ਸਾਹਿਬ-ਏ-ਕਮਾਲ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅੱਜ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 26 ਦਸੰਬਰ, 2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਹਿਬ-ਏ-ਕਮਾਲ, ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ “ਵਿਸ਼ੇਸ਼ ਗੁਰਮਤਿ ਸਮਾਗਮ” ਸ਼ਨੀਵਾਰ, 27 ਦਸੰਬਰ 2025 ਨੂੰ ਅੰਮ੍ਰਿਤ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਬੜੀ ਸ਼ਰਧਾ, ਸਤਿਕਾਰ ਅਤੇ ਗੁਰਮਤਿ ਮਰਿਆਦਾ ਅਨੁਸਾਰ ਕਰਵਾਇਆ ਜਾ ਰਿਹਾ ਹੈ।
ਸਰਦਾਰ ਕਾਲਕਾ ਨੇ ਦੱਸਿਆ ਕਿ ਇਸ ਪਵਿੱਤਰ ਸਮਾਗਮ ਦੌਰਾਨ ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ, ਵਿਦਵਾਨ ਗੁਰਮਤਿ ਪ੍ਰਚਾਰਕਾਂ ਵੱਲੋਂ ਕਥਾ-ਵਿਚਾਰ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਕੁਰਬਾਨੀਆਂ ਅਤੇ ਉੱਚੇ ਆਦਰਸ਼ਾਂ ’ਤੇ ਪ੍ਰਕਾਸ਼ ਪਾਇਆ ਜਾਵੇਗਾ। ਇਹ ਸਮਾਗਮ ਸੰਗਤਾਂ ਲਈ ਗੁਰਮਤਿ ਵਿਚਾਰਧਾਰਾ ਨਾਲ ਜੁੜਨ ਅਤੇ ਆਤਮਕ ਉਤਸ਼ਾਹ ਪ੍ਰਾਪਤ ਕਰਨ ਦਾ ਵਿਸ਼ੇਸ਼ ਅਵਸਰ ਹੋਵੇਗਾ।
ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਨਿਮਰ ਬੇਨਤੀ ਕਰਦਿਆਂ ਕਿਹਾ ਕਿ ਉਹ ਇਸ ਪਵਿੱਤਰ ਮੌਕੇ ’ਤੇ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਅਤੇ ਪ੍ਰਕਾਸ਼ ਗੁਰਪੁਰਬ ਦੀਆਂ ਲਾਹੇਵੰਦ ਬਰਕਤਾਂ ਨਾਲ ਆਪਣੇ ਜੀਵਨ ਨੂੰ ਨਿਹਾਲ ਕਰਨ।
ਸਰਦਾਰ ਕਾਲਕਾ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਮਨੁੱਖਤਾ, ਨਿਆਂ, ਬਹਾਦੁਰੀ ਅਤੇ ਤਿਆਗ ਦਾ ਅਮਰ ਪ੍ਰਤੀਕ ਹੈ ਅਤੇ ਅਜਿਹੇ ਗੁਰਮਤਿ ਸਮਾਗਮ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਸੋਚ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।