ਵਿਧਾਇਕ ਅਮੋਲਕ ਸਿੰਘ ਵੱਲੋ ਵੱਖ-ਵੱਖ ਸਕੂਲਾਂ ਵਿੱਚ ਕੰਮਾਂ ਦਾ ਕੀਤਾ ਉਦਘਾਟਨ
ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੁਨੇਹਾ
ਮਨਜੀਤ ਢੱਲਾ
ਜੈਤੋ, 19 ਅਪ੍ਰੈਲ ()-ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਪੁਲਾਂਘਾ ਪੁੱਟ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ ਦੇ ਨਾਲ-ਨਾਲ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ।ਇਹ ਪ੍ਰਗਟਾਵਾ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਅੱਜ ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਸ.ਅਮੋਲਕ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਬੜੀਖਾਨਾ ਵਿਖੇ 5.50 ਲੱਖ ਦੀ ਲਾਗਤ ਨਾਲ ਚਾਰਦੀਵਾਰੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ ਦਬੜੀਖਾਨਾ ਵਿਖੇ 15.01 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਰੂਮ ਅਤੇ ਚਾਰ ਦੀਵਾਰੀ ਦਾ ਕੰਮ ਦਾ ਉਦਘਾਟਨ ਕੀਤਾ ਗਿਆ । ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਗੁੰਮਟੀ ਖੁਰਦ ਵਿਖੇ 42.80 ਲੱਖ ਅਤੇ ਸਰਕਾਰੀ ਹਾਈ ਸਕੂਲ ਪਿੰਡ ਗੁੰਮਟੀ ਖੁਰਦ ਵਿਖੇ 12.32 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਅਤੇ ਨਵੇਂ ਉਸਾਰੇ ਗਏ ਕਲਾਸਰੂਮ ਦਾ ਉਦਘਾਟਨ ਕੀਤਾ ।
ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ। ਉਨ੍ਹਾਂ ਕਿਹਾ ਕਿ ਵਿੱਦਿਆ ਦੇ ਪੱਧਰ ਵਿੱਚ ਸੁਧਾਰ ਹੋਇਆ ਹੈ ਜਿਸ ਕਰਕੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਸਿਰਫ਼ ਸਿੱਖਿਆ ਹੀ ਨਹੀਂ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਯਤਨਸ਼ੀਲ ਹੈ। ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਆਪਣੇ ਆਸ-ਪਾਸ ਨਸ਼ਾ ਕਰਨ ਵਾਲੇ ਨੂੰ ਵੀ ਰੋਕਣਗੇ ਤਾਂ ਜੋ ਇੱਕ ਚੰਗੇ ਸਮਾਜ ਦੇ ਸਿਰਜਣਾ ਕੀਤੀ ਜਾ ਸਕੇ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜੈਤੋ ਸੁਸ਼ੀਲ ਕੁਮਾਰ,ਦਰਸ਼ਨ ਸਿੰਘ ਪ੍ਰਿੰਸੀਪਲ, ਰੀਤੂ ਬਾਲਾ ਮੁੱਖ ਅਧਿਆਪਕ ਤੋ ਇਲਾਵਾ ਸਕੂਲਾਂ ਦਾ ਸਟਾਫ ਹਾਜ਼ਰ ਸੀ।