‘ਯੁੱਧ ਨਸ਼ਿਆਂ ਵਿਰੁੱਧ’: 5974 ਨਸ਼ਾ ਤਸਕਰ ਗ੍ਰਿਫ਼ਤਾਰ; 243 ਕਿਲੋ ਹੈਰੋਇਨ, 6 ਕਰੋੜ ਰੁਪਏ ਡਰੱਗ ਮਨੀ ਬਰਾਮਦ
ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਗ੍ਰਿਫ਼ਤਾਰ; 3.7 ਕਿਲੋ ਹੈਰੋਇਨ, 6.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
* 75 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲਿਸ ਟੀਮਾਂ ਨੇ 429 ਸ਼ੱਕੀ ਵਿਅਕਤੀਆਂ ਦੀ ਕੀਤੀ ਜਾਂਚ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ, 14 ਅਪ੍ਰੈਲ 2025- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ 45 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 5974 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 3610 ਐਫ.ਆਈ.ਆਰ ਦਰਜ ਕੀਤੀਆਂ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਸੂਬੇ ਭਰ ਵਿੱਚ ਨਸ਼ਿਆਂ ਦੇ ਹੌਟਸਪੌਟਸ 'ਤੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ, ਨਾਈਟ ਡੌਮੀਨੇਸ਼ਨ ਆਪਰੇਸ਼ਨ ਅਤੇ ਛਾਪੇਮਾਰੀ ਸਮੇਤ ਵੱਖ-ਵੱਖ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਟੀਮਾਂ ਨੇ ਫੜ੍ਹੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ ਹੁਣ ਤੱਕ 243 ਕਿਲੋ ਹੈਰੋਇਨ, 109 ਕਿਲੋ ਅਫੀਮ, 75.5 ਕੁਇੰਟਲ ਭੁੱਕੀ, 6 ਕਿਲੋ ਚਰਸ, 63 ਕਿਲੋ ਗਾਂਜਾ, 2.2 ਕਿਲੋ ਆਈਸੀਈ, 1.2 ਕਿਲੋ ਕੋਕੀਨ, 9.50 ਲੱਖ ਨਸ਼ੇ ਦੀਆਂ ਗੋਲੀਆਂ ਅਤੇ 6.1 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਇਸ ਮੁਹਿੰਮ ਦੇ 45ਵੇਂ ਦੇ ਵੇਰਵੇ ਸਾਂਝੇ ਕਰਦਿਆ ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.7 ਕਿਲੋ ਹੈਰੋਇਨ ਅਤੇ 604200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 382 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 34 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 429 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ ਇੱਕ ਵਿਅਕਤੀ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦੇ ਇਲਾਜ ਲਈ ਰਾਜ਼ੀ ਕਰਨ ਵਿੱਚ ਸਫ਼ਲ ਰਹੀ।