ਭਾਰਤੀ ਫ਼ੌਜ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੁਫ਼ਤ ਮੈਡੀਕਲ ਕੈਂਪ ਅਤੇ ਰਾਹਤ ਕਾਰਜ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 2 ਸਤੰਬਰ
ਭਾਰਤੀ ਫ਼ੌਜ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀ ਸਹਾਇਤਾ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ। ਭਾਰਤੀ ਫ਼ੌਜ ਵੱਲੋਂ ਹੜ੍ਹ ਪ੍ਰਭਾਵਿਤ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ, ਜਿੱਥੇ ਡਾਕਟਰੀ ਟੀਮਾਂ ਵੱਲੋਂ ਮਰੀਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜ਼ਰੂਰੀ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਹੜ੍ਹ ਕਾਰਨ ਪੈਦਾ ਹੋਈਆਂ ਬਿਮਾਰੀਆਂ ਨੂੰ ਰੋਕਣਾ ਅਤੇ ਪੀੜਤ ਲੋਕਾਂ ਨੂੰ ਤੁਰੰਤ ਚਿਕਿਤਸਾ ਸਹਾਇਤਾ ਪ੍ਰਦਾਨ ਕਰਨਾ ਹੈ। ਇਸ ਦੇ ਨਾਲ ਹੀ ਫ਼ੌਜ ਵੱਲੋਂ ਰਾਹਤ ਕਾਰਜ ਜਾਰੀ ਹਨ, ਜਿਸ ਵਿੱਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ, ਖਾਣ-ਪੀਣ ਦੀਆਂ ਵਸਤਾਂ ਅਤੇ ਪੀਣ ਵਾਲਾ ਸਾਫ਼ ਪਾਣੀ ਪਹੁੰਚਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਭਾਰਤੀ ਫ਼ੌਜ ਦੇ ਅਧਿਕਾਰੀਆਂ ਤੇ ਜਵਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਭਾਰਤੀ ਫ਼ੌਜ ਦੀਆਂ 4 ਟੀਮਾਂ ਵੱਲੋਂ ਬੜੀ ਬਹਾਦਰੀ ਨਾਲ ਬਚਾਅ ਤੇ ਰਾਹਤ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੌਜ ਦਾ ਸਾਥ ਮਿਲਣ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਕਾਰਜ ਚਲਾਉਣ ਵਿੱਚ ਵੱਡੀ ਸਹੂਲਤ ਮਿਲੀ ਹੈ। ਫ਼ੌਜੀ ਅਧਿਕਾਰੀ ਨੇ ਕਿਹਾ ਕਿ ਹੜ੍ਹ ਦੇ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ ਅਤੇ ਰਾਹਤ ਕਾਰਜ ਲਗਾਤਾਰ ਜਾਰੀ ਰਹਿਣਗੇ। ਓਧਰ ਸਥਾਨਕ ਵਸਨੀਕਾਂ ਨੇ ਭਾਰਤੀ ਫ਼ੌਜ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਮੁਸ਼ਕਲ ਵੇਲੇ ਵਿੱਚ ਉਨ੍ਹਾਂ ਦੀ ਮਦਦ ਬਹੁਤ ਸਹਾਈ ਹੋਈ ਹੈ।