ਸੀਪੀਆਈ(ਐਮ ਐਲ) ਨੇ ਬਲਾਕ ਤੋੜਨ ਵਿਰੁੱਧ ਰਾਜਨੀਤਕ ਕਾਨਫਰੰਸ ਕਰਕੇ ਰਣਨੀਤੀ ਉਲੀਕੀ
* ਔੜ ਬਲਾਕ ਵਿਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਦਾ ਬਾਈਕਾਟ ਕਰਨ ਦਾ ਸਰਵਸੰਮਤੀ ਨਾਲ ਲਿਆ ਫੈਸਲਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 4 ਦਸੰਬਰ 2025
ਅੱਜ ਇੱਥੇ ਸੀਪੀਆਈ(ਐਮ ਐਲ) ਨਿਊ ਡੈਮੋਕਰੇਸੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸਹਿਯੋਗ ਨਾਲ ਔੜ ਬਲਾਕ ਨੂੰ ਖ਼ਤਮ ਕਰਨ ਵਿਰੁੱਧ ਰਾਜਨੀਤਕ ਕਾਨਫਰੰਸ ਕੀਤੀ ਗਈ ਜਿਸ ਵਿਚ ਔੜ ਬਲਾਕ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨ, ਮਜ਼ਦੂਰ, ਔਰਤਾਂ, ਲੋਕਪੱਖੀ ਸ਼ਖਸੀਅਤਾਂ ਤੋਂ ਇਲਾਵਾ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਤੇ ਕਾਰਕੁਨ ਸ਼ਾਮਲ ਹੋਏ। ਬਲਾਕ ਬਚਾਓ ਸੰਘਰਸ਼ ਕਮੇਟੀ ਦੇ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਹਮਾਇਤ ਵਿਚ ਪਹੁੰਚੇ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸੀਪੀਆਈਐੱਮਐੱਲ ਦੇ ਆਗੂ ਐਡਵੋਕੇਟ ਦਲਜੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਇਲਾਕਾ ਪ੍ਰਧਾਨ ਸੁਰਿੰਦਰ ਸਿੰਘ ਮਹਿਰਮਪੁਰ, ਬਲਾਕ ਬਚਾਓ ਸੰਘਰਸ਼ ਕਮੇਟੀ ਦੇ ਮੈਂਬਰ ਰਾਜ ਕੁਮਾਰ ਮਾਹਲ ਖੁਰਦ, ਪੱਤਰਕਾਰ ਲਖਵੀਰ ਸਿੰਘ ਖੁਰਦ , ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਹਰੀ ਰਾਮ ਰਸੂਲਪੁਰੀ, ਬਲਾਕ ਬਚਾਓ ਸੰਘਰਸ਼ ਕਮੇਟੀ ਦੇ ਮੈਂਬਰ ਰਾਜ ਕੁਮਾਰ ਮਾਹਲ ਖ਼ੁਰਦ, ਬੂਟਾ ਸਿੰਘ ਮਹਿਮੂਦਪੁਰ, ਰਾਮਜੀ ਦਾਸ ਖੜਕੂਵਾਲ, ਸੁਖਵਿੰਦਰ ਸਿੰਘ ਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਬਣਾਏ ਅਦਾਰੇ ਨੂੰ ਲੋਕਾਂ ਨਾਲ ਮਸ਼ਵਰਾ ਕੀਤੇ ਬਿਨਾਂ ਤੋੜ ਦੇਣਾ ਤਾਨਾਸ਼ਾਹ ਹਕੂਮਤੀ ਨੀਤੀ ਹੈ। ਪਿੰਡਾਂ ਦੀਆਂ 74 ਪੰਚਾਇਤਾਂ ਵੱਲੋਂ ਮਤੇ ਪਾ ਕੇ ਅਤੇ ਰਾਜਨੀਤਕ ਪਾਰਟੀਆਂ, ਕਿਸਾਨ, ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਸਮੂਹ ਲੋਕਾਂ ਨੂੰ ਲੈ ਕੇ ਧਰਨੇ ਤੇ ਚੱਕਾ ਜਾਮ ਰਾਹੀਂ ਬਲਾਕ ਨੂੰ ਖ਼ਤਮ ਕਰਨ ਵਿਰੁੱਧ ਪ੍ਰਗਟਾਏ ਜਨਤਕ ਰੋਸ ਨੂੰ ਟਿੱਚ ਸਮਝਕੇ ਹੁਣ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਥੋਪ ਦਿੱਤੀਆਂ ਗਈਆਂ ਹਨ। ਇਕੱਠ ਨੇ ਸਰਵਸੰਮਤੀ ਨਾਲ ਮਤਾ ਪਾਸ ਕਰਕੇ ਸਮੂਹ ਪਿੰਡਾਂ ਦੇ ਲੋਕਾਂ ਨੂੰ ਔੜ ਬਲਾਕ ਦੀਆਂ ਚੋਣਾਂ ਦਾ ਬਾਈਕਾਟ ਕਰਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ਦੇ ਵਿਸ਼ੇਸ਼ ਇਜਲਾਸ ਕਰਕੇ ਬਲਾਕ ਨੂੰ ਖ਼ਤਮ ਕਰਨ ਵਿਰੁੱਧ ਵਿਸ਼ੇਸ਼ ਮਤੇ ਪਾਉਣ ਦਾ ਸੱਦਾ ਦਿੱਤਾ ਗਿਆ। ਨਾਲ ਹੀ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਨੂੰ ਬਲਾਕ ਦੇ ਪਿੰਡਾਂ ਦੇ ਹਿਤਾਂ ਨੂੰ ਮੁੱਖ ਰੱਖਦਿਆਂ ਚੋਣਾਂ ਵਿਚ ਹਿੱਸਾ ਨਾ ਲੈਣ ਦੀ ਪੁਰਜ਼ੋਰ ਅਪੀਲ ਕੀਤੀ ਗਈ। ਕਿਉਂਕਿ ਜਿਸ ਸੰਸਥਾ ਲਈ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਜਦੋਂ ਬਲਾਕ ਦੇ ਪਿੰਡਾਂ ਦੀ ਉਹ ਸੰਸਥਾ ਹੀ ਖ਼ਤਮ ਕਰ ਦਿੱਤੀ ਗਈ ਹੈ ਤਾਂ ਬਲਾਕ ਦੇ ਲੋਕਾਂ ਵੱਲੋਂ ਚੋਣਾਂ ਵਿਚ ਹਿੱਸਾ ਲੈਣ ਅਤੇ ਵੋਟਾਂ ਪਾਉਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ। ਕਾਨਫਰੰਸ ਨੇ ਫ਼ੈਸਲਾ ਕੀਤਾ ਕਿ ਪਿੰਡ ਪਿੰਡ ਪ੍ਰਚਾਰ ਕਰਕੇ ਲੋਕਾਂ ਨੂੰ ਔੜ ਬਲਾਕ ਦੀਆਂ ਚੋਣਾਂ ਦਾ ਬਾਈਕਾਟ ਕਰਨ ਦਾ ਹੋਕਾ ਦਿੱਤਾ ਜਾਵੇਗਾ ਅਤੇ ਸਰਕਾਰ ਨੂੰ ਜਨਤਕ ਦਬਾਅ ਨਾਲ ਬਲਾਕ ਨੂੰ ਮੁੜ-ਬਹਾਲ ਕਰਨ ਲਈ ਮਜਬੂਰ ਕਰਨ ਵਾਸਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੰਚ ਸੰਚਾਲਨ ਮਾਸਟਰ ਨਰਿੰਦਰ ਸਿੰਘ ਉੜਾਪੜ ਵੱਲੋਂ ਕੀਤਾ ਗਿਆ। ਇਸ ਮੌਕੇ ਕਮਲੇਸ਼ ਕੌਰ, ਕਾ. ਜੁਗਿੰਦਰ ਸਿੰਘ, ਕਰਨੈਲ ਸਿੰਘ, ਬਲਦੇਵ ਸਿੰਘ, ਮੋਹਣ ਸਿੰਘ ਟਾਂਕ, ਸਤਨਾਮ ਸਿੰਘ ਪ੍ਰਧਾਨ, ਚਰਨ ਸਿੰਘ ਸਮੇਤ ਇਲਾਕੇ ਦੀਆਂ ਸ਼ਖਸ਼ੀਅਤਾਂ ਅਤੇ ਕਾਰਕੁਨ ਹਾਜ਼ਰ ਸਨ।