ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ 'ਚ ਆਕਸੀਜਨ ਸਪਲਾਈ ਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਇਆ ਜਾਏ : ਸਿਹਤ ਮੰਤਰੀ
- ਸਿਹਤ ਮੰਤਰੀ ਨੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੀ ਕੀਤੀ ਅਚਨਚੇਤ ਚੈਕਿੰਗ
ਪ੍ਰਮੋਦ ਭਾਰਤੀ
ਨਵਾਂਸਹਿਰ, 31 ਜੁਲਾਈ 2025: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਓ.ਪੀ.ਡੀ. ਵਾਰਡ ਅਤੇ ਆਈ.ਪੀ.ਡੀ. ਵਾਰਡ ਵਿੱਚ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲਚਾਲ ਪੁੱਛਿਆ ਅਤੇ ਹਸਪਤਾਲ ਦੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨਾਲ ਗੱਲਬਾਤ ਕੀਤੀ ਅਤੇ ਜ਼ਿਲ੍ਹਾ ਹਸਪਤਾਲ ਵਿੱਚ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ, ਨਵਾਂਸਹਿਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਨਾਲ ਹੀ ਉਨ੍ਹਾਂ ਹਦਾਇਤ ਕੀਤੀ ਕਿ ਇਸੇ ਰਾਹ ਤੇ ਚੱਲਦੇ ਹੋਏ ਕਿਸੇ ਵੀ ਮਰੀਜ਼ ਨੂੰ ਇਲਾਜ ਲਈ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇ। ਸਾਰੀਆਂ ਦਵਾਈਆਂ ਹਸਪਤਾਲ ਅੰਦਰੋਂ ਹੀ ਉਪਲਬੱਧ ਕਰਵਾਈਆਂ ਜਾਣ। ਸਿਹਤ ਮੰਤਰੀ ਨੇ ਦਵਾਈਆਂ ਦੀ ਸਪਲਾਈ ਯਕੀਨੀ ਬਣਾਇਆ ਦੀ ਹਦਾਇਤ ਕਰਦੇ ਹੋਏ ਕਿਹਾ ਕਿ ਸਾਰੀਆਂ ਜ਼ਰੂਰੀ ਦਵਾਈਆਂ ਦਾ ਘੱਟੋ-ਘੱਟ ਇੱਕ ਮਹੀਨੇ ਦਾ ਬਫਰ ਸਟਾਕ ਰੱਖਿਆ ਜਾਵੇ ਅਤੇ ਜ਼ਰੂਰੀ ਦਵਾਈਆਂ ਦੀ ਕਿਸੇ ਵੀ ਕਮੀ ਨਾ ਹੋਣ ਦਿੱਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਨੂੰ ਵੀ ਬਾਹਰੋਂ ਦਵਾਈ ਜਾਂ ਹੋਰ ਸਾਮਾਨ ਖਰੀਦਣ ਦੀ ਲੋੜ ਨਹੀਂ ਪੈਣੀ ਚਾਹੀਦੀ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਐਮਰਜੈਂਸੀ ਸੇਵਾਵਾਂ ਸਮੇਤ ਸਾਰੀਆਂ ਮਹੱਤਵਪੂਰਨ ਦੇਖਭਾਲ ਇਕਾਈਆਂ ਵਿੱਚ ਨਿਰਵਿਘਨ ਆਕਸੀਜਨ ਸਪਲਾਈ ਅਤੇ ਬਿਜਲੀ ਬੈਕਅੱਪ ਨੂੰ ਯਕੀਨੀ ਬਣਾਇਆ ਜਾਏ। ਡਾ. ਬਲਬੀਰ ਸਿੰਘ ਨੇ ਜੀਵਨ ਰੱਖਿਅਕ ਡਾਕਟਰੀ ਸੇਵਾਵਾਂ ਵਿੱਚ ਕਿਸੇ ਵੀ ਰੁਕਾਵਟ ਨੂੰ ਰੋਕਣ ਲਈ ਦਿਨ-ਰਾਤ ਆਕਸੀਜਨ ਦੀ ਉਪਲੱਬਧਤਾ, ਕਾਰਜਸ਼ੀਲ ਯੂ.ਪੀ.ਐੱਸ. ਪ੍ਰਣਾਲੀ ਅਤੇ ਮੁਕੰਮਲ ਤੌਰ ‘ਤੇ ਕਾਰਜਸ਼ੀਲ ਜਨਰੇਟਰ ਸੈੱਟਾਂ ਦੀ ਲੋੜ 'ਤੇ ਜ਼ੋਰ ਵੀ ਦਿੱਤਾ।
ਸਿਹਤ ਮੰਤਰੀ ਨੇ ਪੱਤਰਕਾਰਾਂ ਦੇ ਇਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦੇ ਨਿਰਮਾਣ ਕੰਮ ਇਸ ਸਾਲ ਅੰਦਰ ਸ਼ੁਰੂ ਹੋਣ ਦੀ ਉਮੀਦ ਹੈ ਜੋ ਕਿ ਸ਼ਹੀਦ ਭਗਤ ਸਿੰਘ ਨਗਰ ਅਤੇ ਆਲੇ-ਦੁਆਲੇ ਦੇ ਖੇਤਰ ਦੇ ਲੋਕਾਂ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਿਤ ਹੋਵੇਗਾ।
ਉਨ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਸਟਾਫ ਦੀ ਕਮੀ ਸਬੰਧੀ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸਰਕਾਰੀ ਹਸਪਤਾਲਾਂ ਦੀ ਕਾਰਗੁਜ਼ਾਰੀ ਤੇ ਸਮਰਥਾ ਵਧਾਉਣ ਲਈ ਸਟਾਫ਼ ਭਰਤੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਤਹਿਤ 1000 ਡਾਕਟਰ ਭਰਤੀ ਜਲਦ ਹੀ ਮੁਕੰਮਲ ਹੋਣ ਦੀ ਉਮੀਦ ਹੈ।
ਉਨ੍ਹਾਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਫ਼ਤ ਅਤੇ ਪਹੁੰਚਯੋਗ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ।