ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟਰੇਟ ਵਲੋਂ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ
- ਹਥਿਆਰਾਂ ਜਾਂ ਹਿੰਸਾ ਨੂੰ ਹੁਲਾਰਾ ਦੇਣ ਵਾਲੇ ਗੀਤਾਂ ‘ਤੇ ਵੀ ਰਹੇਗੀ ਪਾਬੰਦੀ
- ਪ੍ਰੈਗਾਬਲਿਨ ਕੈਪਸੂਲ ਬਿਨ੍ਹਾਂ ਮਨਜੂਰੀ ਰੱਖਣ ਜਾਂ ਵੇਚਣ ‘ਤੇ ਹੋਵੇਗੀ ਕਾਰਵਾਈ
- ਪਿੰਡਾਂ ਦੇ ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ
- ਸੀਮਨ ਦੇ ਅਣ-ਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ ਤੇ ਵਿਕਰੀ ‘ਤੇ ਵੀ ਰੋਕ
ਹੁਸ਼ਿਆਰਪੁਰ, 12 ਮਾਰਚ 2025 - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ ਜਿਸ ਤਹਿਤ ਹਥਿਆਰ ਲੈ ਕੇ ਚੱਲਣ ਅਤੇ ਹਥਿਆਰਾਂ ਜਾਂ ਹਿੰਸਾ ਨੂੰ ਹੁਲਾਰਾ ਦੇਣ ਵਾਲੇ ਗੀਤ ਵਜਾਉਣ ‘ਤੇ ਪਾਬੰਦੀ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨ੍ਹਾਂ ਡਾਕਟਰ ਦੀ ਪਰਚੀ ਤੋਂ ਵੇਚਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਦੀ ਉਲੰਘਣਾਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ, ਮੈਰਿਜ ਪੈਲਸਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਨ੍ਹਾਂ ਹੁਕਮਾਂ ਦੀ ਉਲੰਘਣਾ ਦੀ ਸੂਰਤ ਵਿਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਮੈਰਿਜ ਪੈਲਸਾਂ ਦੇ ਮਾਲਕ ਇਹ ਯਕੀਨੀ ਬਣਾਉਣ ਕਿ ਕੋਈ ਵੀ ਵਿਅਕਤੀ ਮੈਰਿਜ ਪੈਲਸਾਂ ਵਿਚ ਫੰਕਸ਼ਨ ਸਮੇਂ ਹਥਿਆਰ ਦੀ ਵਰਤੋਂ ਨਹੀਂ ਕਰੇਗਾ। ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਭੈੜੇ ਅਨਸਰਾਂ ਵਲੋਂ ਕਿਸੇ ਘਟਨਾ ਨੂੰ ਅੰਜਾਮ ਨਾ ਦਿੱਤਾ ਜਾ ਸਕੇ। ਇਕ ਹੋਰ ਹੁਕਮ ਮੁਤਾਬਕ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ।
ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਿਅਕਤੀ / ਸਮਾਜਿਕ ਜਾਂ ਧਾਰਮਿਕ ਜਥੇਬੰਦੀ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿਚ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਪੂਰਨ ਪਾਬੰਦੀ ਰਹੇਗੀ। ਅਜਿਹਾ ਕਰਨ ਦੀ ਸੂਰਤ ਵਿਚ ਸਬੰਧਤ / ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਉਕਤ ਸਾਰੇ ਹੁਕਮ 7 ਮਈ 2025 ਤੱਕ ਲਾਗੂ ਰਹਿਣਗੇ।