ਮਸ਼ਹੂਰ ਪੰਜਾਬੀ ਕਲਾਕਾਰ ਸੋਨੀਆ ਮਾਨ 'ਆਪ' 'ਚ ਸ਼ਾਮਲ
- 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ ਸੋਨੀਆ ਮਾਨ ਹੋਈ ਪਾਰਟੀ 'ਚ ਸ਼ਾਮਲ, ਕੇਜਰੀਵਾਲ ਨੇ ਕੀਤਾ ਸਵਾਗਤ
- ਪੰਜਾਬ ਵਿਚ ਪਾਰਟੀ ਦਾ ਕੰਮ ਦੇਖਦੇ ਹੋਏ ਮੈਂ 'ਆਪ' ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ, ਮੈਨੂੰ ਲੱਗਾ ਕਿ ਸਿਰਫ਼ ਇਹ ਪਾਰਟੀ ਹੀ ਮੈਨੂੰ ਲੋਕਾਂ ਲਈ ਕੰਮ ਕਰਨ ਦਾ ਮੌਕਾ ਦੇ ਸਕਦੀ ਹੈ - ਸੋਨੀਆ ਮਾਨ
ਚੰਡੀਗੜ੍ਹ, 23 ਫਰਵਰੀ 2025 - ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਵਿੱਚ ਵੱਡੀ ਮਜਬੂਤੀ ਮਿਲੀ ਹੈ। ਐਤਵਾਰ ਨੂੰ ਮਸ਼ਹੂਰ ਪੰਜਾਬੀ ਕਲਾਕਾਰ ਸੋਨੀਆ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ ਉਹ ਪਾਰਟੀ 'ਚ ਸ਼ਾਮਲ ਹੋਈ।
ਕੇਜਰੀਵਾਲ ਨੇ 'ਆਪ' ਆਗੂਆਂ ਦੀ ਮੌਜੂਦਗੀ 'ਚ ਰਸਮੀ ਤੌਰ 'ਤੇ ਸੋਨੀਆ ਮਾਨ ਨੂੰ ਪਾਰਟੀ 'ਚ ਸ਼ਾਮਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।
ਸੋਨੀਆ ਮਾਨ ਕੀਰਤੀ ਕਿਸਾਨ ਯੂਨੀਅਨ ਦੇ ਆਗੂ ਸਰਦਾਰ ਬਲਦੇਵ ਸਿੰਘ ਦੀ ਬੇਟੀ ਹੈ। ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਵੀ ਉਨ੍ਹਾਂ ਨੇ ਅਹਿਮ ਭੂਮਿਕਾ ਨਿਭਾਈ ਸੀ। ਉਹ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਵਿੱਚ ਵੀ ਕੰਮ ਕਰ ਰਹੀ ਹਨ। ਉਹ ਸੋਸ਼ਲ ਮੀਡੀਆ ਰਾਹੀਂ ਵੀ ਅਕਸਰ ਸਮਾਜਿਕ-ਰਾਜਨੀਤਿਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਂਦੀ ਰਹਿੰਦੀ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਦੋਵੇਂ ਆਗੂਆਂ ਦੇ ਕੰਮ ਅਤੇ ਸ਼ਖਸੀਅਤ ਤੋਂ ਬਹੁਤ ਪ੍ਰਭਾਵਿਤ ਹਾਂ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ਨੂੰ ਦੇਖਦਿਆਂ ਮੈਂ ‘ਆਪ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਮੈਂ ਮਹਿਸੂਸ ਕੀਤਾ ਕਿ ਸਿਰਫ ਇਹ ਪਾਰਟੀ ਹੀ ਮੈਨੂੰ ਲੋਕਾਂ ਲਈ ਕੰਮ ਕਰਨ ਦਾ ਮੌਕਾ ਪ੍ਰਦਾਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ‘ਆਪ’ ਦੇ ਕਿਸੇ ਵਿਧਾਇਕ ਜਾਂ ਮੰਤਰੀ ਨੂੰ ਕਿਸੇ ਕੰਮ ਬਾਰੇ ਦੱਸਿਆ ਤਾਂ ਉਸ ਨੇ ਪਹਿਲ ਦੇ ਆਧਾਰ ’ਤੇ ਕੀਤਾ।
ਉਨ੍ਹਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਸਿਹਤ ਮੰਤਰੀ ਨੇ ਉਨ੍ਹਾਂ ਦੇ ਕਹਿਣ 'ਤੇ ਪਿੰਡ 'ਚ ਡਰੱਗ ਕਮੇਟੀਆਂ ਬਣਾ ਕੇ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਅੰਦਰ ਸਥਿਤ ਵਿਵੇਕਾਨੰਦ ਹੈਲਥ ਸੈਂਟਰ ਦੀ ਮੁਰੰਮਤ ਕਰਵਾਈ।
ਸੋਨੀਆ ਮਾਨ ਨੇ ਕਿਹਾ ਕਿ 'ਆਪ' ਸਰਕਾਰ 'ਚ ਲੋਕਾਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ 'ਤੇ ਮਿਲ ਰਿਹਾ ਹੈ, ਜਦਕਿ ਪਹਿਲਾਂ ਕਈ ਸਕੀਮਾਂ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਸਨ | ਉਨ੍ਹਾਂ ‘ਆਪ’ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਉਣ ਦੇ ਫੈਸਲੇ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਚੰਗੀ ਰਾਜਨੀਤੀ ਦੀ ਮਿਸਾਲ ਹੈ।