ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ
— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
— ਮੁੱਢਲੀ ਜਾਂਚ ਮੁਤਾਬਕ ਸੂਬੇ ਵਿੱਚ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਇਹ ਹਥਿਆਰ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ
- ਗੈਂਗਸਟਰ ਹਰਦੀਪ ਦੀਪਾ ਨੂੰ ਪਿੰਡ ਪੰਜ ਗਰਾਂਈ ਇਲਾਕੇ 'ਚ ਪਿੱਛਾ ਕਰਨ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ: ਏਆਈਜੀ ਸੀਆਈ ਲਖਬੀਰ ਸਿੰਘ
ਚੰਡੀਗੜ੍ਹ/ਫਿਰੋਜ਼ਪੁਰ, 2 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਨਸ਼ਾ ਤਸਕਰ-ਕਮ-ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਘੱਲ ਖੁਰਦ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੁਲਿਸ ਟੀਮ ਨੇ ਉਸਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰਾਂ - ਇੱਕ 9 ਐਮਐਮ ਗਲੌਕ ਪਿਸਤੌਲ, ਇੱਕ .30 ਐਮਐਮ ਬੇਰੇਟਾ ਪਿਸਤੌਲ ਅਤੇ ਇੱਕ ਪੰਪ ਐਕਸ਼ਨ ਗੰਨ - ਸਮੇਤ ਤਿੰਨ ਮੈਗਜ਼ੀਨਾਂ ਅਤੇ 141 ਵੱਖ-ਵੱਖ ਕਾਰਤੂਸਾਂ ਦੇ ਨਾਲ ਨਾਲ 45 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸਦੀ ਮਾਰੂਤੀ ਸਵਿਫਟ ਕਾਰ, ਜਿਸ ਵਿੱਚ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਕਿਸੇ ਅਣਪਛਾਤੀ ਵਿਦੇਸ਼ੀ ਸੰਸਥਾ, ਜਿਸ ਦਾ ਉਦੇਸ਼ ਸੂਬੇ ਵਿੱਚ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਇਹਨਾਂ ਦੀ ਵਰਤੋਂ ਕਰਨਾ ਸੀ, ਰਾਹੀਂ ਭੇਜੇ ਗਏ ਸਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਇਹ ਹਥਿਆਰ ਅੱਤਵਾਦੀ ਅਤੇ ਅਪਰਾਧਿਕ ਗਿਰੋਹਾਂ ਦੇ ਮੁੱਢਲੇ ਸੰਚਾਲਕਾਂ ਨੂੰ ਸਪਲਾਈ ਕਰਨੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਦੇਸ਼ੀ ਸੰਸਥਾ ਦੀ ਪਛਾਣ, ਭੂਮਿਕਾ ਅਤੇ ਇਸਦੇ ਵਿਆਪਕ ਨੈੱਟਵਰਕ ਪਤਾ ਲਗਾਉਣ ਲਈ ਵਿਆਪਕ ਜਾਂਚ ਜਾਰੀ ਹੈ।
ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰਨਾਂ ਮੈਂਬਰਾਂ ਦੀ ਪਛਾਣ ਕਰਨ ਅਤੇ ਤਸਕਰੀ ਕੀਤੇ ਗਏ ਹਥਿਆਰਾਂ ਦੇ ਮੂਲ ਸਰੋਤ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਹੋਰ ਜਾਣਕਾਰੀ ਦਿੰਦਿਆਂ, ਏਆਈਜੀ ਸੀਆਈ ਫਿਰੋਜ਼ਪੁਰ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਮੁਲਜ਼ਮ ਹਰਦੀਪ ਦੀਪਾ ਦੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਅਤੇ ਉਸ ਵੱਲੋਂ ਹਾਲ ਹੀ ਵਿੱਚ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਇੱਕ ਹਥਿਆਰਾਂ ਦੀ ਖੇਪ ਵੀ ਪ੍ਰਾਪਤ ਕਰਨ ਬਾਰੇ ਭਰੋਸੇਯੋਗ ਸੂਹ ਮਿਲੀ ਸੀ।
ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਕੋਟਕਪੂਰਾ ਵਿੱਚ ਪੰਜ ਗਰਾਂਈ ਮੋੜ ਨੇੜੇ ਇੱਕ ਨਾਕਾ ਲਗਾਇਆ ਅਤੇ ਸ਼ੱਕੀ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਨ੍ਹਾਂ ਦੱਸਿਆ ਕਿ ਕਾਰ ਨੂੰ ਰੋਕਣ ਦੀ ਬਜਾਏ, ਮੁਲਜ਼ਮ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਪੰਜ ਗਰਾਂਈ ਇਲਾਕੇ ਵਿੱਚ ਦੋਸ਼ੀ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਸਦੀ ਗੱਡੀ ਅਚਾਨਕ ਇੱਕ ਛੋਟੀ ਸੜਕ ਵੱਲ ਮੋੜਨ ਉਪਰੰਤ ਪਲਟ ਗਈ।
ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਮੋਗਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਅਸਲਾ ਐਕਟ, ਇਰਾਦਾ ਕਤਲ ਅਤੇ ਹੋਰ ਗੰਭੀਰ ਅਪਰਾਧਾਂ ਤਹਿਤ ਚਾਰ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਨੂੰ ਅਪ੍ਰੈਲ 2024 ਵਿੱਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ, ਉਸਨੇ ਆਪਣੀਆਂ ਅਪਰਾਧਿਕ ਗਤੀਵਿਧੀਆਂ ਦੁਬਾਰਾ ਸ਼ੁਰੂ ਕਰ ਦਿੱਤੀਆਂ।
ਇਸ ਸਬੰਧੀ ਐਫਆਈਆਰ ਨੰਬਰ 05 ਮਿਤੀ 01-03-2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।