ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਨਵੇਂ ਚੇਅਰਮੈਨ ਬਣੇ ਜਸਪਾਲ ਸਿੰਘ ਚੇਚੀ
- ਕਿਹਾ, ਕਿਸਾਨਾਂ, ਆੜ੍ਹਤੀਆਂ ਤੇ ਵਪਾਰੀ ਭਾਈਚਾਰੇ ਦੀ ਹਰ ਲੋੜ ਦਾ ਰੱਖਿਆ ਜਾਵੇਗਾ ਧਿਆਨ
ਹੁਸ਼ਿਆਰਪੁਰ, 10 ਮਈ:
ਦਾਣਾ ਮੰਡੀ ਵਿਖੇ ਹੋਏ ਇੱਕ ਸਾਦੇ ਸਮਾਰੋਹ ਦੌਰਾਨ ਅੱਜ ਜਸਪਾਲ ਸਿੰਘ ਚੇਚੀ ਨੇ ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰ ਰਹੇ ਵੀਰ ਸੈਨਿਕਾਂ ਨੂੰ ਨਮਨ ਕੀਤਾ ਤੇ ਉਨ੍ਹਾਂ ਨੂੰ ਸਨਮਾਨ ਭੇਟ ਕੀਤਾ।
ਚੇਚੀ ਨੇ ਕਿਹਾ ਕਿ ਅੱਜ ਦੇਸ਼ ਪਾਕਿਸਤਾਨ ਵੱਲੋਂ ਹੋ ਰਹੇ ਹਮਲਿਆਂ ਦਾ ਸਾਹਮਣਾ ਕਰ ਰਿਹਾ ਹੈ, ਇਸ ਕਰਕੇ ਹਰ ਨਾਗਰਿਕ ਦਾ ਫਰਜ਼ ਹੈ ਕਿ ਉਹ ਏਕਜੁਟ ਹੋ ਕੇ ਦੇਸ਼ ਅਤੇ ਸਮਾਜ ਦੀ ਭਲਾਈ ਲਈ ਕੰਮ ਕਰੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਪੂਰੀ ਪਾਬੰਦੀ ਨਾਲ ਪਾਲਣਾ ਕਰਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੀ ਭੂਮਿਕਾ ਨਿਭਾਉਣ।
ਜਸਪਾਲ ਸਿੰਘ ਚੇਚੀ ਨੇ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਯਕੀਨ ਦਿਵਾਇਆ ਕਿ ਉਹ ਇਸ ਅਹੁਦੇ ਦੀ ਗਰਿਮਾ ਨੂੰ ਬਣਾਏ ਰੱਖਦੇ ਹੋਏ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਕਿਸਾਨਾਂ ਦੇ ਹਿੱਤ ਉਨ੍ਹਾਂ ਦੀ ਪਹਿਲ ਹਨ ਅਤੇ ਉਹ ਹਰ ਪੱਧਰ 'ਤੇ ਕਿਸਾਨਾਂ, ਆੜ੍ਹਤੀਆਂ ਅਤੇ ਵਪਾਰੀਆਂ ਦੇ ਹੱਕਾਂ ਦੀ ਰੱਖਿਆ ਕਰਨਗੇ।
ਚੇਅਰਮੈਨ ਨੇ ਕਿਹਾ ਕਿ ਕਣਕ ਖਰੀਦ ਸੀਜ਼ਨ ਦੇ ਚਲਦਿਆਂ ਮੰਡੀਆਂ ਵਿਚ ਵਿਵਸਥਾ ਉੱਤੇ ਖ਼ਾਸ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੰਡੀ ਵਿੱਚ ਆਉਣ ਵਾਲੇ ਹਰ ਕਿਸਾਨ ਨੂੰ ਪੂਰੀ ਸੁਵਿਧਾ ਅਤੇ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਉਨ੍ਹਾਂ ਦੇ ਮਾਤਾ ਭਜਨ ਕੌਰ, ਭਰਾ ਅਜੇਪਾਲ ਸਿੰਘ ਚੇਚੀ, ਭੈਣਾਂ ਨੀਲਮ ਰਾਣੀ ਤੇ ਪ੍ਰੋਮਿਲਾ ਰਾਣੀ, ਪਤਨੀ ਸੋਨੀਆ ਰਾਣੀ, ਭਾਬੀ ਆਸ਼ਾ ਰਾਣੀ, ਨੰਬਰਦਾਰ ਚੰਨਿਆਣੀ ਖ਼ੁਰਦ ਹੁਸਨ ਲਾਲ ਚੇਚੀ, ਪਵਨ ਕੁਮਾਰ ਤੇ ਹੋਰ ਪਤਵੰਤੇ ਮੌਜੂਦ ਸਨ।
ਇਸੇ ਦੌਰਾਨ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਡਾ. ਇਸ਼ਾਂਕ, ਡਾ. ਜਤਿੰਦਰ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਕਰਮਜੀਤ ਕੌਰ ਅਤੇ ਹੋਰ ਅਹਿਮ ਸ਼ਖਸੀਅਤਾਂ ਨੇ ਪਹੁੰਚ ਕੇ ਨਵ-ਨਿਯੁਕਤ ਚੇਅਰਮੈਨ ਨੂੰ ਵਧਾਈ ਦਿੱਤੀ।