ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਨੂੰ ਰੋਜ਼ਮੱਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ- ADC
*ਵਧੀਕ ਡਿਪਟੀ ਕਮਿਸ਼ਨਰ ਨੇ ਸੇਵਾ ਕੇਂਦਰ,ਫਰਦ ਕੇਂਦਰ,1076 ਹੈਲਪ ਲਾਈਨ ਦੇ ਕੰਮਕਾਜ਼ ਦਾ ਲਿਆ ਜਾਇਜਾ
* ਕਿਹਾ, ਸੇਵਾਵਾਂ ਪ੍ਰਦਾਨ ਕਰਨ ਵਿਚ ਬੇਲੋੜੀ ਦੇਰੀ ਅਤੇ ਖੱਜਲ –ਖੁਆਰੀ ਬਿਲਕੁਲ ਬਰਦਾਸ਼ਤ ਨਹੀਂ ਹੋਵੇਗੀ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 21 ਫਰਵਰੀ :2025
ਜ਼ਿਲ੍ਹਾ ਪ੍ਰਸਾਸ਼ਨ ਲੋਕਾਂ ਨੂੰ ਰੋਜ਼ਮੱਰਾ ਦੀਆਂ ਸੇਵਾਵਾਂ ਸਰਲ,ਪਾਰਦਰਸ਼ੀ ਤਰੀਕੇ ਨਾਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਫਰਦ ਕੇਂਦਰ ਤੇ ਸੇਵਾ ਕੇਂਦਰ ਅਤੇ ਤਹਿਸੀਲਾਂ ਵਿਖੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੇ ਜਾਣ ਅਤੇ ਕੰਮਕਾਜ ਸਬੰਧੀ ਗੱਲਬਾਤ ਕਰਦਿਆ ਕਿਹਾ ਕਿ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਲੋਕਾਂ ਨੂੰ ਜਨਤਕ ਸੇਵਾਵਾਂ ਅਸਾਨ ਤੇ ਸਰਲ ਤਰੀਕੇ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਤੇ ਰੋਜ਼ਮਰਾ ਦੀਆਂ ਸੇਵਾਵਾਂ ਪ੍ਰਦਾਨ ਕਰਨ ਵਿਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸੁਚੱਜਾ ਪ੍ਰਸ਼ਾਸ਼ਨ ਅਤੇ ਤਕਨੀਕੀ ਸੂਚਨਾਂ ਵਿਭਾਗ ਵੱਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ‘ਚ 09 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਤੋਂ ਕਰੀਬ 430 ਤਰ੍ਹਾਂ ਦੀਆਂ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਇਸੇ ਤਰ੍ਹਾਂ ਲੋਕ ਦੀ ਸੁਵਿਧਾ ਲਈ ਸਰਕਾਰੀ ਸੇਵਾਵਾਂ ਡੋਰ ਸਟੈੱਪ ਡਲਿਵਰੀ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਨਾਲ ਸਰਕਾਰ ਤੋਂ ਨਾਗਰਿਕ ਤੱਕ ਸੇਵਾਵਾਂ (ਗਵਰਮੈਂਟ-ਟੂ-ਸਿਟੀਜ਼ਨ) ਨਿਰਵਿਘਨ ਮੁਹੱਈਆ ਹੋਣਗੀਆਂ। ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂੰਹਾਂ ’ਤੇ ਸਾਰੀਆਂ 406 ਮਹੱਤਵਪੂਰਨ ਜੀ2ਸੀ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ,ਆਮਦਨ,ਰਿਹਾਇਸ਼,ਜਾਤੀ,ਪੈਨਸ਼ਨ,ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕੀਤੀ ਜਾ ਰਹੀ ਹੈ। ਨਾਗਰਿਕ ਸਮਰਪਿਤ ਹੈਲਪ ਲਾਈਨ ਨੰਬਰ 1076 ’ਤੇ ਕਾਲ ਕਰਕੇ ਆਪਣੀ ਇਸ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਬਿਨੈਕਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੈਲਪਲਾਇਨ ਉੱਪਰ ਸੰਪਰਕ ਕਰ ਸਕਦਾ ਹੈ। ਇਸ ਹੈਲਪਲਾਇਨ ਰਾਹੀਂ ਪੰਜਾਬ ਸਰਕਾਰ ਵਲੋਂ ਬਿਨੈਕਾਰ ਦੇ ਦਸਤਾਵੇਜ਼ ਵੀ ਘਰੋਂ ਪ੍ਰਾਪਤ ਕੀਤੇ ਜਾਂਦੇ ਹਨ ਅਤੇ ਮੰਗੀ ਗਈ ਸੇਵਾ ਪ੍ਰਦਾਨ ਵੀ ਘਰ ਜਾ ਕੇ ਕੀਤੀ ਜਾਂਦੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਵੀ ਕਿਹਾ ਕਿ ਉਹ ਆਪੋ ਆਪਣੇ ਅਧਿਕਾਰ ਖੇਤਰ ਵਿਚ ਚੱਲ ਰਹੇ ਸੇਵਾ ਕੇਂਦਰਾਂ, ਫਰਦ ਕੇਂਦਰਾਂ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਲਗਾਤਾਰ ਸਮੀਖਿਆ ਕਰਨ ਤਾਂ ਜੋ ਲੋਕਾਂ ਨੂੰ ਨਿਰਵਿਘਨ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।