ਵਿਧਾਇਕ ਸ਼ੈਰੀ ਕਲਸੀ ਨੇ ਲਿੰਕ ਸੜਕ ਨੂੰ ਚੌੜਿਆਂ ਤੇ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕਰਵਾਇਆ
ਕਿਹਾ-ਹਲਕੇ ਬਟਾਲਾ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾ ਰਹੀ ਹੈ
ਰੋਹਿਤ ਗੁਪਤਾ
ਬਟਾਲਾ, 24 ਅਕਤੂਬਰ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਅੰਦਰ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਪੂਰੀ ਕਰਦਿਆਂ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਵਿਧਾਇਕ ਸ਼ੈਰੀ ਕਲਸੀ ਵਲੋਂ ਅੱਜ ਬਟਾਲਾ ਤੋਂ ਕਾਦੀਆਂ ਲਿੰਕ ਸੜਕ ਨੂੰ ਚੌੜਿਆਂ ਤੇ ਮਜ਼ਬੂਤ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਕਰੀਬ 8 ਕਰੋੜ ਰੁਪਏ ਦੀ ਲਾਗਤ ਨਾਲ ਇਸ ਸੜਕ ਦੇ ਵਿਕਾਸ ਕੰਮ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਪਿੰਡਾਂ ਦੇ ਪੰਚ-ਸਰਪੰਚ, ਸ਼ਹਿਰ ਵਾਸੀ ਅਤੇ ਮੋਹਤਬਰ ਸਖਸ਼ੀਅਤਾਂ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਬਟਾਲਾ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਇਸ ਕੰਮ ਲਈ ਦਿਨ ਰਾਤ ਲੱਗੇ ਹੋਏ ਹਨ।
ਉਹਨਾਂ ਨੇ ਕਿਹਾ ਕਿ ਵਿਧਾਨਨਸਭਾ ਹਲਕੇ ਅੰਦਰ ਸਾਫ ਸੁਥਰੀਆਂ ਲਿੰਕ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ, ਜੋ ਆਉਂਦੇ ਕੁਝ ਦਿਨਾਂ ਅੰਦਰ ਮੁਕੰਮਲ ਹੋ ਕੇ ਹਲਕੇ ਦੇ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨਗੀਆਂ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ ਵਿੱਚ ਪਾਰਦਰਸ਼ੀ ਢੰਗ ਨਾਲ ਕੰਮ ਕਰਵਾਏ ਜਾ ਰਹੇ ਹਨ। ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਮੈਦਾਨ ਬਣਾਏ ਗਏ ਹਨ। ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਏ ਗਏ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਨਿਪਟਾਰਾ ਕੀਤਾ ਜਾ ਰਿਹਾ ਹੈ।