ਸੁਖਬੀਰ ਬਾਦਲ ਦੇ ਮੁੜ ਪ੍ਰਧਾਨ ਬਣਨ ’ਤੇ ਭਾਈ ਮਹਿਤਾ, ਭਾਈ ਚਾਵਲਾ, ਐਡਵੋਕੇਟ ਸਿਆਲਕਾ ਤੇ ਭਿੱਟੇਵੱਡ ਨੇ ਦਿੱਤੀ ਵਧਾਈ
ਅੰਮ੍ਰਿਤਸਰ, 12 ਅਪ੍ਰੈਲ 2025 - ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਸ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ. ਸੁਰਜੀਤ ਸਿੰਘ ਭਿੱਟੇਵੱਡੇ ਨੇ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਵਾਹਦ ਉਹ ਤਰਜਮਾਨ ਸਿਆਸੀ ਜਥੇਬੰਦੀ ਹੈ, ਜਿਸ ਨੇ ਹਮੇਸ਼ਾ ਹੀ ਪੰਥ, ਪੰਜਾਬ ਦੇ ਨਾਲ-ਨਾਲ ਦੁਨੀਆਂ ਭਰ ਅੰਦਰ ਵੱਸਦੇ ਸਿੱਖ ਭਾਈਚਾਰੇ ਲਈ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੇ ਲੋਕਾਂ ਦੇ ਹਰ ਦੁੱਖ ਸੁੱਖ ਵੇਲੇ ਡੱਟ ਕੇ ਨਾਲ ਖੜਿਆ ਪੰਜਾਬ ਦਾ ਜੋ ਵੀ ਵਿਕਾਸ ਹੋਇਆ ਉਹ ਕੇਵਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ।
ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਕਿਹਾ ਕਿ ਅੱਜ ਖ਼ੁਸ਼ੀ ਦੀ ਗੱਲ ਹੈ ਕਿ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਅੱਜ ਹੋਈ ਚੋਣ ਵਿਚ ਸ. ਸੁਖਬੀਰ ਸਿੰਘ ਬਾਦਲ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦਾ ਸਤਿਕਾਰ ਕਰਦਿਆਂ ਸਰਬਸੰੰਮਤੀ ਨਾਲ ਉਨ੍ਹਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਜ਼ੁੰਮੇਵਾਰੀ ਸੌਂਪੀ ਗਈ ਹੈ। ਆਗੂਆਂ ਨੇ ਆਸ ਪ੍ਰਗਟਾਈ ਕਿ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਦੀ ਤਰ੍ਹਾਂ ਲੋਕ ਮੁੱਦਿਆਂ ਨੂੰ ਹਰ ਪੱਧਰ ’ਤੇ ਉਠਾਏਗਾ ਅਤੇ ਪੰਜਾਬ ਦੇ ਲੋਕਾਂ ਮੋਹਰੀ ਹੋ ਕੇ ਲੜਾਈ ਲੜੇਗਾ।