ਲਿੰਕ ਸੜਕਾਂ ਦੀ ਹਾਲਤ ਬਦ ਤੋਂ ਬਦਤਰ : ਅਰਵਿੰਦ ਖੰਨਾ
ਸੜਕਾਂ ਦੇ ਪ੍ਰੋਜੈਕਟ ਵਾਪਸੀ ਨੇ ਪੰਜਾਬ ਦੀ ਕਰਵਾਈ ਰਾਸ਼ਟਰੀ ਪੱਧਰ 'ਤੇ ਕਿਰਕਿਰੀ : ਅਰਵਿੰਦ ਖੰਨਾ
ਆਪ ਵਿਧਾਇਕ ਆਪਣੇ ਇਲਾਕੇ ਦੀਆਂ ਲਿੰਕ ਸੜਕਾਂ ਦੀ ਮੌਜੂਦਾਂ ਹਾਲਾਤਾਂ ਤੋਂ ਬੇਖ਼ਬਰ: ਅਰਵਿੰਦ ਖੰਨਾ
ਚੰਡੀਗੜ੍ਹ, 17 ਅਗਸਤ 2025 :: ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਨੂੰ ਬੇਹਤਰੀਨ ਸੜਕ ਸਹੂਲਤਾਂ ਦੇਣ ਲਈ ਕੇਂਦਰ ਵੱਲੋਂ ਦਿੱਤੇ 800 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ ਹੋਣ ਨਾਲ ਰਾਸ਼ਟਰੀ ਪੱਧਰ 'ਤੇ ਸੂਬੇ ਦੀ ਕਿਰਕਿਰੀ ਹੋਈ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸੂਬੇ ਦੀਆਂ 64 ਸੜਕਾਂ ਨੂੰ ਅੱਪਗ੍ਰੇਡ ਕਰਨ ਅਤੇ 38 ਪੁਲਾਂ ਨੂੰ ਬਣਾਉਣ ਦੀ ਮਨਜ਼ੂਰੀ ਦਿੱਤੀ ਸੀ, ਪਰ ਸੂਬੇ ਦੀ ਸਭ ਤੋਂ ਨਖਿੱਧ ਸਾਬਿਤ ਹੋਈ ਆਮ ਆਦਮੀ ਦੀ ਸਰਕਾਰ ਇੰਨ੍ਹਾਂ ਪ੍ਰੋਜੈਕਟਾਂ ਨੂੰ ਨੇਪਰੇ ਚੜ੍ਹਵਾਉਣ ਵਿੱਚ ਅਸਫ਼ਲ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਿਰਧਾਰਿਤ ਸਮੇਂ ਦੌਰਾਨ ਇੰਨ੍ਹਾਂ ਪ੍ਰੋਜੈਕਟਾਂ ਲਈ ਟੈਂਡਰ ਹੀ ਨਹੀਂ ਜਾਰੀ ਕਰ ਸਕੀ।
ਸ਼੍ਰੀ ਖੰਨਾ ਨੇ ਕਿਹਾ ਕਿ ਉਨ੍ਹਾਂ ਮਾਨ ਸਰਕਾਰ ਦੇ ਇਸ ਢਿੱਲੇ ਰਵੱਈਏ ਦੇ ਕਾਰਨ ਪਹਿਲਾਂ ਹੀ ਸ਼ੰਕਾ ਜਾਹਿਰ ਕੀਤੀ ਸੀ ਕਿ ਸੂਬਾ ਸਰਕਾਰ ਇੰਨ੍ਹਾਂ ਪ੍ਰੋਜੈਕਟਾਂ ਨੂੰ ਨੇਪਰੇ ਚਾੜ੍ਹਣ ਲਈ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਇਸ ਸਰਕਾਰ ਦੀ ਬਦਨੀਅਤ ਦੇ ਕਾਰਨ ਇਸ ਤੋਂ ਪਹਿਲਾਂ ਪੇਂਡੂ ਵਿਕਾਸ ਫੰਡ ਦੀਆਂ ਸੱਤ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਰੁਕੀਆਂ ਪਈਆਂ ਹਨ, ਪਰ ਉਹ ਇਸ ਸਬੰਧੀ ਕੋਈ ਚਾਰਾਜੋਈ ਨਹੀਂ ਕਰ ਰਹੀ। ਜਿਸ ਤੋਂ ਸਾਬਿਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੀ ਇਸ ਸਰਕਾਰ ਦਾ ਸੂਬੇ ਦੇ ਹਿੱਤਾਂ ਨਾਲ ਕੋਈ ਲੈਣਾ ਦੇਣਾ ਨਹੀਂ ਹੈ ਬਲਕਿ ਆਪਣੇ ਆਕਾਵਾਂ ਨੂੰ ਖੁਸ਼ ਕਰਨ ਵਿੱਚ ਹੀ ਲੱਗੀ ਹੋਈ ਹੈ।
ਸ਼੍ਰੀ ਖੰਨਾ ਨੇ ਕਿਹਾ ਕਿ ਸਰਕਾਰ ਦੀ ਇਸ ਨੀਤੀ ਦੇ ਕਾਰਨ ਚੰਡੀਗੜ੍ਹ ਦੇ ਨਾਲ ਲਗਦੇ ਆਸ-ਪਾਸ ਵਾਲੇ ਪਿੰਡਾਂ ਸਮੇਤ ਸੂਬੇ ਦੇ ਹਰ ਪਿੰਡ ਨੂੰ ਜਾਂਦੀਆਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ। ਹੜ੍ਹਾਂ ਦੀ ਸਥਿਤੀ ਕਾਰਨ ਪੰਜਾਬ ਦੇ ਪਿੰਡਾਂ ਵਿੱਚ ਹੋਏ ਨੁਕਸਾਨ ਪ੍ਰਤੀ ਬੋਲਦਿਆਂ ਸ਼੍ਰੀ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਹੜ੍ਹਾਂ ਦੀ ਸਥਿਤੀ ਤੋਂ ਬਚਾਉਣ ਲਈ ਅਗਾਊਂ ਪ੍ਰਬੰਧ ਕਰਨ ਵਿੱਚ ਨਾਕਾਮ ਰਹੀ ਹੈ, ਜਿਸ ਕਾਰਨ ਸੈਂਕੜੇ ਹੀ ਲੋਕ ਬੇਘਰ ਹੋ ਗਏ ਹਨ ਅਤੇ ਕਿੰਨੀਆਂ ਫਸਲਾਂ ਦਾ ਨੁਕਸਾਨ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅਮਨ ਅਤੇ ਚੈਨ ਦੀ ਜਿੰਦਗੀ ਜਿਉਣਾ ਚਾਹੁੰਦੇ ਹਨ ਅਤੇ ਇਹ ਨਫ਼ਰਤ ਵਾਲੀ ਸਿਆਸਤ ਨੂੰ ਕਿਸੇ ਵੀ ਹਾਲਤ ਵਿੱਚ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਹੈਂਕੜ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਹਿੰਸਾ ਅਤੇ ਗੁੰਡਾਗਰਦੀ ਦੀ ਬਦੌਲਤ ਸੂਬੇ ਦੀ ਸੱਤਾ ਮੁੜ ਤੋਂ ਹਾਸਿਲ ਕਰਨ ਦੇ ਦਾਅਵੇ ਕਰ ਰਹੇ ਹਨ, ਜਿੰਨ੍ਹਾਂ ਦੇ ਮਨਸੂਬੇ ਪੰਜਾਬ ਦੇ ਲੋਕ ਕਿਸੇ ਵੀ ਹਾਲ ਵਿੱਚ ਪੂਰੇ ਨਹੀਂ ਹੋਣ ਦੇਣਗੇ।