ਮੰਤਰੀ ਅਰੋੜਾ ਪੰਜਾਬ 'ਚ ਉਦਯੋਗਿਕ ਵਿਕਾਸ ਅਤੇ ਵੱਧ ਤੋਂ ਵੱਧ ਨਿਵੇਸ਼ ਆਕਰਸ਼ਿਤ ਕਰਨ 'ਤੇ ਕਰਨਗੇ ਧਿਆਨ ਕੇਂਦਰਿਤ
ਲੁਧਿਆਣਾ, 4 ਜੁਲਾਈ, 2025: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਲੁਧਿਆਣਾ ਦੇ ਪਹਿਲੇ ਦੌਰੇ 'ਤੇ ਅੱਜ ਸ਼ਾਮ ਸੰਜੀਵ ਅਰੋੜਾ ਨੂੰ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।
ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਦੇ ਲੋਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ।
ਮੀਡੀਆ ਨੂੰ ਸੰਬੋਧਨ ਕਰਦਿਆਂ ਮੰਤਰੀ ਅਰੋੜਾ ਨੇ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੈਬਨਿਟ ਅਹੁਦੇ ਦੀ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਵਿਆਪਕ ਉਦਯੋਗਿਕ ਵਿਕਾਸ ਅਤੇ ਵੱਧ ਤੋਂ ਵੱਧ ਨਿਵੇਸ਼ ਆਕਰਸ਼ਿਤ ਕਰਨ 'ਤੇ ਧਿਆਨ ਕੇਂਦਰਿਤ ਕਰਨਗੇ।
ਸਵਾਲਾਂ ਦੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਕਈ ਉਦਯੋਗਿਕ ਮੁੱਦਿਆਂ ਦਾ ਹੱਲ ਕੀਤਾ ਗਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਸਾਰੇ ਲੰਬਿਤ ਮਾਮਲਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਨਵੇਂ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
ਲੁਧਿਆਣਾ ਦੇ ਉਦਯੋਗਪਤੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਉਜਾਗਰ ਕਰਦੇ ਹੋਏ ਅਰੋੜਾ ਨੇ ਕਿਹਾ ਕਿ ਸ਼ਹਿਰ ਵਿੱਚ ਪ੍ਰਦਰਸ਼ਨੀ ਕੇਂਦਰ ਸਥਾਪਤ ਕਰਨ ਲਈ ਢੁਕਵੀਂ ਜ਼ਮੀਨ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਦਯੋਗਿਕ ਖੇਤਰ ਨੂੰ ਉਤਸ਼ਾਹਿਤ ਕਰਨ ਨਾਲ ਟੈਕਸ ਮਾਲੀਆ ਵੀ ਵਧੇਗਾ।
ਹਲਵਾਰਾ ਹਵਾਈ ਅੱਡੇ ਦੀ ਸਥਿਤੀ ਬਾਰੇ ਮੰਤਰੀ ਨੇ ਕਿਹਾ ਕਿ ਹਵਾਈ ਅੱਡਾ ਪੂਰੀ ਤਰ੍ਹਾਂ ਤਿਆਰ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਪ੍ਰਵਾਨਗੀ ਮਿਲਦੇ ਹੀ ਹਲਵਾਰਾ ਹਵਾਈ ਅੱਡਾ ਕਾਰਜਸ਼ੀਲ ਹੋ ਜਾਵੇਗਾ।
ਐਨਆਰਆਈ ਮਾਮਲਿਆਂ ਬਾਰੇ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਮੰਗਲਵਾਰ ਨੂੰ ਇੱਕ ਵਿਭਾਗੀ ਮੀਟਿੰਗ ਹੋਣ ਵਾਲੀ ਹੈ। ਉਨ੍ਹਾਂ ਨੇ ਐਨਆਰਆਈਜ਼ ਲਈ ਸਮੇਂ ਸਿਰ ਅਤੇ ਮੁਸ਼ਕਲ ਰਹਿਤ ਸੇਵਾਵਾਂ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੁਹਰਾਈ।
ਇਸ ਮੌਕੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ ਵੀ ਮੌਜੂਦ ਸਨ।