ਸਰਕਾਰੀ ਸਕੂਲਾਂ ਵਿੱਚ 24 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਮਜਬੂਤ ਕੀਤਾ: ਬਰਿੰਦਰ ਕੁਮਾਰ ਗੋਇਲ
- ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਲਿਆ ਕਰੜੇ ਹੱਥੀ, ਜਿਨਾਂ ਨੇ ਖੁਦ ਕਦੇ ਕੁਝ ਨਹੀਂ ਸੰਵਾਰਿਆ ਉਹ ਗੁੰਮਰਾਹਕੁੰਨ ਬਿਆਨਾਂ ਤੋਂ ਬਾਜ ਆਉਣ
- ਪਿਛਲੀਆਂ ਸਰਕਾਰਾਂ ਦੌਰਾਨ ਸੁਵਿਧਾਵਾਂ ਨੂੰ ਤਰਸਦੇ ਰਹੇ ਵਿਦਿਅਕ ਅਦਾਰਿਆਂ ਵਿੱਚ 'ਆਪ ਸਰਕਾਰ' ਕੋਈ ਕਮੀ ਨਹੀਂ ਰਹਿਣ ਦੇਵੇਗੀ: ਬਰਿੰਦਰ ਗੋਇਲ
- ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬਦਲਾਅ ਕਰਕੇ ਦਿਖਾਇਆ : ਬਰਿੰਦਰ ਗੋਇਲ
ਦਲਜੀਤ ਕੌਰ
ਲਹਿਰਾਗਾਗਾ/ਸੰਗਰੂਰ, 20 ਅਪ੍ਰੈਲ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸਾਲ 2022 ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਨ ਵਿੱਚ ਸਰਕਾਰ ਪੂਰੀ ਤਰ੍ਹਾਂ ਕਾਮਯਾਬ ਹੋਈ ਹੈ ਅਤੇ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਲਹਿਰਾ ਅਧੀਨ ਆਉਂਦੇ ਸਾਰੇ ਸਕੂਲਾਂ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ 24 ਕਰੋੜ ਰੁਪਏ ਖਰਚੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਜਿਹੇ ਮਹੱਤਵਪੂਰਨ ਖੇਤਰਾਂ ਨੂੰ ਅਣਗੌਲੀ ਰੱਖਿਆ ਜਿਸ ਨਾਲ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਰਨ ਦੀ ਥਾਂ 'ਤੇ ਲਗਾਤਾਰ ਵਿਗੜਦੀ ਰਹੀ। ਉਹਨਾਂ ਨੇ ਕਿਹਾ ਕਿ ਜਿਹੜੇ ਸਿਆਸਤਦਾਨਾਂ ਨੇ ਖੁਦ ਕਦੇ ਕੁਝ ਨਹੀਂ ਸਵਾਰਿਆ ਉਹ ਗੁੰਮਰਾਹਕੁੰਨ ਬਿਆਨਾਂ ਤੋਂ ਬਾਜ ਆਉਣ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਦੀ ਅਣਦੇਖੀ ਦਾ ਖਮਿਆਜਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪਿਆ ਹੈ ਅਤੇ ਹੁਣ ਉਹੀ ਲੋਕ ਆਪਣੀਆਂ ਗਲਤੀਆਂ ਨੂੰ ਛਪਾਉਣ ਲਈ ਫੋਕੀ ਬਿਆਨਬਾਜ਼ੀ ਕਰ ਰਹੇ ਹਨ ਜੋ ਕਿ ਹਕੀਕਤ ਤੋਂ ਕੋਹਾਂ ਦੂਰ ਹੈ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਛੋਟੇ ਛੋਟੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਵੀ ਵਿਕਾਸ ਕਾਰਜਾਂ ਲਈ 40-40 ਲੱਖ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਅੱਜ ਸਾਡੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨੂੰ ਵੀ ਹਰ ਪੱਖੋਂ ਮਾਤ ਦੇ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਸਮਾਗਮਾਂ ਦੌਰਾਨ ਸਕੂਲਾਂ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦੇ ਵੱਡੇ ਇਕੱਠ ਹੋ ਰਹੇ ਹਨ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਮੁਢਲੀਆਂ ਸਹੂਲਤਾਂ ਨੂੰ ਤਰਸਦੇ ਰਹੇ ਸਰਕਾਰੀ ਸਕੂਲਾਂ ਨੂੰ ਅੱਜ ਹਰ ਪੱਖੋਂ ਸਰਵੋਤਮ ਬਣਾਉਣ ਵਿੱਚ ਕੋਈ ਕਮੀ ਬਾਕੀ ਨਹੀਂ ਛੱਡੀ ਜਾ ਰਹੀ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਆਪ ਦੀ ਸਰਕਾਰ ਦੇ ਹੋਂਦ ਵਿੱਚ ਆਉਣ ਮਗਰੋਂ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਲਿਆਂਦੀਆਂ ਜਾਣਗੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਆਪਣੇ ਇਸ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਿੱਖਿਆ ਨੂੰ ਸਰਵੋਤਮ ਬਣਾਉਣ ਦੇ ਹਰ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੋ ਰਿਹਾ ਹੈ ਅਤੇ ਮਾਪਿਆਂ ਨੂੰ ਵੀ ਤਸੱਲੀ ਹੈ ਕਿ ਉਹਨਾਂ ਨੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸਰਕਾਰੀ ਸਕੂਲਾਂ ਉੱਤੇ ਭਰੋਸਾ ਰੱਖਿਆ।
ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਾਰਥਕ ਯਤਨਾ ਸਦਕਾ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਨੂੰ ਤਰਜੀਹੀ ਦੇਣ ਲੱਗ ਪਏ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਵੀ ਅਧਿਆਪਕਾਂ ਨੂੰ ਆਧੁਨਿਕ ਪੜਾਈ ਤਕਨੀਕਾਂ ਬਾਰੇ ਸਿਖਲਾਈ ਦਿਵਾਉਣ ਹਿੱਤ ਵਿਦੇਸ਼ਾਂ ਵਿੱਚ ਵਿਦਿਅਕ ਦੌਰੇ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਉੱਚੇ ਹੋਏ ਮਿਆਰ ਦੀ ਇੱਕ ਪ੍ਰਤੱਖ ਮਿਸਾਲ ਇਹ ਹੈ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਦੇ 188 ਵਿਦਿਆਰਥੀਆਂ ਵੱਲੋਂ ਜੇ.ਈ.ਈ ਮੇਨਜ ਦੀ ਪ੍ਰੀਖਿਆ ਪਾਸ ਕੀਤੀ ਗਈ ਹੈ।