ਫ਼ਤਹਿਗੜ੍ਹ ਸਾਹਿਬ: ਨਸ਼ਿਆਂ ਦੇ ਖਾਤਮੇ ਲਈ ਪ੍ਰਸ਼ਾਸ਼ਨ ਦੇ ਨਾਲ ਆਮ ਲੋਕਾਂ ਨੂੰ ਵੀ ਨਿਭਾਉਣੀ ਪਵੇਗੀ ਮੋਹਰੀ ਭੂਮਿਕਾ - DC
ਦੀਦਾਰ ਗੁਰਨਾ
* ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਵਾਈਆਂ ਦੀਆਂ ਦੁਕਾਨਾਂ ਦੀ ਸਾਂਝੀ ਚੈਕਿੰਗ ਕਰਨ ਦੇ ਆਦੇਸ਼
* ਜ਼ਿਲ੍ਹੇ ਵਿੱਚ ਦਸੰਬਰ ਮਹੀਨੇ ਦੌਰਾਨ 153 ਚਲਾਨ ਕਰਕੇ ਲਗਭਗ 30 ਲੱਖ ਰੁਪਏ ਦਾ ਕੀਤਾ ਜੁਰਮਾਨਾ
ਫ਼ਤਹਿਗੜ੍ਹ ਸਾਹਿਬ, 21 ਜਨਵਰੀ: 2025 - ਨੌਜਵਾਨ ਪੀੜ੍ਹੀ ਅੰਦਰ ਨਸ਼ਿਆਂ ਦਾ ਰੁਝਾਨ ਸਾਡੇ ਸਭਨਾ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਣਤ ਤੋਂ ਛੁਟਕਾਰਾ ਦਿਵਾਉਣ ਲਈ ਜੇਕਰ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਇਸ ਦੇ ਹੋਰ ਵੀ ਖ਼ਤਰਨਾਕ ਨਤੀਜੇ ਸਾਹਮਣੇ ਆਉਣਗੇ। ਨਸ਼ਿਆਂ ਦੇ ਜੜੋਂ ਖਾਤਮੇ ਲਈ ਪ੍ਰਸ਼ਾਸ਼ਨ ਦੇ ਨਾਲ-ਨਾਲ ਆਮ ਲੋਕਾਂ ਨੂੰ ਮੋਹਰੀ ਭੂਮਿਕਾ ਨਿਭਾਉਣੀ ਪਵੇਗੀ ਤਾਂ ਜੋ ਨਸ਼ਿਆਂ ਦਾ ਖਾਤਮਾ ਕਰਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਸ਼ਿਆਂ ਦਾ ਖਾਤਮਾ ਕਰਨ ਅਤੇ ਸੜ੍ਹਕ ਸੁਰੱਖਿਆ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਕੈਮਿਸਟ ਦੁਕਾਨਾਂ ਦੀ ਸਾਂਝੇ ਤੌਰ ਤੇ ਡੁੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਜੇਕਰ ਕੋਈ ਵੀ ਵਿਅਕਤੀ ਨਸ਼ੇ ਵਜੋਂ ਵਰਤੀਆਂ ਜਾਣ ਵਾਲੀਆਂ ਦਵਾਈਆਂ ਵੇਚਦਾ ਪਾਇਆ ਜਾਵੇ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ।
ਡਾ: ਸੋਨਾ ਥਿੰਦ ਨੇ ਸੜ੍ਹਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਪੈਂਦੇ ਸਕੂਲਾਂ ਦੇ ਅੱਗੇ ਸਪੀਡ ਬਰੇਕਰ ਬਣਵਾ ਕੇ ਰਿਪੋਰਟ ਉਨ੍ਹਾਂ ਨੂੰ ਭੇਜੀ ਜਾਵੇ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਆਪੋ ਆਪਣੇ ਸਬ ਡਵੀਜ਼ਨ ਵਿੱਚ ਪੈਂਦੇ ਸਕੂਲਾਂ ਅੱਗੇ ਸਪੀਡ ਬਰੇਕਰ ਤੇ ਹੋਰ ਲੋੜੀਂਦੀਆਂ ਵਸਤਾਂ ਸਬੰਧੀ ਨਿੱਜੀ ਚੈਕਿੰਗ ਕਰਕੇ ਰਿਪੋਰਟ ਭੇਜੀ ਜਾਵੇ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ 18 ਸਾਲ ਤੋਂ ਘੱਟ ਉਮਰ ਦੇ ਦੋ ਪਹੀਆ ਵਾਹਨ ਲਿਆਉਣ ਵਾਲੇ ਸਕੂਲੀ ਵਿਦਿਆਰਥੀਆਂ ਦੀ ਲਗਾਤਾਰ ਚੈਕਿੰਗ ਕਰਕੇ ਮਾਪਿਆਂ ਨੂੰ ਬੁਲਾਇਆ ਜਾਵੇ ਤਾਂ ਜੋ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਹੁੰਦੇ ਸੜ੍ਹਕੀ ਹਾਦਸਿਆਂ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਖੇਤਰੀ ਟਰਾਂਸਪੋਰਟ ਦਫ਼ਤਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਸੜ੍ਹਕ ਸੁਰੱਖਿਆ ਮਾਂਹ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ ਜਾਵੇ।
ਮੀਟਿੰਗ ਦੌਰਾਨ ਖੇਤਰੀ ਟਰਾਂਸਪੋਰਟ ਅਫਸਰ ਪ੍ਰਦੀਪ ਸਿੰਘ ਢਿੱਲੋ ਨੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਦਸੰਬਰ ਮਹੀਨੇ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਸਬੰਧੀ ਜ਼ਿਲ੍ਹੇ ਵਿੱਚ 153 ਚਲਾਨ ਕੀਤੇ ਗਏ ਹਨ ਜਿਨ੍ਹਾਂ ਵਿੱਚ ਲਗਭਗ 30 ਲੱਖ ਰੁਪਏ ਦੇ ਜੁਰਮਾਨੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸੜ੍ਹਕ ਸੁਰੱਖਿਆ ਮਾਂਹ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਪੀ. (ਡੀ) ਰਾਕੇਸ਼ ਯਾਦਵ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਕੁਮਾਰ, ਐਸ.ਡੀ.ਐਮ. ਖਮਾਣੋਂ ਮਨਰੀਤ ਰਾਣਾ, ਐਸ.ਡੀ.ਐਮ. ਅਮਲੋਹ ਚੇਤਨ ਬੰਗੜ, ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਏ.ਡੀ.ਟੀ.ਓ. ਪ੍ਰਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।