ਸਿੱਖਿਆ ਕ੍ਰਾਂਤੀ: ਜਲੰਧਰ ਦੇ 35 ਸਰਕਾਰੀ ਸਕੂਲਾਂ ’ਚ 2.32 ਕਰੋੜ ਰੁਪਏ ਨਾਲ ਬਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ
- 20 ਪ੍ਰਾਇਮਰੀ ਸਕੂਲਾਂ ’ਚ 1.48 ਕਰੋੜ ਤੇ 13 ਅਪਰ ਪ੍ਰਾਇਮਰੀ ਸਕੂਲਾਂ ’ਚ 84.47 ਲੱਖ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ
- ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ’ਚ ਨਵੇਂ ਮਿਆਰ ਕਾਇਮ ਕਰਨ ਲਈ ਵਚਨਬੱਧ : ਮਹਿੰਦਰ ਭਗਤ
- ਕੈਬਨਿਟ ਮੰਤਰੀ ਨੇ 3 ਸਰਕਾਰੀ ਸਕੂਲਾਂ ’ਚ 34.49 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਕੀਤੇ ਸਮਰਪਿਤ
- ਵਿਧਾਇਕ ਬਲਕਾਰ ਸਿੰਘ, ਰਮਨ ਅਰੋੜਾ ਅਤੇ ਇੰਦਰਜੀਤ ਕੌਰ ਮਾਨ ਵੱਲੋਂ ਵੀ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਪ੍ਰਾਜੈਕਟਾਂ ਦਾ ਉਦਘਾਟਨ
ਚੰਡੀਗੜ੍ਹ/ਜਲੰਧਰ, 7 ਅਪ੍ਰੈਲ 2025 - ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਅੱਜ ਜਲੰਧਰ ਦੇ 35 ਸਰਕਾਰੀ ਸਕੂਲਾਂ ਵਿੱਚ 2.32 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ, ਜਿਸ ਨਾਲ ਜ਼ਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ ਹੈ।
ਇਨ੍ਹਾਂ ਸਕੂਲਾਂ ਵਿੱਚ 20 ਪ੍ਰਾਇਮਰੀ ਅਤੇ 13 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ, ਜਿਨ੍ਹਾਂ ਵਿੱਚ ਕ੍ਰਮਵਾਰ 1.48 ਕਰੋੜ ਅਤੇ 84.47 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਮੁੱਖ ਤੌਰ ’ਤੇ ਸਮਾਰਟ ਕਲਾਸ ਰੂਮਜ਼, ਚਾਰਦਿਵਾਰੀ, ਕਲੱਸਟਰ ਰੂਮ, ਪਖਾਨੇ ਆਦਿ ਦੇ ਕੰਮ ਸ਼ਾਮਲ ਹਨ।
ਇਸੇ ਮੁਹਿੰਮ ਤਹਿਤ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਸਥਾਨਕ ਸਰਕਾਰੀ ਮਿਡਲ ਸਕੂਲ ਬਸਤੀ ਸ਼ੇਖ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਬਸਤੀ ਗੁਜ਼ਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ ਵਿਖੇ 34.49 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ।
ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਗੁਜ਼ਾਂ ਅਤੇ ਸਰਕਾਰੀ ਮਿਡਲ ਸਕੂਲ ਬਸਤੀ ਸ਼ੇਖ ਵਿਖੇ 15.02 ਲੱਖ ਦੀ ਲਾਗਤ ਨਾਲ 2 ਸਮਾਰਟ ਕਲਾਸ ਰੂਮ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਸਦੀਕ ਵਿਖੇ 19.47 ਲੱਖ ਰੁਪਏ ਦੀ ਲਾਗਤ ਨਾਲ 2 ਕਲਾਸ ਰੂਮਜ਼, ਚਾਰਦਿਵਾਰੀ, ਕਲਾਸਾਂ ਦੀ ਮੁਰੰਮਤ, ਨਵੇਂ ਟਾਇਲਟਜ਼ ਦਾ ਕੰਮ ਸ਼ਾਮਲ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਦਿਨ ਤੋਂ ਸਿੱਖਿਆ ਨੂੰ ਤਰਜੀਹ ਦਿੰਦਿਆਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਸਕੂਲਾਂ ਵਿਚਲੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਵਿਦਿਆਰਥੀਆਂ ਨੂੰ ਡਿਜੀਟਲ ਤਕਨੀਕ ਨਾਲ ਸਮੇਂ ਦੀ ਹਾਣ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।
ਸ਼੍ਰੀ ਭਗਤ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਕਰਵਾਏ ਵਿਕਾਸ ਕੰਮਾਂ ਨਾਲ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਸਰਕਾਰੀ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਕੰਮਾਂ ਦੇ ਉਦਘਾਟਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਇਸ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਮੁਹੱਈਆ ਕਰਵਾਉਣ ਲਈ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਵਿਦੇਸ਼ਾਂ ਵਿੱਚ ਭੇਜਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਲਈ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਸਕੂਲ ਆਫ ਐਮੀਨੈਂਸ ਵਰਗੀਆਂ ਪਹਿਲਕਦਮੀਆਂ ਵੀ ਕੀਤੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ਼ ’ਤੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਰੁਝਾਨ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਸੂਬਾ ਦੇਸ਼ ਭਰ ਵਿੱਚ ਸਿੱਖਿਆ ਦਾ ਮਾਡਲ ਬਣ ਕੇ ਉੱਭਰ ਰਿਹਾ ਹੈ।
ਇਸੇ ਤਰ੍ਹਾਂ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਜੰਡੂ ਸਿੰਘਾ (ਲੜਕੇ), ਸਰਕਾਰੀ ਪ੍ਰਾਇਮਰੀ ਸਕੂਲ ਜੰਡੂਸਿੰਘਾ (ਲੜਕੀਆਂ) ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਦਾਰ ਵਿਖੇ 15.23 ਲੱਖ ਦੀ ਲਾਗਤ ਨਾਲ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ।
ਇਸੇ ਤਰ੍ਹਾਂ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਆਪਣੇ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਰੈਣਕ ਬਾਜ਼ਾਰ, ਸਰਕਾਰੀ ਪ੍ਰਾਇਮਰੀ ਸਕੂਲ ਲਾਡੋਵਾਲੀ ਰੋਡ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਾਕੀ ਪਿੰਡ ਵਿਖੇ 29.77 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ।
ਇਸ ਤੋਂ ਇਲਾਵਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਰਹੀਮਪੁਰ, ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਪੰਡੌਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਧੀ ਵਿਖੇ 13.91 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਉਦਘਾਟਨ ਸਮਾਗਮਾਂ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਡਾ. ਗੁਰਿੰਦਰਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਹਰਜਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ, ਸਕੂਲ ਅਧਿਆਪਕ, ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।