ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਦੇ ਸਹਿਯੋਗ ਨਾਲ ਮਿੱਠੜਾ ਕਾਲਜ ਵਿਖੇ ਇੱਕ ਰੋਜ਼ਾ ਅੱਖਰਕਾਰੀ ਵਰਕਸ਼ਾਪ ਲਗਾਈ ਗਈ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ 18 ਮਾਰਚ 2025 - ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਵਲੋਂ ਉਪ ਕੁਲਪਤੀ ਪ੍ਰੋਫੈਸਰ ਡਾ. ਕਰਮਜੀਤ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ ਜਗਸੀਰ ਸਿੰਘ ਬਰਾੜ ਦੀ ਅਗਵਾਈ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵਿਖੇ ਪੰਜਾਬੀ ਵਿਭਾਗ ਵਲੋਂ ਪੰਜਾਬੀ ਭਾਸ਼ਾ ਦੀ ਅੱਖਰਕਾਰੀ ਨਾਲ ਸੰਬੰਧਿਤ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ 'ਤੇ ਜ਼ਿਲ੍ਹਾ ਭਾਸ਼ਾ ਅਫਸਰ ਸ਼੍ਰੀਮਤੀ ਜਸਪ੍ਰੀਤ ਕੌਰ, ਹੋਮਿਓਪੈਥੀ ਹੈਲਥ ਕੇਅਰ ਸੈਂਟਰ, ਆਰ. ਸੀ. ਐਫ ਤੋਂ ਡਾ. ਲਵਪ੍ਰੀਤ ਕੌਰ, ਅੱਖਰਕਾਰ ਕੁਲਵਿੰਦਰ ਸਿੰਘ ਤੇ ਸ਼੍ਰੀਮਤੀ ਮੁਨੱਜ਼ਾ ਇਰਸ਼ਾਦ ਅਤੇ ਡਾ. ਹਰਸਿਮਰਨ ਕੌਰ, ਸਹਾਇਕ ਪ੍ਰੋਫੈਸਰ ਪੰਜਾਬੀ, ਸ੍ਰੀ ਗੁਰੂ ਤੇਗ ਬਹਾਦਰ ਕਾਲਜ, ਸਠਿਆਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ। ਮੁੱਖ ਬੁਲਾਰੇ ਡਾ. ਹਰਸਿਮਰਨ ਕੌਰ ਨੇ 'ਇਲੈਕਟ੍ਰਾਨਿਕ ਮੀਡੀਆ ਅਤੇ ਪੰਜਾਬੀ ਭਾਸ਼ਾ' ਵਿਸ਼ੇ ਤੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਉਪਰੰਤ ਕੁਲਵਿੰਦਰ ਸਿੰਘ ਅਤੇ ਮੈਡਮ ਮੁਨੱਜ਼ਾ ਇਰਸ਼ਾਦ ਨੇ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਲਿਖਨ ਕਲਾ ਬਾਰੇ ਗੁਰ ਦਿੰਦੇ ਹੋਏ ਮਹੱਤਵਪੂਰਣ ਜਾਣਕਾਰੀ ਦਿੱਤੀ। ਇਸ ਮੌਕੇ 'ਤੇ ਕਾਲਜ ਵਿੱਚ ਜ਼ਿਲ੍ਹਾ ਭਾਸ਼ਾ ਦਫਤਰ, ਕਪੂਰਥਲਾ ਦੇ ਸਟਾਫ਼ ਵਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
ਇਸ ਵਰਕਸ਼ਾਪ ਦੇ ਅੰਤ ਵਿੱਚ ਸ਼੍ਰੀਮਤੀ ਜਸਪ੍ਰੀਤ ਕੌਰ, ਅਫ਼ਸਰ, ਜ਼ਿਲ੍ਹਾ ਭਾਸ਼ਾ ਦਫ਼ਤਰ, ਕਪੂਰਥਲਾ ਨੇ ਕਾਲਜ ਪ੍ਰਬੰਧਨ ਅਤੇ ਆਏ ਹੋਏ ਸਭ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ 'ਤੇ ਕਾਲਜ ਦੇ ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।