ਵਿਰੋਧੀਆਂ ਵੱਲੋਂ ਗਲਤ ਢੰਗ ਨਾਲ ਨਾਮਜ਼ਦਗੀ ਰੱਦ ਕਰਵਾਉਣ ਦੀ ਕੋਸ਼ਿਸ਼ : ਰਾਣਾ ਇੰਦਰ ਪ੍ਰਤਾਪ ਸਿੰਘ
ਬਲਵਿੰਦਰ ਧਾਲੀਵਾਲ
ਸੁਲਤਾਨਪੁਰ ਲੋਧੀ, 5 ਦਸੰਬਰ 2025 : ਸੁਲਤਾਨਪੁਰ ਲੋਧੀ ਹਲਕੇ ਤੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵਿਰੋਧੀ ਧਿਰ ਉੱਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਧੜੇ ਦੇ ਆਜ਼ਾਦ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਗਲਤ ਤਰੀਕੇ ਨਾਲ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਬਲਾਕ ਸੰਮਤੀ ਜੋਨ ਜੈਨਪੁਰ ਤੋਂ ਰਾਣਾ ਧੜੇ ਦੇ ਆਜ਼ਾਦ ਉਮੀਦਵਾਰ ਹਰਜਿੰਦਰ ਸਿੰਘ ਉੱਤੇ ਪੰਚਾਇਤੀ ਜ਼ਮੀਨ 'ਤੇ ਕਬਜ਼ੇ ਦੇ ਲਗਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਰਾਜਨੀਤਿਕ ਸਾਜ਼ਿਸ਼ ਹਨ।
ਵਿਧਾਇਕ ਰਾਣਾ ਨੇ ਸਪਸ਼ਟ ਕੀਤਾ ਕਿ ਜੇਕਰ ਕਿਸੇ ਕਿਸਮ ਦੀ ਗਲਤ ਕਾਰਵਾਈ ਕੀਤੀ ਗਈ ਤਾਂ ਉਹ ਮਾਮਲੇ ਨੂੰ ਇਲੈਕਸ਼ਨ ਕਮਿਸ਼ਨ ਤੋਂ ਲੈ ਕੇ ਹਾਈਕੋਰਟ ਤੱਕ ਲੈ ਕੇ ਜਾਣਗੇ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕਿਸੇ ਅਧਿਕਾਰੀ ਵੱਲੋਂ ਧੱਕੇਸ਼ਾਹੀ ਕੀਤੀ ਗਈ ਤਾਂ ਸੰਬੰਧਿਤ ਅਧਿਕਾਰੀ ਨਤੀਜੇ ਭੁਗਤਾਨ ਲਈ ਤਿਆਰ ਰਹਿਣ।