2027 ਵਿਚ ਅਕਾਲੀ ਸਰਕਾਰ ਬਣਨ ’ਤੇ ਐਕਵਾਇਰ ਕੀਤੀ ਸਾਰੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਾਂਗੇ - ਸੁਖਬੀਰ ਬਾਦਲ
ਬਲਰਾਜ ਸਿੰਘ ਰਾਜਾ
- ਬਿਕਰਮ ਸਿੰਘ ਮਜੀਠੀਆ ਨੂੰ ਹੋਰ ਝੂਠੇ ਕੇਸਾਂ ’ਚ ਫਸਾਉਣ ਵਾਸਤੇ ਅਕਾਲੀ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੀਤੀ ਨਿਖੇਧੀ
ਬਾਬਾ ਬਕਾਲਾ ਸਾਹਿਬ : 9 ਅਗਸਤ 2025 - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਐਕਵਾਇਰ ਕੀਤੀ ਸਾਰੀ ਜ਼ਮੀਨ ਉਸੇ ਤਰੀਕੇ ਕਿਸਾਨਾਂ ਨੂੰ ਵਾਪਸ ਕੀਤੀ ਜਾਵੇਗੀ ਜਿਵੇਂ 2016 ਵਿਚ ਸਤਲੁਜ ਯਮੁਨਾ ਲਿੰਕ ਨਹਿਰ ਦੀ ਜ਼ਮੀਨ ਵਾਪਸ ਕੀਤੀ ਗਈ ਸੀ।
ਇਥੇ ਰੱਖੜ ਪੁੰਨਿਆ ’ਤੇ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਬਹੁਤ ਸਪਸ਼ਟ ਹਾਂ,ਅਸੀਂ ਆਪਣੀ ਜਾਨ ਕੁਰਬਾਨ ਕਰ ਸਕਦੇ ਹਾਂ ਪਰ ਅਸੀਂ ਜ਼ਬਰੀ ਕਿਸਾਨਾਂ ਤੋਂ ਇਕ ਇੰਚ ਵੀ ਜ਼ਮੀਨ ਐਕਵਾਇਰ ਨਹੀਂ ਕਰਨ ਦਿਆਂਗੇ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਸੀਂ 1 ਸਤੰਬਰ ਤੋਂ ਜ਼ਮੀਨ ਬਚਾਓ ਮੋਰਚਾ ਸ਼ੁਰੂ ਕਰਨ ਲੱਗੇ ਹਾਂ ਤੇ ਇਸ ਮੋਰਚੇ ਵਿਚ ਰੋਜ਼ਾਨਾ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਵੇਂ ਸ਼ੀਸ਼ ਮਹਿਲ ਤੱਕ ਮਾਰਚ ਕੱਢਿਆ ਜਾਵੇਗਾ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਅਹਿਮ ਪ੍ਰਾਜੈਕਟਾਂ ਵਾਸਤੇ ਜ਼ਮੀਨ ਐਕਵਾਇਰ ਲਈ ਢੁਕਵਾਂ ਮੁਆਵਜ਼ਾ ਦਿੰਦੀ ਸੀ ਜਦੋਂ ਕਿ ਇਸਦੇ ਉਲਟ ਅਰਵਿੰਦ ਕੇਜਰੀਵਾਲ ਬੇਸ਼ਕੀਮਤੀ ਉਪਜਾਊ ਜ਼ਮੀਨ ਚਿੱਲੜਾਂ ਦੇ ਭਾਅ ਹਥਿਆ ਕੇ ਦਿੱਲੀ ਦੇ ਬਿਲਡਰਾਂ ਨੂੰ ਦੇਣੀ ਚਾਹੁੰਦੇ ਹਨ ਜਿਸ ਵਾਸਤੇ ਉਹਨਾਂ 30 ਹਜ਼ਾਰ ਕਰੋੜ ਰੁਪਏ ਵਿਚ ਸੌਦਾ ਕੀਤਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀ 65,000 ਏਕੜ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਪਹਿਲਾਂ ਹੀ ਰਜਿਸਟਰੀਆਂ ਕਰਵਾਉਣ ਅਤੇ ਚੇਂਜ ਆਫ ਲੈਂਡ ਯੂਜ਼਼ (ਸੀ ਐਲ ਯੂ) ਕਰਵਾਉਣ ਵਿਚ ਮੁਸ਼ਕਿਲਾਂ ਦਰਪੇਸ਼ ਹਨ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਡਟਿਆ ਹੈ। ਉਹਨਾਂ ਕਿਹਾ ਕਿ ਇਕ ਵਾਰ 2027 ਵਿਚ ਅਸੀਂ ਸਰਕਾਰ ਬਣਾ ਲਈ ਤਾਂ ਬਾਹਰਲਿਆਂ ਦੇ ਪੰਜਾਬ ਵਿਚ ਜ਼ਮੀਨ ਖਰੀਦਣ ’ਤੇ ਪਾਬੰਦੀ ਲਗਾਵਾਂਗੇ। ਅਸੀਂ ਇਹ ਵੀ ਯਕੀਨੀ ਬਣਾਵਾਂਗੇ ਕਿ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਹੀ ਮਿਲਣ ਅਤੇ ਨਿੱਜੀ ਕੰਪਨੀਆਂ ਲਈ ਵੀ ਨਵੀਂ ਭਰਤੀ ਵਿਚ 80 ਫੀਸਦੀ ਪੰਜਾਬੀ ਮੁਲਾਜ਼ਮ ਰੱਖਣੇ ਲਾਜ਼ਮੀ ਕਰਾਂਗੇ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਆਟਾ ਦਾਲ ਤੇ ਸ਼ਗਨ ਸਕੀਮ ਮੁੜ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਬੁਢਾਪਾ ਪੈਨਸ਼ਨ ਵਿਚ ਵਾਧਾ ਕੀਤਾ ਜਾਵੇਗਾ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਖਿਲਾਫ ਕੂੜ ਪ੍ਰਚਾਰ ਦੀ ਮੁਹਿੰਮ ਕਾਰਨ 2017 ਵਿਚ ਪਾਰਟੀ ਦੀ ਹਾਰ ਹੋਈ ਸੀ। ਉਹਨਾਂ ਕਿਹਾ ਕਿ ਆਪ ਅਤੇ ਕਾਂਗਰਸ ਨੇ ਰਲ ਕੇ ਅਕਾਲੀ ਦਲ ਨੂੰ ਬਦਨਾਮ ਕੀਤਾ। ਉਹਨਾਂ ਕਿਹਾ ਕਿ ਹੁਣ ਠੋਸ ਸਬੂਤ ਸਾਹਮਣੇ ਆ ਗਏ ਹਨ ਕਿ ਆਪ ਨੇ ਹੀ 2016 ਦੀ ਮਾਲੇਰਕੋਟਲਾ ਕੁਰਾਨ ਸ਼ਰੀਫ ਦੀ ਬੇਅਦਬੀ ਕਰਵਾਈ ਜਿਸ ਵਾਸਤੇ 2024 ਵਿਚ ਉਸਦੇ ਵਿਧਾਇਕ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਉਹਨਾਂ ਕਿਹਾ ਕਿ ਜੇਕਰ ਹੋਰ ਬੇਅਦਬੀ ਕੇਸਾਂ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਤਾਂ ਸਾਹਮਣੇ ਆਵੇਗਾ ਕਿ ਇਹਨਾਂ ਘਟਨਾਵਾਂ ਵਿਚ ਵੀ ਆਪ ਦਾ ਹੱਥ ਸੀ।
ਸਰਦਾਰ ਬਾਦਲ ਨੇ ਸਰਦਾਰ ਬਿਕਰਮ ਸਿੰਘ ਮਜੀਠੀਆ ਖਿਲਾਫ ਝੂਠਾ ਕੇਸ ਦਰਜ ਕਰ ਕੇ ਉਹਨਾਂ ਦੀ ਆਵਾਜ਼ ਦਬਾਉਣ ਦੇ ਯਤਨ ਕਰਨ ਲਈ ਆਪ ਸਰਕਾਰ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਮਜੀਠੀਆ ਖਿਲਾਫ ਦਰਜ ਐਨ ਡੀ ਪੀ ਐਸ ਕੇਸ ਵਿਚ ਚਲਾਨ ਪੇਸ਼ ਕਰਨ ਵਿਚ ਨਾਕਾਮ ਰਹੀ ਹੈ ਤੇ ਹੁਣ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਇਕ ਹੋਰ ਝੂਠਾ ਕੇਸ ਦਰਜ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਰਦਾਰ ਮਜੀਠੀਆ ਨੂੰ ਹੋਰ ਝੂਠੇ ਕੇਸਾਂ ਵਿਚ ਫਸਾਉਣ ਵਾਸਤੇ ਪੁਲਿਸ ਅਕਾਲੀ ਦਲ ਦੇ ਵਰਕਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਪੰਥ ਅਤੇ ਇਸਦੀਆਂ ਧਾਰਮਿਕ ਸੰਸਥਾਵਾਂ ’ਤੇ ਹਰ ਪਾਸੋਂ ਹਮਲੇ ਕੀਤੇ ਜਾ ਰਹੇ ਹਨ ਕਿਉਂਕਿ ਅਕਾਲੀ ਦਲ ਇਸ ਵੇਲੇ ਲੋਕਤੰਤਰੀ ਤੌਰ ’ਤੇ ਕਮਜ਼ੋਰ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੰਥਕ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਉਸ ਕਾਂਗਰਸ ਪਾਰਟੀ ਨੂੰ ਨਕਾਰਨ ਜਿਸਨੇ ਟੈਂਕਾਂ ਤੇ ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਅਤੇ ਆਪ ਨੂੰ ਵੀ ਨਕਾਰਨ ਜਿਸਨੇ ਪੰਜਾਬ ਦੇ ਖ਼ਜ਼ਾਨੇ ਦੀ ਲੁੱਟ ਕੀਤੀ। ਸਰਦਾਰ ਬਾਦਲ ਨੇ ਕਿਹਾ ਕਿ ਸਿਰਫ ਅਕਾਲੀ ਦਲ ਹੀ ਸੂਬੇ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਗੁਲਜ਼ਾਰ ਸਿੰਘ ਰਣੀਕੇ, ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਲਖਬੀਰ ਸਿੰਘ ਲੋਧੀਨੰਗਲ, ਵੀਰ ਸਿੰਘ ਲੋਪੋਕੇ, ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੇੜਾ, ਬਲਜੀਤ ਸਿੰਘ ਜਲਾਲਉਸਮਾ, ਸਤਿੰਦਰ ਸਿੰਘ ਛੱਜਲਵੱਡੀ, ਰਾਜਵਿੰਦਰ ਸਿੰਘ ਰਾਜਾ ਲਾਦੇਹ, ਅਲਵਿੰਦਰਪਾਲ ਸਿੰਘ ਪੱਖੋਕੇ, ਜੋਧ ਸਿੰਘ ਸਮਰਾ, ਇਕਬਾਲ ਸਿੰਘ ਸੰਧੂ,ਨਰਿੰਦਰ ਕੁਮਾਰ ਬਹਿਲ, ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਇਕਬਾਲ ਸਿੰਘ ਮਾਹਲ, ਗੌਰਵ ਵਲਟੋਹਾ ਅਤੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਵੀ ਸੰਬੋਧਨ ਕੀਤਾ।