ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਸਕੂਲਾਂ ਵਿੱਚ ਬਣੇ ਸਮਾਰਟ ਕਲਾਸ ਰੂਮਾਂ ਦਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਉਦਘਾਟਨ
- 37 ਲੱਖ ਤੋਂ ਵਧੇਰੇ ਦੀ ਗਰਾਂਟ ਨਾਲ ਤਿੰਨ ਸਕੂਲਾਂ ਦੀ ਬਦਲੀ ਨੁਹਾਰ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 16 ਅਪ੍ਰੈਲ 2025 - ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ ਅਤੇ ਸਮਾਰਟ ਕਲਾਸ ਰੂਮ, ਕੰਪਿਊਟਰ ਲੈਬਜ਼, ਖੇਡ ਗਰਾਊਂਡ ਤੇ ਹੋਰ ਆਧੁਨਿਕ ਸਹੂਲਤਾਂ ਸਰਕਾਰੀ ਸਕੂਲ ਦੀ ਪੜਾਈ ਦੇ ਮਿਆਰ ਨੂੰ ਹੋਰ ਉੱਚਾ ਕਰ ਰਹੀਆਂ ਹਨ। ਇਸ ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਹਾਈ ਸਕੂਲ ਮਨਸੂਰਕੇ ਵਿੱਚ 22.51 ਲੱਖ ਅਤੇ ਸਰਕਾਰੀ ਮਿਡਲ ਸਕੂਲ ਸ਼ਹਿਜ਼ਾਦਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਜ਼ਾਦਾ ਵਿਖੇ 15.70 ਲੱਖ ਰੁਪਏ ਦੀ ਗਰਾਂਟ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਵਿਧਾਇਕ ਡੇਰਾ ਬਾਬਾ ਨਾਨਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕੀਤਾ। ਇਹਨਾਂ ਵਿਕਾਸ ਕਾਰਜਾਂ ਵਿੱਚ ਸਮਾਰਟ ਕਲਾਸ ਰੂਮ ਅਤੇ ਸਕੂਲਾਂ ਦੀ ਚਾਰਦੀਵਾਰੀ ਦੀ ਰਿਪੇਅਰ ਆਦਿ ਮਹੱਤਵਪੂਰਨ ਕਾਰਜ ਸ਼ਾਮਿਲ ਹਨ।
ਇਸ ਉਦਘਾਟਨ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਹੁਣ ਸੂਬੇ ਦਾ ਹਰੇਕ ਸਕੂਲ ਆਧੁਨਿਕ ਸਹੂਲਤਾਂ ਨਾਲ ਲੈਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਹੂਲਤਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਲਿਆਉਣ ਲਈ ਕਰੋੜਾਂ ਰੁਪਏ ਦੇ ਫ਼ੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਵਾਧਾ ਹੋ ਰਿਹਾ ਹੈ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜ਼ਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦਾ ਗਰਾਫ਼ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ, ਕਿਉਂਕਿ ਉੱਚ ਦਰਜੇ ਦੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।
ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਪਰਵਿੰਦਰ ਸਿੰਘ ਘਣੀਆ, ਹਰਜੀਤ ਸਿੰਘ ਠੇਠਰਕੇ, ਮੇਜਰ ਸਿੰਘ, ਪਿੰਡ ਮਨਸੂਰਕੇ ਦੇ ਸਰਪੰਚ ਵਿਕਟਰ ਮਸੀਹ, ਅਵਤਾਰ ਸਿੰਘ ਸਰਪੰਚ ਮਨਸੂਰਕੇ ਪੱਤੀ, ਹੈੱਡ ਮਾਸਟਰ ਦਲਵਿੰਦਰ ਜੀਤ ਸਿੰਘ, ਖੁਸ਼ਬੀਰ ਸਿੰਘ ਤੋਂ ਇਲਾਵਾ ਸਕੂਲਾਂ ਦੇ ਅਧਿਆਪਕ, ਵਿਦਿਆਰਥੀਆਂ ਦੇ ਮਾਪੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।