ਸੰਗਰੂਰ - ਉੱਪਲੀ ਰੋਡ ਦੀ ਅਪਗਰੇਡੇਸ਼ਨ ਦਾ ਕੰਮ ਸ਼ੁਰੂ, ਨਰਿੰਦਰ ਭਰਾਜ ਨੇ ਰੱਖਿਆ ਨੀਂਹ ਪੱਥਰ
- 97 ਲੱਖ ਰੁਪਏ ਦੀ ਲਾਗਤ ਨਾਲ ਹੋਵੇਗੀ ਸੜਕ ਦੀ ਕਾਇਆ ਕਲਪ
- ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ: ਵਿਧਾਇਕਾ ਨਰਿੰਦਰ ਕੌਰ ਭਰਾਜ
ਦਲਜੀਤ ਕੌਰ
ਸੰਗਰੂਰ, 28 ਅਪ੍ਰੈਲ, 2025: ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਥਾਨਕ ਸੰਗਰੂਰ - ਉੱਪਲੀ ਰੋਡ ਦੀ ਅਪਗਰੇਡੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸਮੂਹ ਇਲਾਕਾ ਵਾਸੀਆਂ ਦੀ ਹਾਜ਼ਰੀ ਵਿੱਚ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਹ ਸੜਕ ਸ਼ਹਿਰ ਅਤੇ ਇਲਾਕੇ ਦੀ ਬਹੁਤ ਹੀ ਮਹੱਤਵਪੂਰਨ ਸੜਕ ਹੈ। ਪਿਛਲੀਆਂ ਸਰਕਾਰਾਂ ਵੱਲੋਂ ਇਸ ਸੜਕ ਦੀ ਬਿਲਕੁਲ ਵੀ ਸਾਰ ਨਹੀਂ ਲਈ ਗਈ। ਜਿਸ ਕਾਰਨ ਸਥਾਨਕ ਲੋਕਾਂ ਨੂੰ ਇਥੋਂ ਆਵਾਜਾਈ ਕਰਨ ਵਿੱਚ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਇਸ ਸੜਕ ਦੀ 97 ਲੱਖ ਰੁਪਏ ਦੀ ਲਾਗਤ ਨਾਲ ਪੂਰੀ ਤਰ੍ਹਾਂ ਕਾਇਆ ਕਲਪ ਕੀਤੀ ਜਾਵੇਗੀ। ਸੜਕ ਬਣਨ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੇਗੀ।
ਇਸ ਮੌਕੇ ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ ਹੈ। ਸੂਬੇ ਦਾ ਵਿਕਾਸ ਯੋਜਨਾਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਦਿੱਖ ਅਤੇ ਦਿਸ਼ਾ ਪੂਰੀ ਤਰ੍ਹਾਂ ਬਦਲ ਜਾਵੇਗੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦਾ ਵਿਕਾਸ ਵਿੱਚ ਯੋਗਦਾਨ ਪਾਉਣ।