ਜ਼ਿਲ੍ਹਾ ਪ੍ਰਸ਼ਾਸਨ ਨੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਸਰਕਾਰੀ ਸਕੂਲ ਵਿਖੇ ਵਿਸ਼ੇਸ਼ ਕੈਂਪ ਲਗਾਇਆ
- ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ
ਰੋਹਿਤ ਗੁਪਤਾ
ਦੀਨਾਨਗਰ/ਗੁਰਦਾਸਪੁਰ, 16 ਜਨਵਰੀ 2025 - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਆਮ ਲੋਕਾਂ ਨੂੰ ਸਰਕਾਰੀ ਸਕੀਮਾਂ/ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਉਪਲਬਧ ਕਰਵਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਵੱਖ-ਵੱਖ ਥਾਈਂ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਤਹਿਸੀਲ ਦੀਨਾਨਗਰ ਦੇ ਪਿੰਡ ਭਰਥ ਕਾਜੀ ਚੱਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਆਈ.ਏ.ਐੱਸ., ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਆਈ.ਏ.ਐੱਸ. ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਕੈਂਪ ਦੌਰਾਨ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਬਾਰੇ ਦੱਸਣ ਦੇ ਨਾਲ ਜਿਹੜੀਆਂ ਸੇਵਾਵਾਂ ਮੌਕੇ ਉੱਪਰ ਦਿੱਤੀਆਂ ਜਾ ਸਕਦੀ ਸਨ ਉਨ੍ਹਾਂ ਦਾ ਯੋਗ ਲਾਭਪਾਤਰੀਆਂ ਨੂੰ ਲਾਭ ਵੀ ਦਿੱਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਹਰਜਿੰਦਰ ਸਿੰਘ ਬੇਦੀ ਅਤੇ ਐੱਸ.ਡੀ.ਐੱਮ. ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਭਰਥ ਕਾਜੀ ਚੱਕ ਦੇ ਦੁਪਹਿਰ ਦੇ ਖਾਣੇ ਨੂੰ ਚੈੱਕ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਪਿੰਡ ਦੇ ਛੱਪੜ, ਸ਼ਮਸ਼ਾਨ ਘਾਟ ਅਤੇ ਹੋਰ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਪੂਰੇ ਜ਼ਿਲ੍ਹੇ ਵਿੱਚ ਸਰਕਾਰ ਤੁਹਾਡੇ ਪ੍ਰੋਗਰਾਮ ਤਹਿਤ ਕੈਂਪ ਲਗਾਏ ਜਾ ਰਹੇ ਅਤੇ ਕੈਂਪ ਲਗਾਉਣ ਦਾ ਇਹ ਸਿਲਸਲਾ ਅੱਗੇ ਵੀ ਜਾਰੀ ਰਹੇਗਾ।