‘ਯੁੱਧ ਨਸ਼ਿਆਂ ਵਿਰੁੱਧ’; ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਬਣਨਗੀਆਂ ਲਾਇਬ੍ਰੇਰੀਆਂ
- ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਜਲੰਧਰ, 17 ਅਪ੍ਰੈਲ 2025 - ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਿਥੇ ਕਰੋੜਾਂ ਰੁਪਏ ਦੀ ਲਾਗਤ ਨਾਲ ਨੌਜਵਾਨਾਂ ਲਈ ਖੇਡ ਮੈਦਾਨ ਬਣਾਕੇ ਸੂਬੇ ਵਿੱਚ ਖੇਡ ਸਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ, ਉਥੇ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਲਾਇਬ੍ਰੇਰੀਆਂ ਵੀ ਬਣਾਈਆਂ ਜਾ ਰਹੀਆਂ ਹਨ। ਬਾਬਾ ਸਾਹਿਬ ਡਾ.ਬੀ.ਆਰ.ਅੰਬੇਡਕਰ ਦੀ ਵਿਚਾਰਧਾਰਾ ’ਤੇ ਚੱਲਦਿਆਂ ਸੂਬਾ ਸਰਕਾਰ ਵਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਕੂਲਾਂ ਦੀ ਕਾਇਆ-ਕਲਪ ਕਰਨ ਤੋਂ ਇਲਾਵਾ ਲਾਇਬ੍ਰੇਰੀਆਂ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ।
ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਲਾਇਬ੍ਰੇਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਬੰਧਿਤ ਅਧਿਕਾਰੀਆਂ ਨਾਲ ਇਕ ਉਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਲਾਇਬ੍ਰੇਰੀਆਂ ਦੇ ਨਿਰਮਾਣ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਲਾਇਬ੍ਰੇਰੀਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿੱਚ 6 ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 2 ਕਰੋੜ 1 ਲੱਖ 24 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇਹ ਲਾਇਬ੍ਰੇਰੀਆਂ ਨੌਜਵਾਨਾਂ ਲਈ ਰਾਹ ਦਸੇਰਾ ਵਜੋਂ ਸਾਬਤ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਜਿਥੇ ਨੌਜਵਾਨਾਂ ਲਈ ਖੇਡ ਮੈਦਾਨ ਉਸਾਰਕੇ ਖੇਡ ਸਭਿਆਚਾਰ ਪੈਦਾ ਕੀਤਾ ਜਾ ਰਿਹਾ ਹੈ, ਉਥੇ ਨੌਜਵਾਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਲਾਇਬ੍ਰੇਰੀਆਂ ਬਣਾਉਣ ਦੀ ਪਹਿਲਕਦਮੀ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਸਤੀ ਦਾਨਿਸ਼ਮੰਦਾਂ, ਬਸਤੀ ਬਾਵਾ ਖੇਲ, ਚੁਗਿੱਟੀ, ਵਿਜੈ ਨਗਰ, ਮਿਊਂਸੀਪਲ ਕਮੇਟੀ ਨਕੋਦਰ ਅਤੇ ਮਿਊਂਸੀਪਲ ਕਮੇਟੀ ਬਿਲਗਾ ਵਿਖੇ 6 ਲਾਇਬ੍ਰੇਰੀਆਂ ਨਿਰਮਾਣ ਅਧੀਨ ਹਨ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਲਦੀ ਹੀ ਇਸ ਨੂੰ ਮੁਕੰਮਲ ਕੀਤਾ ਜਾਵੇ, ਤਾਂ ਜੋ ਨੌਜਵਾਨਾਂ ਨੂੰ ਇਹ ਲਾਇਬ੍ਰੇਰੀਆਂ ਸਮਰਪਿਤ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਲਈ ਫਰਨੀਚਰ ਸਮੇਤ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਸਮੇਂ ਸਿਰ ਯਕੀਨੀ ਬਣਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ੇ ਤੋਂ ਨਿਜ਼ਾਤ ਦਿਵਾ ਕੇ ਉਹਨਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਉਸਾਰੂ ਮਾਹੌਲ ਸਿਰਜਿਆ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਬੁੱਧੀ ਰਾਜ ਸਿੰਘ, ਐਸ.ਡੀ.ਐਮ. ਵਿਵੇਕ ਮੋਦੀ, ਉਪ ਅਰਥ ਤੇ ਅੰਕੜਾ ਸਲਾਹਕਾਰ ਅਰੁਣ ਮਹਾਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।