ਸੀਪੀਆਈ (ਐੱਮ ਐੱਲ) ਨਿਊ ਡੈਮੋਕ੍ਰੇਸੀ ਵਲੋਂ ਕਿਸਾਨਾਂ ਉੱਤੇ ਜ਼ਬਰ ਦੀ ਨਿੰਦਾ
ਤੇਲ ਤੇ ਗੈਸ ਦੀਆਂ ਕੀਮਤਾਂ ਵਾਧੇ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ
ਦਲਜੀਤ ਕੌਰ / ਬਾਬੂਸ਼ਾਹੀ ਬਿਊਰੋ
ਚੰਡੀਗੜ੍ਹ, 16 ਮਈ, 2026: ਇਸਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਪਰ ਅੰਨ੍ਹੇਵਾਹ ਲਾਠੀਚਾਰਜ ਕਰਨ, ਅੱਥਰੂ ਗੈਸ ਦੇ ਗੋਲੇ ਦਾਗਣ,ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਪਾਰਟੀ ਵਲੋਂ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਸਰਕਾਰ ਪੰਜਾਬ ਦੇ ਪਾਣੀਆਂ ਦਾ ਹੱਕ ਖੋਹ ਕੇ ਦੂਜੇ ਸੂਬਿਆਂ ਨੂੰ ਦੇਣ ਦੇ ਰਾਹ ਤੁਰੀ ਹੋਈ ਹੈ। ਫਸਲਾਂ ਦੇ ਘੱਟੋਂ ਘੱਟ ਸਮੱਰਥਨ ਮੁੱਲ ਦੇਣ ਤੋਂ ਲਗਾਤਾਰ ਟਾਲ ਮਟੋਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸੰਵਿਧਾਨਕ ਪ੍ਰੰਪਰਾਵਾਂ ਅਤੇ ਜਮਹੂਰੀਅਤ ਨੂੰ ਪੈਰਾਂ ਹੇਠ ਦਰੜ ਕੇ ਪੱਛਮੀ ਬੰਗਾਲ ਵਿੱਚ ਹੋਈ ਜਿੱਤ ਤੋਂ ਬਾਅਦ ਪੰਜਾਬ ਫਾਸ਼ੀਵਾਦੀ ਕੇਂਦਰੀ ਹਕੂਮਤ ਦੇ ਨਿਸ਼ਾਨੇ ਉੱਤੇ ਹੈ। ਉਨ੍ਹਾਂ ਕਿਹਾ ਕਿ ਪਾਣੀ ਸੂਬਿਆਂ ਦੇ ਅਧਿਕਾਰ ਖੇਤਰ ਚ ਆਉਂਦਾ ਹੈ ਪਰ ਭਾਖੜਾ ਬਿਆਸ ਮੈਨੇਜਮੈਂਟ (ਬੀਬੀਐੱਮ) ਚੋਂ ਪੰਜਾਬ ਦੀ ਸਥਾਈ ਮੈਂਬਰੀ ਖ਼ਤਮ ਕਰ ਦਿੱਤੀ ਗਈ ਹੈ। ਰਾਖ਼ੀ ਦੇ ਬਹਾਨੇ ਡੈਮ ਸੇਫਟੀ ਐਕਟ ਦੇ ਨਾਂ ਹੇਠ ਭਾਖੜਾ ਬਿਆਸ ਮੈਨੇਜਮੈਂਟ ਦਾ ਪ੍ਰਬੰਧ ਕੇਂਦਰ ਨੇ ਆਪਣੇ ਹੱਥਾਂ ਵਿੱਚ ਲੈ ਲਿਆ ਹੈ ਅਤੇ ਸੈਂਟਰਲ ਸੁਰੱਖਿਆ ਫੋਰਸ ਨੂੰ ਤਾਇਨਾਤ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪੰਜਾਬ ਦੇ ਪਾਣੀਆਂ ਦੀ ਵੰਡ ਰਿਪੇਰੀਅਨ ਸਿਧਾਂਤ ਅਨੁਸਾਰ ਕਰਨ ਅਤੇ ਫ਼ਸਲਾਂ ਦੇ ਘੱਟੋਂ ਘੱਟ ਸਮੱਰਥਨ ਮੁੱਲ ਸੰਬੰਧੀ ਕਾਨੂੰਨ ਬਣਾਉਣ ਲਈ ਕੇਂਦਰ ਸਰਕਾਰ ਨੂੰ ਪੰਜਾਬ ਦੇ ਰਾਜਪਾਲ ਰਾਹੀਂ ਮੰਗ ਪੱਤਰ ਦੇਣ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ। ਦੁਨੀਆਂ ਦੀ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਦਾਅਵਾ ਕਰਨ ਵਾਲੀ ਫਾਸ਼ੀਵਾਦੀ ਹਕੂਮਤ ਵਲੋਂ ਪੰਜਾਬ ਦੀ ਆਪਣੀ ਰਾਜਧਾਨੀ ਚੰਡੀਗੜ੍ਹ ਚ ਕਿਸਾਨਾਂ ਨੂੰ ਦਾਖ਼ਲ ਹੋਣ ਤੋਂ ਜ਼ਬਰੀ ਰੋਕਣ ਲਈ ਕੰਡਿਆਲੀਆਂ ਤਾਰਾਂ ਅਤੇ ਬੈਰੀਕੇਟ ਲਗਾ ਕੇ ਰੋਕਿਆ ਗਿਆ ਅਤੇ ਜ਼ਬਰ ਦਾ ਨਿਸ਼ਾਨਾ ਬਣਾਇਆ ਗਿਆ। ਜੋ ਅਤਿ ਨਿੰਦਣਯੋਗ ਹੈ।
ਇਸ ਦੌਰਾਨ ਪਾਰਟੀ ਵਲੋਂ ਖਾੜੀ ਦੀ ਜੰਗ ਅਤੇ ਤੇਲ ਕੰਪਨੀਆਂ ਨੂੰ ਪੈ ਰਹੇ ਘਾਟੇ ਦਾ ਬਹਾਨਾ ਬਣਾ ਕੇ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੀ ਵੀ ਨਿੰਦਾ ਕਰਦਿਆਂ ਇਸ ਵਾਧੇ ਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ ਗਈ ਅਤੇ ਜਨਤਾ ਨੂੰ ਇਸਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ।
- Download Babushahi App
-
-