ਸਿਵਲ ਸਰਜਨ ਬਠਿੰਡਾ ਵੱਲੋਂ ਮਾਪਿਆਂ ਨੂੰ ਐਚ.ਪੀ.ਵੀ ਵੈਕਸੀਨ ਲਗਵਾਉਣ ਲਈ ਅਪੀਲ
ਅਸ਼ੋਕ ਵਰਮਾ
ਬਠਿੰਡਾ, 18 ਮਾਰਚ 2026 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਵੱਲੋਂ ਜ਼ਿਲ੍ਹੇ ਦੇ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਬੇਟੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਅ ਲਈ ਐਚ.ਪੀ.ਵੀ ਵੈਕਸੀਨ ਜ਼ਰੂਰ ਲਗਵਾਉਣ। ਉਨ੍ਹਾਂ ਦੱਸਿਆ ਕਿ ਐਚ.ਪੀ.ਵੀ ਵਾਇਰਸ ਕਾਰਨ ਹੋਣ ਵਾਲਾ ਸਰਵਾਈਕਲ ਕੈਂਸਰ ਔਰਤਾਂ ਵਿੱਚ ਇੱਕ ਗੰਭੀਰ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਇਹ ਵੈਕਸੀਨ ਬਹੁਤ ਪ੍ਰਭਾਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਇਹ ਵੈਕਸੀਨ ਸਰਕਾਰ ਵੱਲੋਂ 14 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਮੁਫ਼ਤ ਲਗਾਈ ਜਾ ਰਹੀ ਹੈ ਅਤੇ ਸਮੇਂ ਸਿਰ ਲਗਵਾਉਣ ਨਾਲ ਭਵਿੱਖ ਵਿੱਚ ਕੈਂਸਰ ਦੇ ਖਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਕੇਂਦਰਾਂ ‘ਤੇ ਇਹ ਵੈਕਸੀਨ ਮੁਫ਼ਤ ਉਪਲਬਧ ਕਰਵਾਈ ਜਾ ਰਹੀ ਹੈ।
ਸਿਵਲ ਸਰਜਨ ਨੇ ਇਹ ਵੀ ਅਪੀਲ ਕੀਤੀ ਕਿ ਮਾਪੇ ਕਿਸੇ ਵੀ ਗਲਤਫਹਿਮੀ ਜਾਂ ਅਫ਼ਵਾਹ ‘ਤੇ ਵਿਸ਼ਵਾਸ ਨਾ ਕਰਨ ਅਤੇ ਸਿਹਤ ਕਰਮਚਾਰੀਆਂ ਨਾਲ ਸੰਪਰਕ ਕਰਕੇ ਸਹੀ ਜਾਣਕਾਰੀ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਹ ਲੜਕੀਆਂ ਦੀ ਸਿਹਤ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਹੈ। ਅਖੀਰ ਵਿੱਚ ਉਨ੍ਹਾਂ ਨੇ ਸਾਰੇ ਸਕੂਲ ਪ੍ਰਬੰਧਕਾਂ ਅਤੇ ਆਸ਼ਾ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਵੱਧ ਤੋਂ ਵੱਧ ਲੜਕੀਆਂ ਨੂੰ ਵੈਕਸੀਨੇਸ਼ਨ ਲਈ ਪ੍ਰੇਰਿਤ ਕਰਨ ਤਾਂ ਜੋ ਜ਼ਿਲ੍ਹੇ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਇਆ ਜਾ ਸਕੇ।
Click to Follow Babushahi Facebook page →