ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਉਲੀਕੇ ਵੱਖ ਵੱਖ ਸੰਘਰਸ਼ੀ ਪ੍ਰੋਗਰਾਮ
ਅਸ਼ੋਕ ਵਰਮਾ
ਲੁਧਿਆਣਾ ,30 ਅਪ੍ਰੈਲ 2025: ਅੱਜ ਲੁਧਿਆਣਾ ਦੇ ਕਰਨੈਲ ਸਿੰਘ ਈਸੜੂ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਅੰਗਰੇਜ਼ ਸਿੰਘ ਭਦੌੜ, ਰੂਪ ਬਸੰਤ ਸਿੰਘ ਅਤੇ ਅਵਤਾਰ ਸਿੰਘ ਮੇਹਲੋਂ ਨੇ ਕੀਤੀ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਪ੍ਰਧਾਨਗੀ ਮੰਡਲ ਨੇ ਦੱਸਿਆ ਕਿ 4 ਮਈ ਨੂੰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਜਾਗਰੂਕਤਾ ਕਨਵੈਨਸ਼ਨ ਕੀਤੀ ਜਾ ਰਹੀ ਹੈ ਜਿਸ ਵਿੱਚ ਕਿਸਾਨਾਂ ਤੋਂ ਇਲਾਵਾ ਮਜ਼ਦੂਰ ਜਥੇਬੰਦੀਆਂ, ਵਪਾਰ ਮੰਡਲ , ਪੱਤਰਕਾਰ, ਟਰੱਕ ਯੂਨੀਅਨਾਂ, ਮੁਲਾਜ਼ਮਾਂ ਅਤੇ ਹੋਰ ਤਬਕਿਆਂ ਦੇ ਨੁਮਾਇੰਦੇ ਭਾਗ ਲੈਣਗੇ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਸੰਸਾਰ ਪੱਧਰ ਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਲਾਗੂ ਕਰਨ ਲਈ ਕੇਂਦਰ ਅਤੇ ਪੰਜਾਬ ਸਰਕਾਰ ਲੜਨ ਵਾਲੀਆਂ ਤਾਕਤਾਂ ਨੂੰ ਬਦਨਾਮ ਕਰਨ ਲਈ ਗਲਤ ਬਿਰਤਾਂਤ ਸਿਰਜ ਰਹੀ ਹੈ। ਇਸ ਕਨਵੈਨਸ਼ਨ ਵਿੱਚ ਸਾਰੇ ਤਬਕਿਆਂ ਦੇ ਨੁਮਾਇੰਦੇ ਇਸ ਗੱਲ ਤੇ ਵਿਚਾਰ ਚਰਚਾ ਕਰਨਗੇ ਕਿ ਨਵੀਆਂ ਨੀਤੀਆਂ ਕਿਸ ਤਰ੍ਹਾਂ ਕਾਰਪੋਰੇਟ ਪੱਖੀ ਅਤੇ ਲੋਕਾਂ ਲਈ ਤਬਾਹੀ ਦਾ ਕਾਰਨ ਹਨ। ਇਸ ਲਈ ਇਸ ਕਨਵੈਨਸ਼ਨ ਰਾਹੀਂ ਸਾਂਝੇ ਸੰਘਰਸ਼ ਲੜਨ ਦਾ ਹੋਕਾ ਦਿੱਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਮੁਕਤ ਵਪਾਰ ਸਮਝੌਤਾ ਅਤੇ ਜਲ ਸੋਧ ਐਕਟ ਵਰਗੇ ਕਾਨੂੰਨਾਂ ਨੂੰ ਲਾਗੂ ਕਰਨ ਲਈ ਲੋਕਾਂ ਤੇ ਜਬਰ ਢਾਹਿਆ ਜਾ ਰਿਹਾ ਹੈ। 5 ਮਾਰਚ ਨੂੰ ਚੰਡੀਗੜ੍ਹ ਜਾਣ ਵਾਲੇ ਕਿਸਾਨਾਂ ਤੇ ਜਬਰ, 19 ਮਾਰਚ ਨੂੰ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਜਬਰ,ਆਦਰਸ ਸਕੂਲ ਚਾਉਕੇ ਦੇ ਅਧਿਆਪਕਾਂ ਖਿਲਾਫ ਜਬਰ, ਅਖਾੜਾ ਗੈਸ ਫੈਕਟਰੀ ਮੋਰਚੇ ਤੇ ਹਮਲਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਆਗੂ ਨਿਰਭੈ ਸਿੰਘ ਤੇ ਹਮਲਾ ਇਸ ਦੀਆਂ ਉਦਾਹਰਨਾਂ ਹਨ। ਸੰਯੁਕਤ ਕਿਸਾਨ ਮੋਰਚਾ ਲੋਕਾਂ ਤੇ ਜਬਰ ਦੇ ਖਿਲਾਫ ਅਤੇ ਉਹਨਾਂ ਦੇ ਸੰਘਰਸ਼ ਕਰਨ ਦੇ ਬੁਨਿਆਦੀ ਹੱਕ ਦੀ ਰਾਖੀ ਲਈ 13 ਮਈ ਨੂੰ ਜਗਰਾਉਂ, ਬਠਿੰਡਾ ਅਤੇ ਸੰਗਰੂਰ ਵਿਖੇ ਜਬਰ ਵਿਰੋਧੀ ਧਰਨੇ ਅਤੇ ਮੁਜ਼ਾਹਰੇ ਕਰੇਗਾ ਜਿਸ ਦੀ ਵਿਉਂਤਬੰਦੀ ਕਰਨ ਲਈ 11 ਮਈ ਨੂੰ ਸਾਂਝੀਆਂ ਮੀਟਿੰਗਾਂ ਹੋਣਗੀਆਂ।
ਆਗੂਆਂ ਨੇ ਦੱਸਿਆ ਕਿ 20 ਮਈ ਨੂੰ ਸਾਰੇ ਦੇਸ਼ ਦੇ ਮਜ਼ਦੂਰ ਅੱਠ ਘੰਟੇ ਦੀ ਕੰਮ ਦਿਹਾੜੀ ਅਤੇ ਹੋਰ ਅਧਿਕਾਰਾਂ ਦੀ ਰਾਖੀ ਲਈ ਅਤੇ ਕਿਰਤ ਕਾਨੂੰਨਾਂ ਨੂੰ ਚਾਰ ਕੋਡਾਂ ਵਿੱਚ ਬਦਲਣ ਦੇ ਖਿਲਾਫ ਦੇਸ਼ ਵਿਆਪੀ ਹੜਤਾਲ ਕਰ ਰਹੇ ਹਨ ਜਿਸ ਦੀ ਸੰਯੁਕਤ ਕਿਸਾਨ ਮੋਰਚਾ ਪੂਰੀ ਤਾਕਤ ਨਾਲ ਹਮਾਇਤ ਕਰੇਗਾ।ਅੱਜ ਦੀ ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਸਰਵ ਸ਼੍ਰੀ ਜੋਗਿੰਦਰ ਸਿੰਘ ਉਗਰਾਹਾਂ , ਬਲਵੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ , ਰਮਿੰਦਰ ਸਿੰਘ ਪਟਿਆਲਾ, ਡਾਕਟਰ ਸਤਨਾਮ ਸਿੰਘ ਅਜਨਾਲਾ, ਬੂਟਾ ਸਿੰਘ ਬੁਰਜ ਗਿੱਲ, ਹਰਜਿੰਦਰ ਸਿੰਘ ਟਾਂਡਾ, ਕਮਲਪ੍ਰੀਤ ਸਿੰਘ ਪੰਨੂ, ਸੁਖਦੇਵ ਸਿੰਘ ਅਰਾਈਆਂਵਾਲਾ, ਗੁਰਮੀਤ ਸਿੰਘ ਮਹਿਮਾ, ਗੁਰਵਿੰਦਰ ਸਿੰਘ ਬੱਲੋਂ, ਜਸਕਰਨ ਸਿੰਘ ਅਤੇ ਝੰਡਾ ਸਿੰਘ ਜੇਠੂਕੇ ਹਾਜ਼ਰ ਸਨ।