ਸ਼੍ਰੋਮਣੀ ਅਕਾਲੀ ਦਲ ਦਾ ਅਸਲ ਸਰਮਾਇਆ ਉਸਦੇ ਮਿਹਨਤੀ ਵਰਕਰ ਹਨ - ਸਾਬਕਾ ਵਿਧਾਇਕ ਬ੍ਰਹਮਪੁਰਾ
ਉਪ ਪ੍ਰਧਾਨ ਬਣਨ 'ਤੇ ਵਧਾਈ ਦੇਣ ਲਈ ਰਿਹਾਇਸ਼ 'ਤੇ ਪਹੁੰਚ ਰਹੇ ਹਨ ਆਗੂ ਤੇ ਵਰਕਰ, ਜਗਰੂਪ ਸਿੰਘ ਪੱਖੋਪੁਰ ਦੀ ਅਗਵਾਈ 'ਚ ਵਫ਼ਦ ਨੇ ਕੀਤਾ ਸਨਮਾਨ
ਤਰਨ ਤਾਰਨ 14 ਅਗਸਤ 2025: ( ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ਦਾ ਮੁੜ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈਆਂ ਦੇਣ ਵਾਲੇ ਆਗੂਆਂ ਅਤੇ ਵਰਕਰਾਂ ਦਾ ਤਾਂਤਾ ਲੱਗਿਆ ਹੋਇਆ ਹੈ। ਪਾਰਟੀ ਵਰਕਰਾਂ ਵਿੱਚ ਇਸ ਨਿਯੁਕਤੀ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸੇ ਲੜੀ ਤਹਿਤ ਅੱਜ ਸੀਨੀਅਰ ਅਕਾਲੀ ਆਗੂ ਜਗਰੂਪ ਸਿੰਘ ਪੱਖੋਪੁਰ ਦੀ ਅਗਵਾਈ ਹੇਠ ਇੱਕ ਵਫ਼ਦ ਸ੍ਰ. ਬ੍ਰਹਮਪੁਰਾ ਦੀ ਰਿਹਾਇਸ਼ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚਿਆ। ਵਫ਼ਦ ਵਿੱਚ ਸ਼ਾਮਲ ਆਗੂਆਂ, ਜਿੰਨ੍ਹਾਂ ਵਿੱਚ ਕਰਿੰਦਰਜੀਤ ਸਿੰਘ ਚੋਹਲਾ ਖੁਰਦ, ਸੁਖਦੀਪ ਸਿੰਘ ਪੱਖੋਪੁਰ, ਅਵਤਾਰ ਸਿੰਘ, ਕੁਲਦੀਪ ਸਿੰਘ ਪੱਖੋਪੁਰ ਅਤੇ ਅਵਤਾਰ ਸਿੰਘ ਵਰਿਆਂ ਸ਼ਾਮਲ ਸਨ, ਨੇ ਬ੍ਰਹਮਪੁਰਾ ਨੂੰ ਫੁੱਲਾਂ ਦੇ ਗੁਲਦਸਤੇ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਇਸ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਬ੍ਰਹਮਪੁਰਾ ਨੇ ਸਭ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟ ਕਰਦਿਆਂ ਇਹ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ, "ਇਹ ਅਹੁਦਾ ਮੇਰਾ ਨਿੱਜੀ ਨਹੀਂ, ਸਗੋਂ ਉਨ੍ਹਾਂ ਸਾਰੇ ਵਰਕਰਾਂ ਦਾ ਸਨਮਾਨ ਹੈ ਜੋ ਦਿਨ-ਰਾਤ ਪਾਰਟੀ ਲਈ ਮਿਹਨਤ ਕਰਦੇ ਹਨ। ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਅਤੇ ਅਸਲ ਸਰਮਾਇਆ ਹਨ। ਉਨ੍ਹਾਂ ਕਿਹਾ ਕਿ ਉਹ ਵਰਕਰਾਂ ਦੇ ਇਸ ਪਿਆਰ ਅਤੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਿਣਗੇ ਅਤੇ ਉਨ੍ਹਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ।
ਸ੍ਰ. ਬ੍ਰਹਮਪੁਰਾ ਨੇ ਵਫ਼ਦ ਵਿੱਚ ਸ਼ਾਮਲ ਸਾਰੇ ਆਗੂਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਅਤੇ ਹਲਕਾ ਖਡੂਰ ਸਾਹਿਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਵਚਨਬੱਧ ਰਹਿਣਗੇ। ਵਰਕਰਾਂ ਵਿੱਚ ਪਾਏ ਜਾ ਰਹੇ ਇਸ ਉਤਸ਼ਾਹ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਹੋ ਰਿਹਾ ਹੈ।
ਕੈਪਸ਼ਨ: ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਵਜੋਂ ਜ਼ਿੰਮੇਵਾਰੀ ਮਿਲਣ 'ਤੇ ਰਵਿੰਦਰ ਸਿੰਘ ਬ੍ਰਹਮਪੁਰਾ ਦਾ ਸਨਮਾਨ ਕਰਦੇ ਹੋਏ ਅਕਾਲੀ ਆਗੂ।