ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਗਰੂਕ
ਅਸ਼ੋਕ ਵਰਮਾ
ਬਠਿੰਡਾ, 22 ਜਨਵਰੀ 2026 : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਖਰਾਣਾ ਸੇਠੀ ਦੀ ਅਗਵਾਈ ਹੇਠ ਸਥਾਨਕ ਸ਼ਹੀਦ ਮੇਜਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ (ਕੰਨਿਆ) ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਨਾਲ ਹੋਣ ਹਾਦਸਿਆਂ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੈਡਮ ਸ੍ਰੀਮਤੀ ਮਮਤਾ ਖਰਾਣਾ ਸੇਠੀ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਜਿਵੇਂ ਮਨੁੱਖੀ ਜਾਨਾਂ, ਪੰਛੀਆਂ ਤੇ ਪਸ਼ੂਆਂ ਦੇ ਹੋ ਰਹੇ ਨੁਕਸਾਨ ਬਾਰੇ ਬਹੁਤ ਹੀ ਵਧੀਆ ਸ਼ਬਦਾਂ ਵਿੱਚ ਵਿਚਾਰ ਸਾਂਝੇ ਕੀਤੇ।
ਇਸ ਜਾਗਰੂਕਤਾ ਪੈਦਾ ਕਰਨ ਵਾਲੇ ਵਿਸ਼ੇਸ਼ ਉਪਰਾਲੇ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.), ਸਕੂਲ ਦੇ ਪ੍ਰਿੰਸੀਪਲ ਸਾਹਿਬ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਇੱਕ ਰੈਲੀ ਦਾ ਵੀ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਨੇ ‘ਚਾਈਨਾ ਡੋਰ ਦੂਰ ਭਜਾਓ, ਮਨੁੱਖੀ ਜਾਨਾਂ ਨੂੰ ਬਚਾਓ` ਤੇ ‘ਪਤੰਗ ਉਡਾਓ, ਪਰ ਜ਼ਿੰਦਗੀ ਨਾ ਗਵਾਓ' ਦੇ ਨਾਅਰੇ ਲਗਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ।
ਅੱਜ ਸਵੇਰ ਦੀ ਸਭਾ ਤੋਂ ਹੀ ਇਸ ਵਿਸ਼ੇਸ਼ ਉਪਰਾਲੇ ਲਈ ਸਕੂਲ ਦੇ ਪ੍ਰਿੰਸੀਪਲ ਸ. ਕੁਲਵਿੰਦਰ ਸਿੰਘ ਢਿੱਲੋਂ, ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਚਾਈਨਾ ਡੋਰ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਭਾਸ਼ਣ ਦਿੱਤੇ ਗਏ। ਇਸ ਤੋਂ ਬਾਅਦ ਸ. ਅਮਨਦੀਪ ਸਿੰਘ (ਲੈਕਚਰਾਰ ਵੋਕੇਸ਼ਨਲ) ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ, ਪ੍ਰਿੰਸੀਪਲ ਤੇ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦਾ ਪ੍ਰਣ ਲੈਣ ਲਈ ਵਿਦਿਆਰਥੀਆਂ ਨੂੰ ਸਹੁੰ ਚੁਕਵਾਈ ਗਈ।
ਇਸ ਮੌਕੇ ਸਕੂਲ ਦੇ ਸਟਾਫ਼ ਵਿੱਚ ਡੀਪੀਈ ਸ. ਪਰਮਿੰਦਰ ਸਿੰਘ, ਸ. ਹਰਜਿੰਦਰ ਸਿੰਘ, ਸ੍ਰੀਮਤੀ ਪਰਮਜੀਤ ਕੌਰ (ਲੈਕਚਰਾਰ ਪੰਜਾਬੀ), ਸ੍ਰੀਮਤੀ ਲਵਲੀਨ (ਲੈਕਚਰਾਰ ਅੰਗਰੇਜ਼ੀ) ਅਤੇ ਸ਼੍ਰੀ ਰਿਸ਼ ਕੁਮਾਰ ਆਦਿ ਹਾਜ਼ਰ ਸਨ।