ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਬਿਹਤਰ ਮਾਹੌਲ ਦੇ ਰਹੀ ਪੰਜਾਬ ਸਰਕਾਰ : ਇੰਦਰਜੀਤ ਕੌਰ ਮਾਨ
- ਹਲਕਾ ਨਕੋਦਰ ਦੇ ਸਰਕਾਰੀ ਸਕੂਲਾਂ ’ਚ 62.19 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਕੀਤੇ ਸਮਰਪਿਤ
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ/ਜਲੰਧਰ, 24 ਅਪ੍ਰੈਲ : ਪੰਜਾਬ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਅੱਜ ਵਿਧਾਨ ਸਭਾ ਹਲਕਾ ਨਕੋਦਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 62.19 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਵਿਧਾਇਕ ਇੰਦਰਜੀਤ ਕੌਰ ਮਾਨ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ (ਸ਼ੰਕਰ) ਵਿਖੇ 42.95 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਸਾਇੰਸ ਲੈਬ, ਆਧੁਨਿਕ ਕਲਾਸ ਰੂਮ ਅਤੇ ਹੋਰ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕੰਮਾਂ ਸਦਕਾ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਲਈ ਹੋਰ ਵੀ ਬਿਹਤਰ ਮਾਹੌਲ ਮਿਲੇਗਾ। ਉਨ੍ਹਾਂ ਕਿਹਾ ਕਿ ਸਾਇੰਸ ਲੈਬੋਰੇਟਰੀ ਸਦਕਾ ਵਿਦਿਆਰਥੀ ਵਿਗਿਆਨ ਦੀ ਪੜ੍ਹਾਈ ਹੋਰ ਵੀ ਵਧੀਆ ਢੰਗ ਨਾਲ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ, ਜਿਸ ਦੀ ਗਵਾਹੀ ਸਰਕਾਰੀ ਸਕੂਲਾਂ ਵਿੱਚ ਵਧ ਰਹੀ ਵਿਦਿਆਰਥੀਆਂ ਦੀ ਗਿਣਤੀ ਭਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲ ਕਿਸੇ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ ਸਗੋਂ ਪ੍ਰਾਈਵੇਟ ਸਕੂਲਾਂ ਵਾਲੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਇਸ ਦੌਰਾਨ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਸਰਕਾਰੀ ਹਾਈ ਸਕੂਲ ਸ਼ੰਕਰ ਵਿਖੇ 10 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਬੋਪਾਰਾਏ ਵਿਖੇ 8.54 ਲੱਖ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ ਗਏ।
ਉਨ੍ਹਾਂ ਇਸ ਮੌਕੇ ਅਧਿਆਪਕਾਂ ਨੂੰ ਸੱਦਾ ਦਿੱਤਾ ਕਿ ਉਹ ਵਿਦਿਆਰਥੀਆਂ ਦਾ ਭਵਿੱਖ ਸੰਵਾਰਨ ਲਈ ਉਨ੍ਹਾਂ ਨੂੰ ਹੋਰ ਵੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਵਾਉਣ ਅਤੇ ਇਸ ਤੋਂ ਇਲਾਵਾ ਖੇਡਾਂ ਨਾਲ ਜੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣ।
ਉਦਘਾਟਨੀ ਸਮਾਗਮਾਂ ਵਿੱਚ ਸ਼ਾਮਿਲ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਉਹ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਹੁੰਦੀ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ।
ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਵਿਦਿਆਰਥੀ ਅਤੇ ਹੋਰ ਉਘੀਆਂ ਸ਼ਖ਼ਸੀਅਤਾਂ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ।