ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਸਰਪੰਚਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ
ਕਿਹਾ-ਹਲਕੇ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ
ਰੋਹਿਤ ਗੁਪਤਾ
ਬਟਾਲਾ, 24 ਨਵੰਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਹਲਕੇ ਦੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਕਰਨ ਲਈ ਬਟਾਲਾ ਕਲੱਬ ਵਿਖੇ ਪਿੰਡਾਂ ਦੇ ਸਰਪੰਚਾਂ ਅਤੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਡੀ.ਡੀ.ਪੀ.ਓ ਹਰਪ੍ਰੀਤ ਸਿੰਘ, ਬੀ.ਡੀ.ਪੀ.ਓ ਬਲਜੀਤ ਸਿੰਘ, ਪਿੰਡਾਂ ਦੇ ਸਰਪੰਚ ਅਤੇ ਅਧਿਕਾਰੀ ਮੌਜੂਦ ਸਨ।
ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਵੱਲੋਂ ਪਿੰਡਾਂ ਦੇ ਵਿਕਾਸ ਲਈ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕੰਮਾਂ ਆਦਿ ਮਗਨਰੇਗਾ ਆਦਿ ਅਧੀਨ ਕਰਵਾਏ ਜਾ ਰਹੇ ਕਾਰਜਾਂ ਸਬੰਧੀ ਵਿਸਥਾਰ ਪੂਰਵਕ ਜਾਇਜ਼ਾ ਲਿਆ ਤੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਉਨਾਂ ਨੇ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜ ਗੁਣਵੱਤਾ ਯਕੀਨੀ ਬਣਾਉਣ ਦੇ ਨਾਲ-ਨਾਲ ਵਿਕਾਸ ਕੰਮਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ।
ਵਿਧਾਇਕ ਸ਼ੈਰੀ ਕਲਸੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਨੂੰ ਹਰ ਵਿਅਕਤੀ ਤੱਕ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਪਿੰਡਾਂ ਅੰਦਰ ਲੋਕਹਿੱਤ ਵਿੱਚ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲਗਾਤਾਰ ਫ਼ੰਡ ਜਾਰੀ ਕੀਤੇ ਜਾ ਰਹੇ ਹਨ ਤੇ ਪਿੰਡਾਂ ਵਿੱਚ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਪਿੰਡਾਂ ਦੇ ਪੰਚਾਂ-ਸਰਪੰਚਾਂ ਵਲੋਂ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਦੱਸਿਆ ਗਿਆ, ਜਿੰਨਾਂ ਨੂੰ ਸਬੰਧਤ ਅਧਿਕਾਰੀਆਂ ਰਾਹੀਂ ਹੱਲ ਕਰਵਾਇਆ ਗਿਆ।