ਮਾਸਟਰਾਂ ਨੂੰ ਨਹੀਂ ਮਿਲੀ ਫਰਵਰੀ ਦੀ ਤਨਖਾਹ ਕਹਿੰਦੇ ਹੁਣ ਰੋਕਾਂਗੇ ਪੰਜਾਬ ਸਰਕਾਰ ਦੇ ਰਾਹ
ਅਸ਼ੋਕ ਵਰਮਾ
ਬਠਿੰਡਾ , 18 ਮਾਰਚ 2026 : ਡੈਮੋਕਰੇਟਿਕ ਟੀਚਰ ਫਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਠਿੰਡਾ ਨੇ 18 ਤਰੀਕ ਹੋ ਜਾਣ ਦੇ ਬਾਵਜੂਦ ਫਰਵਰੀ ਮਹੀਨੇ ਦੀ ਤਨਖਾਹ ਜਾ ਰਹੀ ਨਾ ਕਰਨ ਖਿਲਾਫ ਤਿੱਖੇ ਤੇਵਰ ਦਿਖਾਉਂਦਿਆਂ ਪੰਜਾਬ ਸਰਕਾਰ ਨੂੰ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ।ਡੀਟੀਐਫ ਬਠਿੰਡਾ ਦੇ ਪ੍ਰਧਾਨ ਬਲਜਿੰਦਰ ਸਿੰਘ ਅਤੇ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਤਨਖਾਹ ਦਾ ਬਜਟ ਸਮੇਂ ਸਿਰ ਜਾਰੀ ਨਾ ਕਰਨ ਕਾਰਨ ਬਠਿੰਡਾ ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਐਨ.ਪੀ.ਐਸ ਅਧੀਨ ਕੰਮ ਕਰਦੇ ਅਧਿਆਪਕ ਹੁਣ ਤੱਕ ਤਨਖਾਹ ਤੋਂ ਵਾਂਝੇ ਹਨ। ਇਹਨਾਂ ਅਧਿਆਪਕਾਂ ਲਈ ਮਾਰਚ ਮਹੀਨੇ ਦੀ ਤਨਖਾਹ ਜਾਰੀ ਕਰਨ ਲਈ 12 ਕਰੋੜ 76 ਲੱਖ ਰੁਪਏ ਤਨਖਾਹ ਦਾ ਬਜਟ ਲੋੜੀਦਾ ਸੀ। ਜ਼ਿਲ੍ਹੇ ਵਿੱਚ ਅਧਿਆਪਕ ਜਥੇਬੰਦੀਆਂ ਵੱਲੋਂ ਡੈਪੂਟੇਸ਼ਨ ਅਤੇ ਧਰਨੇ ਲਾ ਕੇ ਤਨਖਾਹ ਜਾਰੀ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਆਰਥਿਕ ਹਾਲਤ ਅਜਿਹੀ ਹੈ ਕਿ ਅੱਜ ਮਿਤੀ 18 ਮਾਰਚ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਠਿੰਡਾ ਨੂੰ 6 ਕਰੋੜ 38 ਲੱਖ ਰੁਪਏ ਦਾ ਬਜਟ ਹੀ ਜਾਰੀ ਕੀਤਾ ਗਿਆ ਹੈ। ਜਿਸ ਨਾਲ ਸਾਰੇ ਅਧਿਆਪਕਾਂ ਨੂੰ ਫਰਵਰੀ ਮਹੀਨੇ ਦੀ ਤਨਖਾਹ ਦੇਣੀ ਅਸੰਭਵ ਹੈ। ਜਥੇਬੰਦੀ ਦੇ ਮੀਤ ਪ੍ਰਧਾਨ ਵਿਕਾਸ ਗਰਗ, ਜਥੇਬੰਦਕ ਸਕੱਤਰ ਕੁਲਵਿੰਦਰ ਵਿਰਕ, ਵਿੱਤ ਸਕੱਤਰ ਅਨਿਲ ਭੱਟ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੂਆਣਾ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਸੈਂਕੜੇ ਅਧਿਆਪਕ ਸਮੇਂ ਸਿਰ ਤਨਖਾਹ ਨਾ ਮਿਲਣ ਕਾਰਨ ਆਪਣੀ ਹੋਮ ਲੋਨ ਦੀਆਂ ਕਿਸਤਾਂ ਅਤੇ ਹੋਰ ਖਰਚੇ ਪੂਰੇ ਨਾ ਹੋਣ ਕਾਰਨ ਆਰਥਿਕ ਤੰਗੀ ਵਿੱਚ ਗੁਜਰਨ ਦੇ ਨਾਲ ਨਾਲ ਮਾਨਸਿਕ ਪਰੇਸ਼ਾਨੀ ਵਿੱਚ ਵੀ ਹਨ।
ਜਥੇਬੰਦੀ ਦੇ ਆਗੂਆਂ ਭੁਪਿੰਦਰ ਸਿੰਘ ਮਾਈਸਰਖਾਨਾ, ਭੋਲਾ ਰਾਮ, ਰਾਜਵਿੰਦਰ ਸਿੰਘ ਜਲਾਲ , ਬਲਕਰਨ ਸਿੰਘ ਕੋਟਸ਼ਮੀਰ ਨੇ ਦੱਸਿਆ ਕਿ ਜਥੇਬੰਦੀ ਵੱਲੋਂ 19 ਮਾਰਚ ਨੂੰ ਹੋਰਨਾਂ ਅਧਿਆਪਕ ਜਥੇਬੰਦੀਆਂ ਦੇ ਨਾਲ ਅਧਿਆਪਕਾਂ ਦੀ ਤਨਖਾਹ ਜਾਰੀ ਕਰਵਾਉਣ ਲਈ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਵੱਡੇ ਵਫ਼ਦ ਦੇ ਰੂਪ ਵਿੱਚ ਮਿਲਿਆ ਜਾਵੇਗਾ। ਉਹਨਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਜਲਦੀ ਬਜਟ ਜਾਰੀ ਨਾ ਕੀਤਾ ਗਿਆ ਤਾਂ ਜਥੇਬੰਦੀ ਕਰੜੇ ਸੰਘਰਸ਼ ਦੀ ਰੂਪ ਰੇਖਾ ਉਲੀਕਕੇ ਤਿੱਖਾ ਸੰਘਰਸ਼ ਵਿੱਢੇਗੀ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Click to Follow Babushahi Facebook page →