾਸ 'ਤੇ ਵਧੇਰੇ ਜ਼ੋਰ ਦੇ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਮਾਣ ਤੇ ਸਤਿਕਾਰ ਨਾਲ ਜ਼ਿੰਦਗੀ ਜਿਊਣ ਦੇ ਯੋਗ ਬਣਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਖੇਤਰ ਸਿਆਸੀ ਪਾਰਟੀਆਂ ਦੇ ਏਜੰਡੇ ਵਿੱਚ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਦਾ ਫਿਕਰ ਨਹੀਂ ਕੀਤਾ ਜਦਕਿ ਇਹ ਖੇਤਰ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਹਰ ਕਦਮ ਆਮ ਆਦਮੀ ਦੀ ਭਲਾਈ ਲਈ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਣੀ ਚਾਹੀਦੀ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵੱਲ ਕਦੇ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਵੱਡੇ ਸਿਆਸੀ ਨੇਤਾਵਾਂ ਦੇ ਪੁੱਤਰ ਅਤੇ ਧੀਆਂ ਪਹਾੜਾਂ ਵਾਲੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ ਜਿਸ ਕਾਰਨ ਸਰਕਾਰੀ ਸਕੂਲਾਂ ਵੱਲ ਉਨ੍ਹਾਂ ਨੇ ਕਦੇ ਵੀ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਬੱਚਿਆਂ ਨੂੰ ਸਿੱਖਿਆ ਦੇਣ ਦੀ ਬਜਾਏ ਸਰਕਾਰੀ ਸਕੂਲ ਸਿਰਫ਼ ਮਿਡ-ਡੇ-ਮੀਲ ਸੈਂਟਰ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਸਕੂਲ ਪੱਧਰ 'ਤੇ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਦੀ ਤਕਦੀਰ ਬਦਲਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ ਜਿਸ ਨੇ ਸਮਾਜਿਕ-ਆਰਥਿਕ ਪਾੜੇ ਨੂੰ ਦੂਰ ਕਰਕੇ ਵਿਦਿਆਰਥੀਆਂ ਦੇ ਜੀਵਨ ਨੂੰ ਬਦਲ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਕਿਉਂਕਿ ਵਿਦਿਆਰਥੀਆਂ ਦੀ ਭਲਾਈ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ।
ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਸਿੱਖਿਆ ਖੇਤਰ ਹੁਣ ਮਹੱਤਵਪੂਰਨ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲਣਗੇ ਅਤੇ ਇਸ ਨਾਲ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ 'ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਧਿਆਨ ਕੇਂਦਰਿਤ ਕਰ ਰਹੀ ਹੈ ਕਿ ਅਧਿਆਪਕਾਂ ਦੀਆਂ ਸੇਵਾਵਾਂ ਦੀ ਵਰਤੋਂ ਕਿਸੇ ਹੋਰ ਕੰਮ ਦੀ ਬਜਾਏ ਸਿਰਫ਼ ਸਿੱਖਿਆ ਦੇ ਉਦੇਸ਼ ਲਈ ਹੀ ਕੀਤੀ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਦਲਾਅ ਵਜੋਂ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ (ਪੀਟੀਐਮ) ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਪਹਿਲਾਂ ਪ੍ਰਾਈਵੇਟ ਸਕੂਲਾਂ ਦਾ ਨਿਰੰਤਰ ਅਭਿਆਸ ਸੀ ਪਰ ਸਰਕਾਰੀ ਸਕੂਲਾਂ ਵਿੱਚ ਗਾਇਬ ਸੀ। ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀਆਂ ਦੀ ਭਲਾਈ ਲਈ ਇਨ੍ਹਾਂ ਸਕੂਲਾਂ ਵਿੱਚ ਅਪਣਾਏ ਜਾ ਰਹੇ ਸਿੱਖਿਆ ਦੇ ਸਭ ਤੋਂ ਵਧੀਆ ਅਭਿਆਸਾਂ ਵਿੱਚੋਂ ਇੱਕ ਹੈ ਕਿਉਂਕਿ ਮਾਪੇ ਤੇ ਅਧਿਆਪਕ, ਵਿਦਿਆਰਥੀਆਂ ਦੀ ਬਿਹਤਰੀ ਲਈ ਆਪਸੀ ਸੰਵਾਦ ਰਚਾਉਣ ਦੇ ਯੋਗ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਇਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਮਾਣਮੱਤੀ ਪ੍ਰਾਪਤੀ ਦਾ ਜ਼ਿਕਰ ਕਰਦਿਆਂ ਕਿ ਨੌਜਵਾਨਾਂ ਨੂੰ 54,000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਇਹ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲੀ ਬਣਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਫੈਸਲਾ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਸੀਨੀਅਰ ਆਪ ਆਗੂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦੇਸ਼ ਵਿੱਚ ਸਿੱਖਿਆ ਮਾਫੀਆ ਦੇ ਰਾਜ ਵਿੱਚ ਸਰਕਾਰੀ ਸਕੂਲਾਂ ਲਈ ਮਿਆਰੀ ਸਿੱਖਿਆ ਮਹਿਜ਼ ਸੁਪਨਾ ਹੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਿੱਖਿਆ ਦਾ ਖੇਤਰ ਪੱਛੜ ਗਿਆ ਸੀ ਕਿਉਂਕਿ ਉਨ੍ਹਾਂ ਨੇ ਅਫਸਰਸ਼ਾਹੀ ਅਤੇ ਸਿਆਸਤਦਾਨਾਂ ਵੱਲੋਂ ਚਲਾਏ ਜਾ ਰਹੇ ਨਿੱਜੀ ਮਾਲਕੀ ਵਾਲੇ ਸਕੂਲਾਂ ਵਿੱਚ ਪੜ੍ਹਾਈ ਨੂੰ ਉਤਸ਼ਾਹਿਤ ਕੀਤਾ ਸੀ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਪੰਜਾਬ ਨੇ ਇਸ ਸ਼ਾਨਦਾਰ ਟੀਚੇ ਨੂੰ ਪ੍ਰਾਪਤ ਕਰਕੇ ਹੈਰਾਨੀਜਨਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲ ਸਫਲਤਾ ਦੀ ਨਵੀਂ ਕਹਾਣੀ ਲਿਖ ਰਹੇ ਹਨ।
ਮਨੀਸ਼ ਸਿਸੋਦੀਆ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਦੇ 24 ਲੱਖ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ ਅਤੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਅਧਿਆਪਕਾਂ, ਪ੍ਰਿੰਸੀਪਲਾਂ ਅਤੇ ਹੋਰ ਸਟਾਫ਼ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਦੇ ਅਨੁਸਾਰ ਸਖ਼ਤ ਮਿਹਨਤ ਕੀਤੀ ਹੈ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਇੱਕ ਵੱਡੀ ਪ੍ਰਾਪਤੀ ਹੈ ਜਿਸ ਲਈ ਹਰ ਭਾਈਵਾਲ ਵਧਾਈ ਦਾ ਹੱਕਦਾਰ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹਾਲੇ ਸ਼ੁਰੂਆਤ ਹੈ ਕਿਉਂਕਿ ਸਿੱਖਿਆ ਖੇਤਰ ਵਿੱਚ ਪੰਜਾਬ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਅਮਨ ਅਰੋੜਾ, ਹਰਜੋਤ ਸਿੰਘ ਬੈਂਸ ਅਤੇ ਬਰਿੰਦਰ ਗੋਇਲ ਸਮੇਤ ਹੋਰ ਹਸਤੀਆਂ ਵੀ ਮੌਜੂਦ ਸਨ।