‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਰਵਾਇਆ ਨੁੱਕੜ ਨਾਟਕ "ਅਵੇਸਲੇ ਯੁੱਧਾਂ ਦੀ ਨਾਇਕਾ"
ਦਲਜੀਤ ਕੌਰ
ਸੰਗਰੂਰ, 28 ਅਪ੍ਰੈਲ, 2025: ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਯੋਗ ਅਗਵਾਈ ਹੇਠ ਅੱਜ ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਤਹਿਤ ਵਿਦਿਆਰਥੀਆਂ ਨੂੰ ਨਸ਼ਿਆਂ ਨੂੰ ਲਾਮਬੰਦ ਕਰਨ ਲਈ "ਅਵੇਸਲੇ ਯੁੱਧਾਂ ਦੀ ਨਾਇਕਾ" ਨਾਂ ਦਾ ਨੁੱਕੜ ਨਾਟਕ ਖੇਡਿਆ ਗਿਆ। ਇਸ ਜਾਗਰੂਕਤਾ ਸਮਾਗਮ ਵਿੱਚ ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਨੇ ਬਤੌਰ ਮੁੱਖ ਮਹਿਮਾਨ ਅਤੇ ਬੀ.ਡੀ.ਪੀ.ਓ. ਸੰਗਰੂਰ ਗੁਰਦਰਸ਼ਨ ਸਿੰਘ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ।
ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਧਿਆਨ ਦੇਣਾਂ ਚਾਹੀਦਾ ਹੈ ਤਾਂ ਕਿ ਨਸ਼ਿਆਂ ਵਰਗੀ ਅਲਾਮਤ ਵੱਲ ਧਿਆਨ ਹੀ ਨਾ ਜਾਵੇ। ਉਹਨਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਨਾਲ ਨਾਲ ਆਮ ਜਨਤਾ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ ਤਾਂ ਹੀ ਨਸ਼ਿਆਂ ਦੀ ਅਲਾਮਤ ਤੋਂ ਖਹਿੜਾ ਛੁਡਾਇਆ ਜਾ ਸਕਦਾ ਹੈ।
ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਹਰਦੀਪ ਸਿੰਘ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਕਾਲਜ ਵਿੱਚ ਇਹ ਸਮਾਗਮ ਕੀਤਾ ਜਾ ਰਿਹਾ ਹੈ। ਸਟੇਜ ਦਾ ਸੰਚਾਲਨ ਅਸਿਸਟੈਂਟ ਪ੍ਰੋਫ਼ੈਸਰ ਕੁਲਦੀਪ ਕੁਮਾਰ ਨੇ ਬਾਖ਼ੂਬੀ ਕੀਤਾ। ਉਹਨਾਂ ਕਿਹਾ ਕਿ ਇਸ ਕਾਲਜ ਦੇ ਐਂਟੀ ਡਰੱਗ ਕਾਉਂਸਿਲ ਅਤੇ ਬੱਡੀ ਪ੍ਰੋਗਰਾਮ ਦੇ ਨੋਡਲ ਅਫ਼ਸਰ ਅਸਿਸਟੈਂਟ ਪ੍ਰੋਫ਼ੈਸਰ ਰੁਪਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਮੇਂ ਸਮੇਂ ਤੇ ਵੱਖ ਵੱਖ ਗਤੀਵਿਧੀਆਂ ਜਿਵੇਂ ਸੈਮੀਨਾਰ, ਰੈਲੀ, ਵਰਕਸ਼ਾਪ, ਪੇਂਟਿੰਗ ਮੁਕਾਬਲੇ, ਭਾਸ਼ਣ ਮੁਕਾਬਲੇ ਆਦਿ ਕਰਵਾਏ ਜਾਂਦੇ ਹਨ। ਕਾਲਜ ਦੀ ਬੀ.ਬੀ.ਏ. ਭਾਗ ਦੂਜਾ ਦੀ ਵਿਦਿਆਰਥਣ ਰੰਜਨਪ੍ਰੀਤ ਕੋਰ ਨੇ ਵੀ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ।
ਇਸ ਤੋਂ ਬਾਅਦ ਕਾਲਜ ਦੇ ਆਡੀਟੋਰੀਅਮ ਵਿਖੇ ਅਲਮਸਤ ਥਿਏਟਰ ਗਰੁੱਪ, ਪਟਿਆਲਾ ਵੱਲੋਂ "ਅਵੇਸਲੇ ਯੁੱਧਾਂ ਦੀ ਨਾਇਕਾ" ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਇਸ ਨਾਟਕ ਵਿੱਚ ਰਾਜਸ਼੍ਰੀ, ਮਨੀਸ਼ਾ, ਸਤਿਗੁਰ ਸਿੰਘ, ਹਰਮਿੰਦਰ ਸਿੰਘ, ਗੀਤਾਕਸ਼ ਅਤੇ ਗੁਰਪ੍ਰਗਟ ਸਿੰਘ ਨੇ ਆਪਣੀ ਅਦਾਕਾਰੀ ਨਾਲ ਹਾਜ਼ਰੀਨ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ।
ਇਸ ਮੌਕੇ ਆਏ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਕਾਉਂਸਿਲ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਅਤੇ ਸਕੂਲਾਂ ਅਤੇ ਕਾਲਜ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।