ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲਾਂ 'ਚ ਦਿੱਤੀਆਂ ਅਤਿ ਆਧੁਨਿਕ ਸਹੂਲਤਾਂ : ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ
-ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਹਲਕੇ ਦੇ ਸਕੂਲਾਂ 'ਚ ਹੋਏ 1 ਕਰੋੜ ਰੁਪਏ ਦੇ ਵਿਕਾਸ ਕਾਰਜ ਕੀਤੇ ਵਿਦਿਆਰਥੀਆਂ ਨੂੰ ਸਮਰਪਿਤ
ਸ਼ੁਤਰਾਣਾ/ਪਟਿਆਲਾ, 21 ਅਪ੍ਰੈਲ:
ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਹੈ। ਇਹ ਪ੍ਰਗਟਾਵਾਂ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਹਲਕੇ ਦੇ ਛੇ ਸਕੂਲਾਂ 'ਚ ਹੋਏ ਇਕ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਬਾਜ਼ੀਗਰ ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਜਿਸ ਤਰ੍ਹਾਂ ਪਿਛਲੇ ਤਿੰਨ ਸਾਲਾਂ ਦੌਰਾਨ ਸਰਕਾਰੀ ਸਕੂਲਾਂ 'ਚ ਅਧਿਆਪਕਾਂ ਦੀ ਭਰਤੀ, ਕਰੋੜਾਂ ਰੁਪਏ ਨਾਲ ਬੁਨਿਆਦੀ ਢਾਂਚੇ ਦਾ ਵਿਕਾਸ ਹੋਇਆ ਹੈ, ਇਸੇ ਤਰ੍ਹਾਂ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਜਾਰੀ ਰਹਿਣਗੇ।
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਵਿਦਿਆਰਥੀਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਦੌਰਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨੀਆਂ ਲਈ ਤਿਆਰ ਕੀਤਾ ਗਿਆ ਸਾਮਾਨ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਨਿਖਾਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਥੇ ਸਕੂਲਾਂ 'ਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ, ਜੋ ਸਰਕਾਰ ਦੀ ਸਕੂਲਾਂ ਪ੍ਰਤੀ ਗੰਭੀਰਤਾ ਦੀ ਇਕ ਉਦਾਹਰਣ ਹੈ।
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਅੱਜ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਖਾਨੇਵਾਲ, ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਖਾਂਗ, ਸਰਕਾਰੀ ਪ੍ਰਾਇਮਰੀ ਸਕੂਲ ਮੌਲਵੀਵਾਲਾ ਤੇ ਸਰਕਾਰੀ ਹਾਈ ਸਕੂਲ ਹਾਮਝੇੜੀ ਵਿਖੇ ਕਰੀਬ ਇਕ ਕਰੋੜ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ।