ਵਿਸ਼ਵ ਮੱਖੀ ਦਿਵਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਬਠਿੰਡਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਮਧੂ ਮੱਖੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਕੇ ਕੀਤਾ ਜਾ ਸਕਦਾ ਹੈ ਆਮਦਨ ਵਿੱਚ ਵਾਧਾ
ਅਸ਼ੋਕ ਵਰਮਾ
ਬਠਿੰਡਾ, 20 ਮਈ 2026: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਵਿਸ਼ਵ ਮੱਖੀ ਦਿਵਸ ਮਨਾਇਆ ਗਿਆ। ਇਹ ਪ੍ਰੋਗਰਾਮ ਡਾ. ਗੁਰਦੀਪ ਸਿੰਘ ਸਿੱਧੂ, ਡਿਪਟੀ ਡਾਇਰੈਕਟਰ (ਟ੍ਰੇਨਿੰਗ) ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਮਧੂ ਮੱਖੀ ਪਾਲਣ ਦੇ ਮਹੱਤਵ ਅਤੇ ਮਨੁੱਖੀ ਜੀਵਨ ਵਿੱਚ ਸ਼ਹਿਦ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਮੱਖੀਆਂ ਦੁਆਰਾ ਪਰਾਗਣ ਰਾਹੀਂ ਫਸਲਾਂ ਦੀ ਪੈਦਾਵਾਰ ਵਿੱਚ ਹੋਣ ਵਾਲੇ ਵਾਧੇ ਅਤੇ ਮੱਖੀ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ, ਪ੍ਰੋਫੈਸਰ (ਪਸਾਰ ਸਿੱਖਿਆ) ਨੇ ਮੱਖੀ ਪਾਲਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਸਾਲ ਭਰ ਮਿਲਣ ਵਾਲੇ ਫੁੱਲ-ਫੁਲਾਕੇ, ਮਧੂ ਮੱਖੀ ਪਾਲਣ ਤੋਂ ਪ੍ਰਾਪਤ ਹੋਣ ਵਾਲੇ ਵੱਖ-ਵੱਖ ਉਤਪਾਦਾਂ ਜਿਵੇਂ ਕਿ ਸ਼ਹਿਦ, ਬੀ ਵੇਕਸ, ਰਾਇਲ ਜੈਲੀ ਅਤੇ ਪਰਾਗ ਕਣਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਹਨਾਂ ਨੇ ਮਧੂ ਮੱਖੀ ਪਾਲਣ ਨਾਲ ਜੁੜੇ ਸਫਲ ਕਿਸਾਨਾਂ ਦੀਆਂ ਸਫਲਤਾ ਕਹਾਣੀਆਂ ਵੀ ਸਾਂਝੀਆਂ ਕੀਤੀਆਂ, ਜਿਸ ਨਾਲ ਹਾਜ਼ਰ ਕਿਸਾਨਾਂ ਨੂੰ ਇਸ ਧੰਦੇ ਵੱਲ ਉਤਸ਼ਾਹਿਤ ਕੀਤਾ ਗਿਆ।
ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ) ਨੇ ਸ਼ਹਿਦ ਦੀ ਪ੍ਰੋਸੈਸਿੰਗ ਅਤੇ ਪੈਕਿੰਗ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਹਨਾਂ ਨੇ ਸ਼ਹਿਦ ਦੇ ਸਿਹਤ ਲਾਭਾਂ ਬਾਰੇ ਦੱਸਦਿਆਂ ਕਿਹਾ ਕਿ ਸ਼ਹਿਦ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਅਤੇ ਇਸ ਦੀ ਨਿਯਮਿਤ ਵਰਤੋਂ ਸਿਹਤ ਲਈ ਲਾਭਕਾਰੀ ਹੈ।
ਅੰਤ ਵਿੱਚ ਡਾ. ਗੁਰਲਾਲ ਸਿੰਘ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਕਿਸਾਨਾਂ ਨੂੰ ਮਧੂ ਮੱਖੀ ਪਾਲਣ ਵਰਗੇ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਮੱਖੀ ਪਾਲਣ ਘੱਟ ਖਰਚ ਵਾਲਾ ਅਤੇ ਵਧੀਆ ਆਮਦਨ ਦੇਣ ਵਾਲਾ ਧੰਦਾ ਹੈ, ਜਿਸ ਨਾਲ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਪ੍ਰੋਗਰਾਮ ਦੌਰਾਨ ਕਿਸਾਨਾਂ ਨੇ ਮਧੂ ਮੱਖੀ ਪਾਲਣ ਨਾਲ ਸਬੰਧਤ ਵੱਖ-ਵੱਖ ਸਵਾਲ ਵੀ ਪੁੱਛੇ ਜਿਨ੍ਹਾਂ ਦੇ ਮਾਹਿਰਾਂ ਵੱਲੋਂ ਤਸੱਲੀਬਖ਼ਸ਼ ਜਵਾਬ ਦਿੱਤੇ ਗਏ। ਕੇਂਦਰ ਵੱਲੋਂ ਕਿਸਾਨਾਂ ਨੂੰ ਮਧੂ ਮੱਖੀ ਪਾਲਣ ਨੂੰ ਵਧੀਆ ਆਮਦਨ ਵਾਲੇ ਸਹਾਇਕ ਧੰਦੇ ਵਜੋਂ ਅਪਣਾਉਣ ਦੀ ਅਪੀਲ ਕੀਤੀ ਗਈ।
- Download Babushahi App
-
-