ਮੁੱਖ ਮੰਤਰੀ ਸਿਹਤ ਯੋਜਨਾ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ-ਜਗਰੂਪ ਸਿੰਘ ਸੇਖਵਾਂ
ਕਿਹਾ-10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਵਾਲੀ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ
ਰੋਹਿਤ ਗੁਪਤਾ
ਕਾਦੀਆਂ/ਗੁਰਦਾਸਪੁਰ, 23 ਜਨਵਰੀ
ਕਾਦੀਆਂ ਦੇ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਸੂਬੇ ਵਿੱਚ
10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਦੇਣ ਵਾਲੀ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ , ਜਿਸਦਾ ਆਗਾਜ਼ ਕਰ ਦਿੱਤਾ ਗਿਆ ਹੈ।
ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਤੀ 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਕੇ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਅਧੀਨ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਤੋਂ ਇਸ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਦਾ ਪੂਰਾ ਲਾਭ ਮਿਲੇਗਾ।
ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ ਦਾ ਹੱਕ ਹੈ ਅਤੇ ਕੋਈ ਵੀ ਪਰਿਵਾਰ ਇਸ ਤੋਂ ਵੰਚਿਤ ਨਹੀਂ ਰਹੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਸਰਕਾਰੀ ਦੇ ਨਾਲ-ਨਾਲ ਪ੍ਰਾਈਵੇਟ ਐਮਪੈਨਲ ਹਸਪਤਾਲਾਂ ਵਿੱਚ ਵੀ ਇਲਾਜ ਦੀ ਸੁਵਿਧਾ ਉਪਲਬਧ ਹੋਵੇਗੀ, ਜਿਸ ਨਾਲ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਿਹਤ ਖੇਤਰ ਵਿੱਚ ਇਕ ਨਵਾਂ ਮੀਲ ਪੱਥਰ ਸਾਬਤ ਹੋਵੇਗੀ। ਇਸ ਨਾਲ ਨਾ ਸਿਰਫ਼ ਹਰ ਪਰਿਵਾਰ ਨੂੰ ਮੁਫ਼ਤ ਅਤੇ ਗੁਣਵੱਤਾ ਭਰਪੂਰ ਇਲਾਜ ਦੀ ਗਰੰਟੀ ਮਿਲੇਗੀ, ਸਗੋਂ ਲੋਕਾਂ ਦਾ ਸਰਕਾਰੀ ਸਿਹਤ ਪ੍ਰਣਾਲੀ ‘ਤੇ ਭਰੋਸਾ ਵੀ ਹੋਰ ਮਜ਼ਬੂਤ ਹੋਵੇਗਾ।