ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਪਟਿਆਲਾ ਜ਼ਿਲ੍ਹਾ ਪੰਜਾਬ ਭਰ ਚੋਂ ਪਹਿਲੇ ਸਥਾਨ ਉਤੇ-ਸਿਹਤ ਮੰਤਰੀ
-ਕਿਹਾ, ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਵਿੱਚ ਵੀ ਪਟਿਆਲਾ ਪੰਜਾਬ ਭਰ ਚੋਂ ਮੋਹਰੀ
-ਹਰ ਪਰਿਵਾਰ ਨੂੰ ਲਾਭ ਦੇਣ ਲਈ ਦੋਵਾਂ ਸਕੀਮਾਂ ਦੀ ਰਜਿਸਟ੍ਰੇਸ਼ਨ ਦੀ ਰੋਜ਼ਾਨਾ ਨਿਗਰਾਨੀ ਕਰਨ ਅਧਿਕਾਰੀ – ਡਾ. ਬਲਬੀਰ ਸਿੰਘ
-ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ
ਪਟਿਆਲਾ, 17 ਅਪ੍ਰੈਲ:
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਸਿਹਤ ਮੰਤਰੀ ਨੇ ਦੱਸਿਆ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਪਟਿਆਲਾ ਪਹਿਲੇ ਸਥਾਨ ਉਤੇ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਵਿੱਚ ਵੀ ਪਟਿਆਲਾ ਮੋਹਰੀ ਹੈ ਤੇ ਇਹ ਜ਼ਿਲ੍ਹਾ ਦੂਜੇ ਸਥਾਨ ਉਤੇ ਹੈ।
ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣ ਦਾ ਜਾਇਜ਼ਾ ਲਿਆ ਅਤੇ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਸਰਕਾਰੀ ਵਿਭਾਗਾਂ ਦੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੇ ਸਿਹਤ ਕਾਰਡ ਬਣਵਾਏ ਜਾਣ ਤੇ ਇਸ ਯੋਜਨਾ ਦਾ ਲਾਭ ਹੇਠਲੇ ਪੱਧਰ ਉਤੇ ਪਹੁੰਚਾਉਣ ਲਈ ਵੱਧ ਤੋਂ ਵੱਧ ਲੋਕਾਂ ਦੇ ਸਿਹਤ ਕਾਰਡ ਬਣਵਾਏ ਜਾਣ।
ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਇਲਾਜ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੇ ਲਾਗੂਕਰਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲਾਭਪਾਤਰੀ ਕਵਰ ਕੀਤੇ ਜਾਣ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਰੋਜ਼ਾਨਾ ਇਸ ਯੋਜਨਾ ਦੇ ਕਾਰਡ ਬਣਾਉਣ ਦਾ ਜਾਇਜ਼ਾ ਲੈ ਰਹੇ ਹਨ, ਇਸ ਲਈ ਇਸ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ, ਯੋਗ ਲਾਭਪਾਤਰੀਆਂ ਨੂੰ ਪੰਜ ਮਰਲੇ ਰਿਹਾਇਸ਼ੀ ਪਲਾਟਾਂ ਦੀ ਵੰਡ ਸਮੇਤ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਕਿ ਭਾਦਸੋਂ ਰੋਡ ਉਤੇ ਟਿਵਾਣਾ ਚੌਂਕ ਨੂੰ ਚੌੜਾ ਕਰਕੇ ਇੱਥੇ ਟ੍ਰੈਫਿਕ ਵਿਘਨ ਦੀ ਸਮੱਸਿਆ ਦਾ ਹੱਲ ਕੀਤਾ ਜਾਵੇ।ਇਸ ਤੋਂ ਬਿਨ੍ਹਾਂ ਸ਼ਹਿਰ ਵਿੱਚ ਐਲ ਐਂਡ ਟੀ ਵੱਲੋਂ ਪਾਇਪਾਂ ਪਾਉਣ ਲਈ ਪੁੱਟੀਆਂ ਸੜਕਾਂ ਦੀ ਮੁਰੰਮਤ ਵੀ ਤੁਰੰਤ ਕੀਤੀ ਜਾਵੇ।
ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੂੰ ਸਾਰੀਆਂ ਸਬੰਧਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਿਹਤ ਮੰਤਰੀ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸਾਰੀਆਂ ਹਦਾਇਤਾਂ ਸਮਾਂਬੱਧ ਅਤੇ ਨਤੀਜਾ-ਮੁਖੀ ਢੰਗ ਨਾਲ ਲਾਗੂ ਕੀਤੀਆਂ ਜਾਣਗੀਆਂ।
ਮੀਟਿੰਗ ਵਿੱਚ ਪੀ.ਡੀ.ਏ ਦੇ ਸੀ.ਏ ਅਪਰਨਾ ਐਮ.ਬੀ., ਇੰਪੂਰਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਪੀ.ਆਰ.ਟੀ.ਸੀ. ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਜਸਬੀਰ ਗਾਂਧੀ, ਬਲਾਕ ਸੰਮਤੀ ਮੈਂਬਰ ਅਮਨ ਭੁੱਲਰ, ਸੁਰੇਸ਼ ਰਾਏ, ਵੇਦ ਕਪੂਰ, ਚਿੰਟੂ ਨਾਸਰਾ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ, ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਸੰਯੁਕਤ ਕਮਿਸ਼ਨਰ ਮਨਰੀਤ ਰਾਣਾ, ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਸਮੇਤ ਹੋਰ ਸੀਨੀਅਰ ਜ਼ਿਲ੍ਹਾ ਅਧਿਕਾਰੀ ਸ਼ਾਮਲ ਹੋਏ।
Click to Follow Babushahi Facebook page →