ਮਹਿੰਦਰ ਭਗਤ ਵੱਲੋਂ ਜਲੰਧਰ ਵਿਕਾਸ ਅਥਾਰਟੀ ਨੂੰ ਮਨਜੂਰਸ਼ਦਾ ਕਲੋਨੀਆਂ ’ਚ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼
- ਸਹੂਲਤਾਂ ਨੂੰ ਅਣਗੌਲਿਆਂ ਕਰਨ ਵਾਲੇ ਡਿਵੈਲਪਰਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ
ਜਲੰਧਰ, 17 ਜਨਵਰੀ 2025: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਜਲੰਧਰ ਵਿਕਾਸ ਅਥਾਰਟੀ (ਜੇ.ਡੀ.ਏ.) ਨੂੰ ਹਦਾਇਤ ਕੀਤੀ ਕਿ ਜੇ.ਡੀ.ਏ. ਵੱਲੋਂ ਮਨਜੂਰਸ਼ਦਾ ਕਲੋਨੀਆਂ ਦੇ ਵਾਸੀਆਂ ਲਈ ਸਾਰੀਆਂ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ।
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਇਨ੍ਹਾਂ ਕਲੋਨੀਆਂ ਵਿੱਚ ਸੁਚੱਜੇ ਸੀਵਰੇਜ ਸਿਸਟਮ, ਸਟ੍ਰੀਟ ਲਾਈਟਾਂ, ਸੜਕਾਂ, ਪੀਣ ਵਾਲੇ ਪਾਣੀ ਅਤੇ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।
ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਅਜਿਹੇ ਡਿਵੈਲਪਰਾਂ, ਜੋ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਸਮਰਥ ਰਹੇ ਹਨ, ਖਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜਲੰਧਰ ਵਿਕਾਸ ਅਥਾਰਟੀ ਪਾਸੋਂ ਕੰਪਲੀਸ਼ਨ ਸਰਟੀਫਿਕੇਟ ਪ੍ਰਾਪਤ ਨਾ ਕਰਨ ਵਾਲੇ ਡਿਵੈਲਪਰਾਂ ਨੂੰ ਨੋਟਿਸ ਜਾਰੀ ਕਰਨ ਲਈ ਕਿਹਾ, ਜਿਨ੍ਹਾਂ ਕਰਕੇ ਇਹ ਕਲੋਨੀਆਂ ਨਗਰ ਨਿਗਮ ਜਲੰਧਰ ਨੂੰ ਤਬਦੀਲ ਕਰਨ ਵਿੱਚ ਦੇਰੀ ਹੋਈ ਹੈ।
ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਜੇ.ਡੀ.ਏ. ਨੂੰ ਮਨਜੂਰਸ਼ਦਾ ਕਲੋਨੀਆਂ ਵਿੱਚ ਬੁਨਿਆਦੀ ਸਹੂਲਤਾਂ ਸਬੰਧੀ ਮੁੱਦਿਆਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਜੇ.ਡੀ.ਏ. ਨੂੰ ਇਹ ਵੀ ਹਦਾਇਤ ਕੀਤੀ ਕਿ ਇਨ੍ਹਾਂ ਕਲੋਨੀਆਂ ਦੇ ਵਾਸੀਆਂ ਨੂੰ ਆਪਣੀਆਂ ਸਮੱਸਿਆਂ ਰਿਪੋਰਟ ਕਰਨ ਅਤੇ ਅਸਰਦਾਰ ਢੰਗ ਨਾਲ ਹੱਲ ਕਰਵਾਉਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇ। ਉਨ੍ਹਾਂ ਜੇ.ਡੀ.ਏ. ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਮੁਹੱਈਆ ਨਾ ਕਰਵਾਉਣ ਵਾਲੇ ਅਤੇ ਸਰਕਾਰ ਵਲੋਂ ਨਿਰਧਾਰਿਤ ਮਾਪਦੰਡਾ ਨੂੰ ਪੂਰਾ ਨਾ ਕਰਨ ਕਰਨ ਵਾਲੇ ਪ੍ਰਮੋਟਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਸ੍ਰੀ ਭਗਤ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਸ਼ਹਿਰ ’ਚ ਬਿਜਲੀ ਦੀਆਂ ਲਟਦੀਆਂ ਅਤੇ ਨੰਗੀਆਂ ਤਾਰਾਂ ਤੁਰੰਤ ਠੀਕ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਤਾਰਾਂ ਦੀ ਸੁਚੱਜੀ ਸੰਭਾਲ ਲਈ ਵਿਆਪਕ ਮੁਹਿੰਮ ਚਲਾਈ ਜਾਵੇ।