ਰਾਵੀ ਦਰਿਆ ਦੇ ਪਾਰ ਵਸਦੇ ਸਰਹੱਦੀ ਪਿੰਡਾਂ ਦੀਆਂ ਮੁਸ਼ਕਲਾਂ ਅਤੇ ਪ੍ਰਸ਼ਾਸਨਿਕ ਅਣਗਹਿਲੀ ਵਿਰੁੱਧ ਰੋਸ
ਰੋਹਿਤ ਗੁਪਤਾ
ਗੁਰਦਾਸਪੁਰ : ਗੁਰਦਾਸਪੁਰ ਰਾਵੀ ਦਰਿਆ ਦੇ ਪਾਰ ਵਸਦੇ ਦਰਜਨ ਦੇ ਕਰੀਬ ਸਰਹੱਦੀ ਪਿੰਡਾਂ ਦੇ ਨਿਵਾਸੀ ਅੱਜ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਪਿੰਡਾਂ ਦੇ ਨੁਮਾਇੰਦਿਆਂ ਗੁਰਸਰਨ ਸਿੰਘ ਅਤੇ ਸਤਨਾਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਰਿਆ 'ਤੇ ਪੱਕਾ ਪੁਲ ਨਾ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦਰਿਆ ਪਾਰ ਵਸਦੇ ਲੋਕਾਂ ਲਈ ਆਉਣ-ਜਾਣ ਦਾ ਇਕੋ-ਇਕ ਸਾਧਨ ਬੇੜੀ ਹੈ। ਬਰਸਾਤ ਦੇ ਦਿਨਾਂ ਵਿੱਚ ਜਦੋਂ ਦਰਿਆ ਦਾ ਪੱਧਰ ਵੱਧ ਜਾਂਦਾ ਹੈ, ਤਾਂ ਇਹ ਸੰਪਰਕ ਬਿਲਕੁਲ ਟੁੱਟ ਜਾਂਦਾ ਹੈ। ਜਿਸ ਕਾਰਨ ਲੋਕ ਆਪਣੇ ਹੀ ਘਰਾਂ ਵਿੱਚ ਕੈਦ ਹੋ ਕੇ ਰਹਿ ਜਾਂਦੇ ਹਨ।
ਇਲਾਕੇ ਵਿੱਚ ਕੋਈ ਵਧੀਆ ਹਸਪਤਾਲ ਜਾਂ ਸਕੂਲ ਨਹੀਂ ਹੈ। ਐਮਰਜੈਂਸੀ ਦੀ ਹਾਲਤ ਵਿੱਚ ਮਰੀਜ਼ ਨੂੰ ਦਰਿਆ ਪਾਰ ਕਰਵਾ ਕੇ ਸ਼ਹਿਰ ਲਿਜਾਣਾ ਇਕ ਵੱਡੀ ਚੁਣੌਤੀ ਬਣ ਜਾਂਦਾ ਹੈ, ਜਿਸ ਕਾਰਨ ਕਈ ਵਾਰ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ। ਕਿਸਾਨਾਂ ਨੂੰ ਆਪਣੀ ਫਸਲ ਮੰਡੀ ਤੱਕ ਪਹੁੰਚਾਉਣ ਲਈ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਬੇੜੀਆਂ ਰਾਹੀਂ ਟਰੈਕਟਰ-ਟਰਾਲੀਆਂ ਲੰਘਾਉਣਾ ਜੋਖਮ ਭਰਿਆ ਕੰਮ ਹੈ। ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਚੋਣਾਂ ਵੇਲੇ ਸਿਆਸੀ ਆਗੂ ਵੱਡੇ-ਵੱਡੇ ਵਾਅਦੇ ਕਰਦੇ ਹਨ, ਪਰ ਜਿੱਤਣ ਤੋਂ ਬਾਅਦ ਕੋਈ ਵੀ ਸਾਰ ਨਹੀਂ ਲੈਂਦਾ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਇਸ ਸਰਹੱਦੀ ਖੇਤਰ ਦੀ ਹਾਲਤ ਅੱਜ ਵੀ ਦਹਾਕਿਆਂ ਪੁਰਾਣੀ ਹੈ।ਪਿੰਡ ਵਾਸੀਆਂ ਨੇ ਸਾਂਝੇ ਤੌਰ 'ਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਹੀ ਦਰਿਆ 'ਤੇ ਪੱਕੇ ਪੁਲ ਦਾ ਨਿਰਮਾਣ ਸ਼ੁਰੂ ਨਾ ਕੀਤਾ ਗਿਆ ਅਤੇ ਇਲਾਕੇ ਦੀਆਂ ਬੁਨਿਆਦੀ ਸਹੂਲਤਾਂ ਵੱਲ ਧਿਆਨ ਨਾ ਦਿੱਤਾ ਗਿਆ, ਤਾਂ ਉਹ ਆਉਣ ਵਾਲੀਆਂ ਚੋਣਾਂ ਦਾ ਬਾਈਕਾਟ ਕਰਨਗੇ ਅਤੇ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ।
ਇਸ ਸਬੰਧੀ pwd ਦੇ ਐਸਡੀਓ ਰਜਿੰਦਰ ਨਾਲ ਜਦੋਂ ਫੋਨ ਤੇ ਗੱਲਬਾਤ ਕੀਤੀ ਗਈ ਤਾਂ ਉਹਨਾਂ ਵੱਲੋਂ ਦੱਸਿਆ ਗਿਆ ਕਿ ਲੋਕਾਂ ਨੂੰ ਇਸ ਪੁੱਲ ਕਰਨਾ ਬਹੁਤ ਹੀ ਮੁਸ਼ਕਿਲਾਂ ਆ ਰਹੀਆਂ ਹਨ ਜਲਦੀ ਹੀ ਇਸ ਦਾ ਨਿਰਮਾਣ ਕੀਤਾ ਜਾਵੇਗਾ ਇਹ ਸਾਰਾ ਮਸਲਾ ਸਾਡੇ ਧਿਆਨ ਵਿੱਚ ਆ ਚੁੱਕਾ ਹੈ। ਅਤੇ ਜਲਦ ਤੋਂ ਜਲਦ ਇਸ ਪੁੱਲ ਦਾ ਨਿਰਮਾਣ ਕੀਤਾ ਜਾਏਗਾ।
Click to Follow Babushahi Facebook page →