ਸਰਹੱਦ ਨੇੜਿਓਂ ਇੱਕ ਡਰੋਨ, ਦੋ ਕਿਲੋ ਹੈਰੋਇਨ, ਇੱਕ ਪਿਸਤੌਲ ਅਤੇ ਇੱਕ ਮੋਟਰਸਾਈਕਲ ਬਰਾਮਦ
ਬਲਜੀਤ ਸਿੰਘ
ਤਰਨ ਤਾਰਨ : ਪਾਕਿਸਤਾਨ ਆਪਣੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਦੇ ਕੋਈ ਸੰਕੇਤ ਨਹੀਂ ਦਿਖਾ ਰਿਹਾ ਹੈ। ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਲਗਾਤਾਰ ਭੇਜੇ ਜਾ ਰਹੇ ਹਨ। ਇਸ ਦੇ ਨਾਲ ਹੀ ਸਰਹੱਦਾਂ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਅਤੇ ਪੁਲਿਸ ਪਾਰਟੀ ਵੱਲੋਂ ਪਾਕਿਸਤਾਨ ਦੇ ਇਨ੍ਹਾਂ ਨਾਪਾਕ ਇਰਾਦਿਆਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ।
ਜਿਸ ਦੇ ਚਲਦਿਆਂ ਭਾਰਤ-ਪਾਕਿਸਤਾਨ ਸਰਹੱਦ ਨੇੜੇ ਬੀਐਸਐਫ ਤੇ ਪੰਜਾਬ ਪੁਲਿਸ ਨੇ ਇੱਕ ਡਰੋਨ, ਦੋ ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਇੱਕ ਮੋਟਰਸਾਈਕਲ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਜਦੋਂ ਕਿ ਹੈਰੋਇਨ ਫੜਨ ਆਏ ਤਸਕਰ ਪੁਲਿਸ ਪਾਰਟੀ ਅਤੇ ਬੀਐਸਐਫ ਨੂੰ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਏ ਹਨ। ਇਸ ਸਬੰਧੀ ਅਣਪਛਾਤੇ ਤਸਕਰਾਂ ਖ਼ਿਲਾਫ਼ ਖਾਲੜਾ ਥਾਣੇ ਵਿੱਚ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਪ੍ਰੀਤ ਇੰਦਰ ਸਿੰਘ ਭਿੱਖੀਵਿੰਡ ਨੇ ਦੱਸਿਆ ਕਿ ਪਿੰਡ ਡੱਲ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਸਰਚ ਆਪ੍ਰੇਸ਼ਨ ਦੌਰਾਨ ਖੇਤਾਂ ਵਿੱਚ ਡਿੱਗਿਆ ਇੱਕ ਡਰੋਨ ਅਤੇ ਹੈਰੋਇਨ ਦਾ ਇੱਕ ਪੈਕੇਟ ਮਿਲਿਆ, ਜਿਸ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਇਸੇ ਤਰ੍ਹਾਂ ਬੀਓਪੀ ਕਲਸੀਆਂ ਦੇ ਖੇਤਾਂ ਵਿੱਚੋਂ ਇੱਕ ਗਲੌਕ ਪਿਸਤੌਲ ਅਤੇ 3 ਪੈਕੇਟ ਹੈਰੋਇਨ ਬਰਾਮਦ ਕੀਤੀ ਗਈ। ਜਦੋਂ ਪੈਕੇਟ ਖੋਲ੍ਹ ਕੇ ਜਾਂਚ ਕੀਤੀ ਗਈ ਤਾਂ ਉਨ੍ਹਾਂ ਵਿੱਚੋਂ ਡੇਢ ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ। ਡੀਐਸਪੀ ਨੇ ਦੱਸਿਆ ਕਿ ਹੈਰੋਇਨ ਦੀ ਖੇਪ ਲੈਣ ਆਏ ਤਸਕਰ ਪੁਲਿਸ ਪਾਰਟੀ ਅਤੇ ਬੀਐਸਐਫ ਨੂੰ ਦੇਖ ਕੇ ਆਪਣਾ ਮੋਟਰਸਾਈਕਲ ਪੀਬੀ46ਜੀ 2565 ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਥਾਣਾ ਖਾਲੜਾ ਵਿੱਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।