ਮੇਅਰ ਪਦਮਜੀਤ ਸਿੰਘ ਮਹਿਤਾ ਨੇ ਔਰਤਾਂ ਹੱਥੋਂ ਕਰਵਾਈ ਇੰਟਰਲਾਕਿੰਗ ਟਾਈਲਾਂ ਲਾਉਣ ਦੀ ਸ਼ੁਰੂਆਤ
ਅਸ਼ੋਕ ਵਰਮਾ
ਬਠਿੰਡਾ, 4 ਫ਼ਰਵਰੀ 2026 : ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੁਲਾਰਾ ਦਿੰਦੇ ਹੋਏ, ਬਠਿੰਡਾ ਨਗਰ ਨਿਗਮ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰ. 13 ਵਿੱਚ ਕੈਂਟ ਰੋਡ, ਰਿੰਗ ਰੋਡ ਨੇੜੇ ਰਾਮਲੀਲਾ ਗਰਾਊਂਡ ਵਿਖੇ ਲਗਭਗ 5 ਕਰੋੜ ਰੁਪਏ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ, ਮੇਅਰ ਨੇ ਵਾਰਡ ਦੀਆਂ ਮਾਤਾਵਾਂ ਅਤੇ ਭੈਣਾਂ ਹੱਥੋਂ ਟੱਕ ਲਗਵਾਕੇ ਕੰਮ ਦਾ ਰਸਮੀ ਉਦਘਾਟਨ ਕੀਤਾ।
ਇਸ ਦੌਰਾਨ ਸ਼੍ਰੀ ਅੰਮ੍ਰਿਤਪਾਲ ਸਿੰਘ ਪਾਲੀ, ਸ੍ਰੀ ਗੁਰਬਿੰਦਰ ਸਿੰਘ, ਸ੍ਰੀ ਮਨਜੀਤ ਮੌੜ ਅਤੇ ਸ੍ਰੀ ਵਰਿੰਦਰ ਦੀ ਅਗਵਾਈ ਹੇਠ ਆਯੋਜਿਤ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਲਗਭਗ 15 ਸਾਲਾਂ ਬਾਅਦ ਇਸ ਖੇਤਰ ਵਿੱਚ ਇੰਟਰਲਾਕਿੰਗ ਟਾਈਲਾਂ ਦਾ ਕੰਮ ਸ਼ੁਰੂ ਹੋਇਆ ਹੈ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਕਾਇਆ ਕਲਪ ਹੋਵੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ਨੂੰ ਸਮੱਸਿਆ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਸਰਕਾਰ ਆਮ ਲੋਕਾਂ ਦੇ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ 'ਤੇ ਜ਼ੋਰ ਦਿੰਦੇ ਹੋਏ ਮੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਸ਼ੁਰੂ ਕੀਤੀ ਹੈ ਅਤੇ ਜਲਦੀ ਹੀ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾਵੇਗਾ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਪੰਜਾਬੀਆਂ ਦੀਆਂ ਤਕਲੀਫਾਂ ਨੂੰ ਸਮਝਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਪੰਜਾਬੀਆਂ ਦੇ ਪੁੱਤਰ ਵਾਂਗ ਸੇਵਾ ਕਰ ਰਹੇ ਹਨ। ਮੇਅਰ ਨੇ ਕਿਹਾ ਕਿ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਿਹਤਮੰਦ ਅਤੇ ਤੰਦਰੁਸਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਏਗੀ।