ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿਖੇ ਪ੍ਰੋਜੈਕਟਾਂ ਦੇ ਕੀਤੇ ਜਾਣਗੇ ਉਦਘਾਟਨ
- ਜ਼ਿਲ੍ਹੇ ਦੇ ਪਿੰਡ ਲੁਠੇੜੀ, ਨੰਗਲ ਸਰਸਾ ਅਤੇ ਚਨੌਲੀ ਬੱਸੀ ਦੇ ਸਕੂਲਾਂ ਨੂੰ ਸਰਬੋਤਮ ਵਿੱਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ
- ਸਿੱਖਿਆ ਮੰਤਰੀ ਹਰਜੋਤ ਬੈਂਸ ਵਿਦਿਆਰਥੀਆਂ ਤੇ ਮਾਪਿਆਂ ਦੇ ਹੋਣਗੇ ਰੂਬਰੂ
ਰੂਪਨਗਰ, 6 ਅਪ੍ਰੈਲ 2025: ਸੂਬੇ ਵਿਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਵੱਲ ਇਕ ਠੋਸ ਕਦਮ ਪੁੱਟਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਤਹਿਤ ਪੂਰੇ ਜ਼ਿਲ੍ਹੇ ਵਿੱਚ ਅੱਜ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੀ ਗਈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੁਠੇੜੀ, ਹਲਕਾ ਰੂਪਨਗਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚਨੌਲੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬੱਸੀ, ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਸਰਸਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਸਰਸਾ ਸਕੂਲਾਂ ਦੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਸਰਬੋਤਮ ਵਿੱਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਣ ਦਾ ਬਿਹਤਰ ਮਾਹੌਲ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ।