ਸਰਕਾਰੀ ਸਕੂਲਾਂ ‘ਚ ਪੌਸ਼ਟਿਕ ਭੋਜਨ ਮੁਹਈਆ ਕਰਵਾਉਣਾ ਯਕੀਨੀ ਕੀਤਾ ਜਾਵੇ- ਜਸਵੀਰ ਸਿੰਘ ਸੇਖੋਂ
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮਨਪ੍ਰੀਤ ਸਿੰਘ
ਰੂਪਨਗਰ, 15 ਜਨਵਰੀ:
ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ
ਪੌਸ਼ਟਿਕ ਭੋਜਨ ਮੁਹਈਆ ਕਰਵਾਉਣਾ ਯਕੀਨੀ ਕੀਤਾ ਜਾਵੇ
ਅਤੇ ਪੀਣ ਵਾਲੇ ਪਾਣੀ ਲਈ ਲਗਾਏ ਗਏ ਆਰਓਜ਼ ਦਾ ਤੁਰੰਤ ਟੀਡੀਐਸ ਚੈੱਕ ਕਰਵਾਇਆ ਜਾਵੇ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਸ. ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਚੰਦਰਜਯੋਤੀ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਰਾਸ਼ਨ ਵੰਡ ਪ੍ਰਣਾਲੀ, ਮਿਡ-ਡੇਅ-ਮੀਲ ਅਤੇ ਆਂਗਨਵਾੜੀ ਕੇਂਦਰਾਂ ਦੇ ਕੰਮ-ਕਾਜ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਜਸਵੀਰ ਸਿੰਘ ਸੇਖੋਂ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਕਮਿਸ਼ਨ ਦੀ ਪਹਿਲਕਦਮੀ ਉੱਤੇ ਸੂਬੇ ਦੇ ਸਕੂਲਾਂ ਵਿਚ ਕਿਚਨ ਗਾਰਡਨ ਬਣਾਏ ਗਏ ਹਨ ਉਨ੍ਹਾਂ ਦੀ ਸਾਂਭ-ਸੰਭਾਲ ਕਰਨੀ ਲਾਜ਼ਮੀ ਬਣਾਈ ਜਾਵੇ। ਇਨ੍ਹਾਂ ਕਿਚਨ ਗਾਰਡਨਾਂ ਵਿਚ ਤਿਆਰ ਹੋਣ ਵਾਲੀਆਂ ਜ਼ਹਿਰ ਰਹਿਤ ਸਬਜ਼ੀਆਂ ਅਤੇ ਸਲਾਦ ਆਦਿ ਬੱਚਿਆਂ ਨੂੰ ਖਵਾਇਆ ਜਾਵੇ।
ਮੈਂਬਰ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਤਰੂ ਵੰਦਨਾ ਯੋਜਨਾ ਦਾ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਲਾਭ ਦਿਵਾਉਣ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਆਂਗਨਵਾੜੀ ਕੇਂਦਰਾਂ ਦੀ ਕਾਰਗੁਜ਼ਾਰੀ ਉੱਤੇ ਪੂਰੀ ਤਰ੍ਹਾਂ ਧਿਆਨ ਰੱਖਣ ਦੀ ਹਦਾਇਤ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਵਿਚ ਬੱਚਿਆਂ ਦੇ ਖਾਣਾ ਖਾਣ ਦੀ ਜਗ੍ਹਾ ਸਾਫ਼-ਸੁਥਰੀ ਅਤੇ ਹਵਾਦਾਰ ਹੋਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਤੋਂ ਰਾਸ਼ਨ ਵੰਡ ਦੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਜ਼ਿਲ੍ਹਾ ਫੂਡ ਸਪਲਾਈ ਅਫਸਰ ਡਾ. ਨਵਰੀਤ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਕਰਨ ਮਹਿਤਾ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼ਰੁਤੀ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਪੋਸ਼ਣ ਅਭਿਆਨ ਰਾਹੁਲ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਪ੍ਰਾਇਮਰੀ) ਸ਼ਮਸ਼ੇਰ ਸਿੰਘ, ਫੂਡ ਸਪਲਾਈ ਅਫਸਰ ਦਿਨੇਸ਼ਜੋਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।