ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦੇਖੀ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 27 ਦਸੰਬਰ ,2024 ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਇਸੇ ਉਦੇਸ਼ ਨਾਲ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਦੌਰਾ ਕਰਕੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਿਹਤ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ। ਇਸੇ ਦੌਰਾਨ ਉਨ੍ਹਾਂ ਓ.ਪੀ.ਡੀ., ਆਈ.ਪੀ.ਡੀ., ਜੱਚਾ ਬੱਚਾ ਵਾਰਡ ਤੇ ਐਮਰਜੈਂਸੀ ਵਾਰਡ ਸਮੇਤ ਸਮੁੱਚੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਸਪਤਾਲ ਵਿੱਚ ਸਾਫ-ਸਫਾਈ ਦੇ ਪ੍ਰਬੰਧਾਂ, ਮੈਡੀਕਲ ਰਿਕਾਰਡ ਤੇ ਸਟਾਕ ਰਜਿਸਟਰਾਂ ਨੂੰ ਵੀ ਦੇਖਿਆ।
ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨਾਲ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਚਾਰ-ਵਟਾਂਦਰਾ ਕਰਦੇ ਹੋਏ ਜ਼ਰੂਰੀ ਸੁਝਾਅ ਦਿੱਤੇ ਤਾਂ ਜੋ ਕਿਸੇ ਵੀ ਮਰੀਜ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਭੀੜ ਦਾ ਪ੍ਰਭਾਵਸ਼ਾਲੀ ਢੰਗ ਤੇ ਤਕਨੀਕੀ ਰੂਪ ਨਾਲ ਬਿਹਤਰ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਜ਼ਿਲ੍ਹਾ ਨਿਵਾਸੀਆਂ ਸਮੇਤ ਆਲੇ-ਦੁਆਲੇ ਦੇ ਖੇਤਰਾਂ ਵਿੱਚੋਂ ਵੱਡੀ ਗਿਣਤੀ ਵਿੱਚ ਲੋਕ ਸਿਹਤ ਸਹੂਲਤਾਂ ਦਾ ਲਾਭ ਲੈਣ ਲਈ ਆਉੰਦੇ ਹਨ, ਇਸ ਲਈ ਮਰੀਜ਼ਾਂ ਦੀ ਭੀੜ ਦੇ ਪ੍ਰਬੰਧਨ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ ’ਤੇ ਸਪੋਰਟਿਵ ਸੁਪਰਵੀਜ਼ਨ ਕੀਤੀ ਜਾਂਦੀ ਹੈ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ।
ਡਾ. ਕੌਰ ਨੇ ਸਰਕਾਰੀ ਹਸਪਤਾਲਾਂ ਵਿੱਚ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਬਿਹਤਰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ ਸਤਵਿੰਦਰਪਾਲ ਸਿੰਘ, ਪੀ.ਏ ਟੂ ਸਿਵਲ ਸਰਜਨ ਅਜੇ ਕੁਮਾਰ, ਨਰਸਿੰਗ ਸਿਸਟਰ ਸਤਵਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।