ਸੁਲਤਾਨਪੁਰ ਲੋਧੀ ਚੋਣ ਨਤੀਜੇ: ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਦਾ ਦਬਦਬਾ, ਆਮ ਆਦਮੀ ਪਾਰਟੀ ਦੂਜੇ ਨੰਬਰ ’ਤੇ
ਕਾਂਗਰਸ ਤੇ ਅਕਾਲੀ ਦਲ ਦਾ ਨਹੀਂ ਖੁੱਲਿਆ ਖਾਤਾ
ਬਲਵਿੰਦਰ ਧਾਲੀਵਾਲ
ਸੁਲਤਾਨਪੁਰ ਲੋਧੀ17 ਦਸੰਬਰ 2025- ਸੁਲਤਾਨਪੁਰ ਲੋਧੀ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਸਿਆਸੀ ਤਸਵੀਰ ਪੂਰੀ ਤਰ੍ਹਾਂ ਸਪਸ਼ਟ ਹੋ ਗਈ ਹੈ। ਬਲਾਕ ਸੰਮਤੀ ਦੀਆਂ ਕੁੱਲ 30 ਜੋਨਾਂ ਵਿੱਚੋਂ ਆਮ ਆਦਮੀ ਪਾਰਟੀ ਨੇ 14 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ, ਜਦਕਿ 16 ਜੋਨਾਂ ’ਤੇ ਜਿੱਤ ਹਾਸਲ ਕਰਨ ਵਾਲੇ ਆਜ਼ਾਦ ਉਮੀਦਵਾਰ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧੜੇ ਨਾਲ ਸਬੰਧਤ ਦੱਸੇ ਜਾ ਰਹੇ ਹਨ।
ਇਸੇ ਤਰ੍ਹਾਂ ਜ਼ਿਲ੍ਹਾ ਪਰਿਸ਼ਦ ਦੀਆਂ ਕੁੱਲ 3 ਜੋਨਾਂ ਵਿੱਚੋਂ 2 ਸੀਟਾਂ ’ਤੇ ਰਾਣਾ ਧੜੇ ਦੇ ਆਜ਼ਾਦ ਉਮੀਦਵਾਰ ਜੇਤੂ ਰਹੇ ਹਨ, ਜਦਕਿ ਇੱਕ ਸੀਟ ਆਮ ਆਦਮੀ ਪਾਰਟੀ ਦੇ ਹਿੱਸੇ ਆਈ ਹੈ। ਦੋਵਾਂ ਹੀ ਚੋਣਾਂ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਪਣਾ ਖਾਤਾ ਖੋਲ੍ਹਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੇ ਹਨ।
ਚੋਣ ਨਤੀਜਿਆਂ ਨੇ ਇਲਾਕੇ ਦੀ ਸਿਆਸਤ ਵਿੱਚ ਨਵਾਂ ਮੋੜ ਲਿਆਉਂਦਾ ਹੋਇਆ ਸਪਸ਼ਟ ਕਰ ਦਿੱਤਾ ਹੈ ਕਿ ਵੋਟਰਾਂ ਨੇ ਰਵਾਇਤੀ ਪਾਰਟੀਆਂ ਦੀ ਥਾਂ ਸਥਾਨਕ ਨੇਤ੍ਰਿਤਵ ’ਤੇ ਭਰੋਸਾ ਜਤਾਇਆ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਨਤੀਜੇ ਆਉਣ ਵਾਲੇ ਸਮੇਂ ਵਿੱਚ ਸੁਲਤਾਨਪੁਰ ਲੋਧੀ ਦੀ ਸਿਆਸੀ ਦਿਸ਼ਾ ਅਤੇ ਤਾਕਤ ਦੇ ਸੰਤੁਲਨ ਨੂੰ ਪ੍ਰਭਾਵਿਤ ਕਰਨਗੇ।
ਉਧਰ ਚੋਣ ਨਤੀਜਿਆਂ ਤੋਂ ਬਾਅਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਦੀ ਸੰਗਤ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੇ ਉਨ੍ਹਾਂ ਦੇ ਧੜੇ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਹ ਜਿੱਤ ਕਿਸੇ ਇਕ ਵਿਅਕਤੀ ਦੀ ਨਹੀਂ, ਸਗੋਂ ਸੁਲਤਾਨਪੁਰ ਲੋਧੀ ਦੀ ਸੰਗਤ ਦੀ ਜਿੱਤ ਹੈ।
ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਹ ਵੀ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਇਲਾਕੇ ਦੇ ਵਿਕਾਸ, ਬੁਨਿਆਦੀ ਸੁਵਿਧਾਵਾਂ ਅਤੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹੋਰ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ, ਬਿਨਾਂ ਕਿਸੇ ਭੇਦਭਾਵ ਦੇ, ਸੁਲਤਾਨਪੁਰ ਲੋਧੀ ਨੂੰ ਵਿਕਾਸ ਦੀ ਰਾਹ ’ਤੇ ਅੱਗੇ ਵਧਾਇਆ ਜਾਵੇਗਾ।
ਚੋਣ ਨਤੀਜਿਆਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਵੋਟਰਾਂ ਨੇ ਰਵਾਇਤੀ ਪਾਰਟੀਆਂ ਦੀ ਥਾਂ ਸਥਾਨਕ ਨੇਤ੍ਰਿਤਵ ’ਤੇ ਭਰੋਸਾ ਜਤਾਇਆ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਇਲਾਕੇ ਦੀ ਸਿਆਸੀ ਦਿਸ਼ਾ ਅਤੇ ਤਾਕਤ ਦੇ ਸੰਤੁਲਨ ’ਤੇ ਡੂੰਘਾ ਅਸਰ ਪੈਣ ਦੀ ਸੰਭਾਵਨਾ ਹੈ।