ਸਿਵਲ ਸਰਜਨ ਬਠਿੰਡਾ ਵੱਲੋਂ ਸਿਵਲ ਹਸਪਤਾਲ ਦੀ ਓ.ਪੀ.ਡੀ ਦਾ ਦੌਰਾ
ਅਸ਼ੋਕ ਵਰਮਾ
ਬਠਿੰਡਾ, 05 ਅਗਸਤ 2025:ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਵੱਲੋਂ ਸਿਵਲ ਹਸਪਤਾਲ ਬਠਿੰਡਾ ਦੀ ਓ.ਪੀ.ਡੀ ਵਿਭਾਗ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਡਾਕਟਰਾਂ ਦੀ ਹਾਜ਼ਰੀ, ਦਵਾਈ ਵੰਡ ਪ੍ਰਣਾਲੀ, ਟੈਸਟਾਂ ਦੀ ਉਪਲਬਧਤਾ ਅਤੇ ਸਾਫ-ਸਫਾਈ ਦੀ ਜਾਂਚ ਕੀਤੀ। ਉਹਨਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਵਧੀਆ ਤੇ ਸਮੇਂ-ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਾਰੇ ਡਾਕਟਰਾਂ ਅਤੇ ਸਟਾਫ਼ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਨੇ ਓ.ਪੀ.ਡੀ ਵਿਚ ਮੌਜੂਦ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਕੁਝ ਮਾਮਲਿਆਂ ਵਿੱਚ ਤੁਰੰਤ ਨਿਰਦੇਸ਼ ਵੀ ਜਾਰੀ ਕੀਤੇ। ਇਸ ਮੌਕੇ ਸਿਵਲ ਸਰਜਨ ਨੇ ਲੈਬ, ਫਾਰਮੇਸੀ ਅਤੇ ਰਜਿਸਟ੍ਰੇਸ਼ਨ ਕਾਊਂਟਰ ਦੀ ਵੀ ਜਾਂਚ ਕੀਤੀ ਅਤੇ ਹਦਾਇਤਾਂ ਦਿੱਤੀਆਂ ਕਿ ਮਰੀਜ਼ਾਂ ਨੂੰ ਕਿਸੇ ਵੀ ਤਕਲੀਫ਼ ਤੋਂ ਬਚਾਇਆ ਜਾਵੇ। ਉਹਨਾਂ ਡਾਕਟਰਾਂ ਨੂੰ ਹਦਾਇਤ ਦਿੱਤੀ ਕਿ ਮਰੀਜਾਂ ਨੂੰ ਕੋਈ ਵੀ ਦਵਾਈ ਵੀ ਬਾਹਰ ਤੋਂ ਨਾ ਲਿਖੀ ਜਾਵੇ । ਉਨ੍ਹਾਂ ਨੇ ਕਿਹਾ ਕਿ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਅਕਸਰ ਅਚਾਨਕ ਦੌਰੇ ਕੀਤੇ ਜਾਣਗੇ। ਇਸ ਮੌਕੇ ਸਿਵਲ ਹਸਪਤਾਲ ਬਠਿੰਡਾ ਡਾ ਸੋਨੀਆ ਵੀ ਮੌਜੂਦ ਸਨ ।