ਭਾਰਤ-ਪਾਕਿ ਤਣਾਅ ਦੌਰਾਨ MLA ਰਣਬੀਰ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ
- ਵਿਧਾਇਕ ਨੇ ਲੋਕਾਂ ਨਾਲ ਕੀਤੀ ਗੱਲਬਾਤ
- ਕਿਹਾ, ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਦੇ ਨਾਲ, ਘਬਰਾਉਣ ਦੀ ਨਹੀਂ ਕੋਈ ਲੋੜ
ਫ਼ਿਰੋਜ਼ਪੁਰ, 8 ਮਈ 2025: ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਹਲਾਤਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਇਨ੍ਹਾਂ ਖੇਤਰਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਮੇਸ਼ਾ ਆਪਣੇ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਇਸ ਸਮੇਂ ਘਬਰਾਉਣ ਦੀ ਕੋਈ ਵੀ ਲੋੜ ਨਹੀਂ ਹੈ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਰਹੱਦੀ ਖੇਤਰ ਦੇ ਲੋਕਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅੱਤਵਾਦ ਦੇ ਖਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਪੂਰੇ ਵਿਸ਼ਵ ਵਿੱਚ ਆਪਣੀ ਸੂਰਬੀਰਤਾ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ਤੇ ਮਾਣ ਹੈ। ਇਸ ਮੌਕੇ ਲੋਕਾਂ ਨੇ ਵੀ ਕਿਹਾ ਕਿ ਉਹ ਹਮੇਸ਼ਾ ਤੋਂ ਅਜਿਹੀ ਘੜੀ ਵਿੱਚ ਦੇਸ਼ ਕੌਮ ਲਈ ਮੂਹਰਲੀ ਕਤਾਰ ਵਿੱਚ ਖੜ੍ਹਦੇ ਆਏ ਹਨ ਅੱਗੇ ਵੀ ਜੇਕਰ ਕੋਈ ਔਖਾ ਸਮਾਂ ਆਉਂਦਾ ਹੈ ਤਾਂ ਉਹ ਆਪਣੀ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਣਗੇ।
ਵਿਧਾਇਕ ਅਤੇ ਅਧਿਕਾਰੀਆਂ ਨੇ ਲੋਕਾਂ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ 'ਤੇ ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਨਾ ਹੀ ਅਜਿਹੀ ਕੋਈ ਅਫਵਾਹ ਫੈਲਾਈ ਜਾਵੇ ਜਿਸ ਨਾਲ ਲੋਕਾਂ ਵਿੱਚ ਡਰ ਭੈਅ ਦਾ ਮਾਹੌਲ ਪੈਦਾ ਹੋਵੇ।
ਇਸ ਮੌਕੇ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਸਨ।