ਰਾਜ ਚੋਣ ਕਮਿਸ਼ਨ ਵੱਲੋਂ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀਆਂ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ
ਰੋਹਿਤ ਗੁਪਤਾ
ਗੁਰਦਾਸਪੁਰ, 06 ਫਰਵਰੀ 2025 - ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਅਗਾਮੀ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ-2025 ਦੀਆਂ ਵੋਟਰ ਸੂਚੀਆਂ ਨੂੰ ਯੋਗਤਾ ਮਿਤੀ 01 ਮਾਰਚ 2025 ਦੇ ਅਧਾਰ `ਤੇ ਅਪਡੇਟ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ, ਗੁਰਦਾਸਪੁਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਗ੍ਰਾਮ ਪੰਚਾਇਤ ਚੋਣਾਂ ਵੇਲੇ 4 ਸਤੰਬਰ 2024 ਨੂੰ ਪ੍ਰਕਾਸ਼ਿਤ ਵੋਟਰ ਸੂਚੀਆਂ ਨੂੰ ਅਧਾਰ ਮੰਨ ਨੇ 10 ਫਰਵਰੀ 2025 ਨੂੰ ਡਰਾਫਟ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮਿਤੀ 11 ਫਰਵਰੀ 2025 ਤੋਂ 18 ਫਰਵਰੀ 2025 ਤੱਕ ਇਨ੍ਹਾਂ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ ਲਏ ਜਾਣਗੇ। ਉਨ੍ਹਾਂ ਕਿਹਾ ਕਿ 27 ਫਰਵਰੀ 2025 ਤੱਕ ਦਾਅਵੇ ਤੇ ਇਤਰਾਜਾਂ ਨੂੰ ਦੂਰ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਫਾਈਨਲ ਵੋਟਰ ਸੂਚੀਆਂ 3 ਮਾਰਚ 2025 ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਮਿਤੀ 14 ਫਰਵਰੀ (ਸ਼ੁਕਰਵਾਰ) ਅਤੇ 15 ਫਰਵਰੀ (ਸ਼ਨੀਵਾਰ) ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਨਵੀਆਂ ਵੋਟਾਂ ਬਨਾਉਣ, ਕੱਟਣ ਅਤੇ ਸੋਧ ਕਰਨ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹੇ ਦੇ ਪੇਂਡੂ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਲਿਸਟਾਂ ਦੀ ਸੁਧਾਈ ਬਾਰੇ ਜਾਰੀ ਪ੍ਰੋਗਰਾਮ ਅਨੁਸਾਰ ਆਪਣੀਆਂ ਨਵੀਆਂ ਵੋਟਾਂ ਬਣਵਾ ਜਾਂ ਸੋਧ ਕਰਵਾ ਸਕਦੇ ਹਨ।